‘ਆਪ’ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਪੰਚਾਇਤੀ ਚੋਣਾਂ ਸਬੰਧੀ ਪਟੀਸ਼ਨ ਖਾਰਜ ਕਰਨ ਦੇ ਫੈਸਲੇ ਦਾ ਸਵਾਗਤ ਕਰਦਿਆਂ ਹਾਈ ਕੋਰਟ ਦਾ ਧੰਨਵਾਦ ਕੀਤਾ ਹੈ।
ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ ਰਾਹੀਂ ਹਾਈਕੋਰਟ ਦਾ ਧੰਨਵਾਦ ਕਰਦਿਆਂ ਕਿਹਾ ਕਿ ਪੰਚਾਇਤੀ ਚੋਣਾਂ ਦਾ ਰਾਹ ਹੁਣ ਪੂਰੀ ਤਰ੍ਹਾਂ ਸਾਫ ਹੋ ਗਿਆ ਹੈ। ਪੰਜਾਬ ਵਿੱਚ ਪੰਚਾਇਤੀ ਚੋਣਾਂ 15 ਅਕਤੂਬਰ ਨੂੰ ਹੋਣਗੀਆਂ।ਉਨ੍ਹਾਂ ਸਮੂਹ ਪੰਜਾਬੀਆਂ ਨੂੰ ਆਪਸੀ ਭਾਈਚਾਰਕ ਸਾਂਝ ਨੂੰ ਕਾਇਮ ਰੱਖਦੇ ਹੋਏ ਵੋਟ ਪਾਉਣ ਅਤੇ ਆਪਣੇ ਪਿੰਡਾਂ ਵਿੱਚੋਂ ਚੰਗੇ ਨੁਮਾਇੰਦੇ ਚੁਣਨ ਦੀ ਅਪੀਲ ਕੀਤੀ ਜੋ ਪਿੰਡ ਦੇ ਵਿਕਾਸ ਵਿੱਚ ਯੋਗਦਾਨ ਪਾ ਸਕਣ। ਉਨ੍ਹਾਂ ਪੰਚਾਇਤੀ ਚੋਣਾਂ ਲਈ ਸਾਰੇ ਸਰਪੰਚ ਅਤੇ ਪੰਚ ਉਮੀਦਵਾਰਾਂ ਨੂੰ ਸ਼ੁੱਭਕਾਮਨਾਵਾਂ ਵੀ ਦਿੱਤੀਆਂ!
‘ਆਪ’ ਆਗੂ ਅਤੇ ਸੀਨੀਅਰ ਬੁਲਾਰੇ ਨੀਲ ਗਰਗ ਨੇ ਕਿਹਾ ਕਿ ਹਾਈ ਕੋਰਟ ਦਾ ਫੈਸਲਾ ਵਿਰੋਧੀ ਪਾਰਟੀਆਂ ਦੇ ਕੂੜ ਪ੍ਰਚਾਰ ਦੇ ਮੂੰਹ ’ਤੇ ਕਰਾਰੀ ਚਪੇੜ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠਾ ਬਿਰਤਾਂਤ ਫੈਲਾਇਆ ਅਤੇ ਸਾਡੇ ‘ਤੇ ਬੇਬੁਨਿਆਦ ਦੋਸ਼ ਲਾਏ। ਉਨ੍ਹਾਂ ਕਿਹਾ ਕਿ ਕਾਂਗਰਸ ‘ਦਬਾਅ ਦੀ ਰਾਜਨੀਤੀ’ ਖੇਡ ਰਹੀ ਹੈ, ਪਰ ਹਾਈ ਕੋਰਟ ਨੇ ਇਸ ਨੂੰ ਰੱਦ ਕਰ ਦਿੱਤਾ। ਹੁਣ ਪੰਜਾਬ ਦੇ ਲੋਕ ਕਾਂਗਰਸ ਨੂੰ ਵੀ ਨਕਾਰ ਦੇਣਗੇ।
ਗਰਗ ਨੇ ਕਿਹਾ ਕਿ ਸਾਰੀਆਂ ਪਟੀਸ਼ਨਾਂ ਰਾਜਨੀਤੀ ਤੋਂ ਪ੍ਰੇਰਿਤ ਸਨ ਅਤੇ ਉਨ੍ਹਾਂ ਦਾ ਉਦੇਸ਼ ਆਮ ਆਦਮੀ ਪਾਰਟੀ ਅਤੇ ਸਾਡੀ ਸਰਕਾਰ ਨੂੰ ਬਦਨਾਮ ਕਰਨਾ ਸੀ ਪਰ ਹਾਈ ਕੋਰਟ ਨੇ ਉਨ੍ਹਾਂ ਨੂੰ ਸਬਕ ਸਿਖਾਇਆ ਹੈ।