ਸਿੱਧੂ ਮੂਸੇਵਾਲਾ ਦੇ ਕਰੀਬੀ ਸਾਥੀ ਪ੍ਰਗਟ ਸਿੰਘ ਦੇ ਘਰ ‘ਤੇ ਗੋਲੀਬਾਰੀ ਕਰਨ ਅਤੇ 30 ਲੱਖ ਰੁਪਏ ਦੀ ਫਿਰੌਤੀ ਮੰਗਣ ਦੇ ਦੋਸ਼ ਵਿੱਚ ਮਾਨਸਾ ਪੁਲਿਸ ਨੇ ਹਿਮਾਚਲ ਪ੍ਰਦੇਸ਼ ਦੇ ਡਲਹੌਜ਼ੀ ਤੋਂ 4 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਨ੍ਹਾਂ ਦੀ ਪਛਾਣ ਗੁਰਦਾਸਪੁਰ ਦੇ ਸ਼ੂਟਰ ਅੰਮ੍ਰਿਤ ਪਾਲ ਸਿੰਘ, ਸੁਖਬੀਰ ਉਰਫ਼ ਸੰਨੀ, ਜਸ਼ਨਪ੍ਰੀਤ ਸਿੰਘ ਅਤੇ ਨੂਰਪ੍ਰੀਤ ਵਜੋਂ ਹੋਈ ਹੈ। ਸਿਟੀ-2 ਥਾਣੇ ਦੀ ਪੁਲਿਸ ਨੇ ਇਨ੍ਹਾਂ ਨੂੰ ਅਦਾਲਤ ਤੋਂ 4 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਲੈ ਲਿਆ ਹੈ।
ਦੱਸ ਦੇਈਏ ਕਿ 3 ਫਰਵਰੀ ਦੀ ਦੇਰ ਰਾਤ ਨੂੰ ਦੋ ਮੋਟਰਸਾਈਕਲ ਸਵਾਰਾਂ ਨੇ ਮਾਨਸਾ ਦੀ ਪ੍ਰੋਫੈਸਰ ਕਲੋਨੀ ਦੇ ਰਹਿਣ ਵਾਲੇ ਸਿੱਧੂ ਮੂਸੇਵਾਲਾ ਨੇੜੇ ਪ੍ਰਗਟ ਸਿੰਘ ਦੇ ਘਰ ਦੇ ਗੇਟ ‘ਤੇ ਗੋਲੀਆਂ ਚਲਾ ਫਰਾਰ ਹੋ ਸੀ, ਜਿਸ ਤੋਂ ਬਾਅਦ ਵਿਦੇਸ਼ੀ ਨੰਬਰਾਂ ਤੋਂ ਵਟਸਐਪ ‘ਤੇ 30 ਲੱਖ ਰੁਪਏ ਦੀ ਫਿਰੌਤੀ ਮੰਗੀ ਗਈ ਸੀ ਅਤੇ ਫਿਰੌਤੀ ਨਾ ਦੇਣ ‘ਤੇ ਜਾਨ ਤੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਗਈਆਂ ਸਨ। ਇਸ ਸਬੰਧੀ ਥਾਣਾ ਸਿਟੀ-2 ਮਾਨਸਾ ਦੀ ਪੁਲਿਸ ਨੇ ਪ੍ਰਗਟ ਸਿੰਘ ਦੇ ਭਰਾ ਦੀ ਸ਼ਿਕਾਇਤ ‘ਤੇ 7 ਲੋਕਾਂ ਖਿਲਾਫ਼ ਮਾਮਲਾ ਦਰਜ ਕੀਤਾ ਸੀ।
ਇਸ ਮਾਮਲੇ ਵਿੱਚ ਪੁਲਿਸ ਨੇ ਫਿਰੋਜ਼ਪੁਰ ਜੇਲ੍ਹ ਤੋਂ ਪ੍ਰੋਡਕਸ਼ਨ ਵਾਰੰਟ ‘ਤੇ ਜੱਸੀ ਪੇਂਚਰ ਤੋਂ ਇਲਾਵਾ ਕਮਲ ਮੱਦੀ ਅਤੇ ਪ੍ਰਭਜੋਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ। ਦੱਸ ਦੇਈਏ ਕਿ ਪਰਿਵਾਰ ਨੇ ਫਿਰੌਤੀ ਮੰਗਣ ਅਤੇ ਜਾਨੋਂ ਮਾਰਨ ਦੀ ਧਮਕੀ ਦੇਣ ਦੀ ਸ਼ਿਕਾਇਤ ਐਸਐਸਪੀ ਨੂੰ ਕੀਤੀ ਸੀ। ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ ਬੈਠੇ ਜਸ਼ਨ ਇੰਗਲੈਂਡ ਅਤੇ ਹੁਸਨ ਕੈਨੇਡਾ ਦੇ ਨਿਰਦੇਸ਼ਾਂ ‘ਤੇ, ਸ਼ੂਟਰ ਅੰਮ੍ਰਿਤ ਪਾਲ ਸਿੰਘ ਅਤੇ ਉਸਦੇ ਸਾਥੀਆਂ ਨੇ ਇਸ ਵਾਰਦਾਤ ਨੂੰ ਅੰਜਾਮ ਦਿੱਤਾ ਅਤੇ ਪ੍ਰਗਟ ਸਿੰਘ ਤੋਂ 30 ਲੱਖ ਰੁਪਏ ਦੀ ਫਿਰੌਤੀ ਮੰਗੀ। ਹਾਲਾਂਕਿ, ਪੁਲਿਸ ਇਸ ਮਾਮਲੇ ਵਿੱਚ ਕੁਝ ਵੀ ਕਹਿਣ ਨੂੰ ਤਿਆਰ ਨਹੀਂ ਹੈ।