ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ ‘ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ…ਸਿੱਖ ਕੌਮ ਕਦੇ ਵੀ ਭੁੱਲ ਨਹੀਂ

0
4549
ਸ੍ਰੀ ਹਰਿਮੰਦਰ ਸਾਹਿਬ ਤੇ ਅਕਾਲ ਤਖ਼ਤ ਸਾਹਿਬ 'ਤੇ ਟੈਂਕਾਂ ਤੇ ਤੋਪਾਂ ਨਾਲ ਹਮਲਾ...ਸਿੱਖ ਕੌਮ ਕਦੇ ਵੀ ਭੁੱਲ ਨਹੀਂ

 

Operation Blue Star: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਅੱਜ ਤੋਂ ਸ਼ੁਰੂ ਹੋਏ ਜੂਨ 1984 ਘੱਲੂਘਾਰੇ ਦੇ ਸ਼ਹੀਦੀ ਹਫ਼ਤੇ ਸਬੰਧੀ ਸਮੁੱਚੀ ਸਿੱਖ ਕੌਮ ਨੂੰ ਅਪੀਲ ਕੀਤੀ ਹੈ ਕਿ ਇਹ ਦਿਹਾੜੇ ਪੰਥਕ ਇਕਜੁੱਟਤਾ ਦੀ ਭਾਵਨਾ ਨਾਲ ਸ਼ਹੀਦਾਂ ਨੂੰ ਸਤਿਕਾਰ ਭੇਟ ਕਰਨ ਲਈ ਮਨਾਏ ਜਾਣ। ਜਥੇਦਾਰ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਤਾਕੀਦ ਕੀਤੀ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰੂ ਘਰਾਂ ਅੰਦਰ ਵਿਸ਼ੇਸ਼ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ ਤੇ ਜੇਕਰ ਸਮੇਂ ਦੀ ਘਾਟ ਹੋਵੇ ਤਾਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਜਾਣ।

ਉਨ੍ਹਾਂ ਕਿਹਾ ਕਿ ਜੂਨ 1984 ਵਿੱਚ ਜਦੋਂ ਸਿੱਖ ਸੰਗਤ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਨੂੰ ਮਨਾਉਣ ਲਈ ਇਕੱਤਰ ਹੋਈ ਸੀ ਤਾਂ ਕੇਂਦਰ ਦੀ ਕਾਂਗਰਸ ਸਰਕਾਰ ਵੱਲੋਂ ਸ੍ਰੀ ਹਰਿਮੰਦਰ ਸਾਹਿਬ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਉੱਤੇ ਟੈਂਕਾਂ, ਤੋਪਾਂ ਤੇ ਗੋਲੀਆਂ ਨਾਲ ਹਮਲਾ ਕੀਤਾ ਗਿਆ ਸੀ, ਜਿਸ ਵਿੱਚ ਦਮਦਮੀ ਟਕਸਾਲ ਦੇ 14ਵੇਂ ਮੁਖੀ ਸੰਤ ਗਿਆਨੀ ਜਰਨੈਲ ਸਿੰਘ ਖ਼ਾਲਸਾ ਭਿੰਡਰਾਂਵਾਲੇ, ਸਿੱਖ ਸਟੂਡੈਂਟ ਫੈਡਰੇਸ਼ਨ ਦੇ ਪ੍ਰਧਾਨ ਭਾਈ ਅਮਰੀਕ ਸਿੰਘ, ਬਾਬਾ ਠਾਰਾ ਸਿੰਘ ਤੇ ਜਨਰਲ ਸ਼ਬੇਗ ਸਿੰਘ ਸਮੇਤ ਸੈਂਕੜੇ ਸਿੱਖ ਸ਼ਹੀਦੀਆਂ ਪ੍ਰਾਪਤ ਕਰ ਗਏ ਸਨ। ਇਸ ਦੌਰਾਨ ਪੰਜਾਬ ਦੇ ਕਈ ਹੋਰ ਗੁਰਦੁਆਰਾ ਸਾਹਿਬਾਨ ਨੂੰ ਵੀ ਨਿਸ਼ਾਨਾ ਬਣਾਇਆ ਗਿਆ।

ਜਥੇਦਾਰ ਗੜਗੱਜ ਨੇ ਕਿਹਾ ਕਿ ਜੂਨ 1984 ਦਾ ਫੌਜੀ ਹਮਲਾ ਸਿੱਖ ਕੌਮ ਕਦੇ ਵੀ ਭੁੱਲ ਨਹੀਂ ਸਕਦੀ ਤੇ ਹਰ ਸਾਲ ਜੂਨ ਦਾ ਪਹਿਲਾ ਹਫ਼ਤਾ ਕੌਮ ਲਈ ਬਹੁਤ ਹੀ ਭਾਵਨਾਤਮਕ ਤੇ ਵਿਰਾਗਮਈ ਹੁੰਦਾ ਹੈ। ਉਨ੍ਹਾਂ ਕਿਹਾ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ 1 ਤੋਂ 6 ਜੂਨ ਤੱਕ ਵਿਸ਼ਵ ਭਰ ਵਿੱਚ ਵੱਸਦੀ ਸਿੱਖ ਕੌਮ ਵੱਲੋਂ ਵਿਸ਼ੇਸ਼ ਗੁਰਮਤਿ ਸਮਾਗਮ, ਲੈਕਚਰ ਤੇ ਸੈਮੀਨਾਰ ਕਰਵਾਏ ਜਾਣ ਤੇ ਸ਼ਹੀਦਾਂ ਨੂੰ ਯਾਦ ਕਰਦਿਆਂ ਸੱਚੀ ਸ਼ਰਧਾਂਜਲੀ ਭੇਟ ਕਰਨ ਲਈ ਇਨ੍ਹਾਂ ਸ਼ਹੀਦਾਂ ਦੇ ਜੀਵਨਾਂ ਉੱਤੇ ਵੱਧ ਤੋਂ ਵੱਧ ਰਿਸਰਚ ਕਰਕੇ ਦਸਤਾਵੇਜ਼ ਤੇ ਪੁਸਤਕਾਂ ਪ੍ਰਕਾਸ਼ਿਤ ਕੀਤੀਆਂ ਜਾਣ ਤਾਂ ਜੋ ਆਉਣ ਵਾਲੀ ਪੀੜ੍ਹੀ ਲਈ ਇਹ ਇਤਿਹਾਸ ਸਾਂਭਿਆ ਜਾ ਸਕੇ।

ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦਾ ਇਤਿਹਾਸ ਜੱਥੇਬੰਦਕ ਢੰਗ ਨਾਲ ਪੰਜਾਬੀ ਤੇ ਅੰਗਰੇਜ਼ੀ ਭਾਸ਼ਾਵਾਂ ਵਿੱਚ ਵੱਡੇ ਪੱਧਰ ਉੱਪਰ ਪ੍ਰਕਾਸ਼ਿਤ ਕਰਕੇ ਸਮੁੱਚੇ ਵਿਸ਼ਵ ਦੇ ਸਾਹਮਣੇ ਲਿਆਂਦਾ ਜਾਵੇ। ਜਥੇਦਾਰ ਨੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਨੂੰ ਤਾਕੀਦ ਕੀਤੀ ਕਿ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਵਿੱਚ ਗੁਰੂ ਘਰਾਂ ਅੰਦਰ ਵਿਸ਼ੇਸ਼ ਸ੍ਰੀ ਅਖੰਡ ਪਾਠ ਸਾਹਿਬ ਕਰਵਾਏ ਜਾਣ ਅਤੇ ਜੇਕਰ ਸਮੇਂ ਦੀ ਘਾਟ ਹੋਵੇ ਤਾਂ ਸ੍ਰੀ ਸੁਖਮਨੀ ਸਾਹਿਬ ਦੇ ਜਾਪ ਕੀਤੇ ਜਾਣ।

 

LEAVE A REPLY

Please enter your comment!
Please enter your name here