ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ, ਸ਼ਹੀਦੀ ਨਗਰ ਕੀਰਤਨ ਕਲਕੱਤੇ ਤੋਂ ਆਸਨਸੋਲ ਲਈ ਰਵਾਨਾ

0
2093
ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ, ਸ਼ਹੀਦੀ ਨਗਰ ਕੀਰਤਨ ਕਲਕੱਤੇ ਤੋਂ ਆਸਨਸੋਲ ਲਈ ਰਵਾਨਾ

ਸ੍ਰੀ ਗੁਰੂ ਤੇਗ ਬਹਾਦਰ ਸਾਹਿਬ: ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਸ਼ਹੀਦੀ ਸਾਕੇ ਦੀ 350 ਸਾਲਾ ਸ਼ਤਾਬਦੀ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਧੋਬੜੀ ਸਾਹਿਬ ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ (Shaheedi Nagar Kirtan) ਅੱਜ ਗੁਰਦੁਆਰਾ ਸਾਹਿਬ ਡਨਲੌਪ ਕਲਕੱਤਾ ਤੋਂ ਆਸਨਸੋਲ ਲਈ ਰਵਾਨਾ ਹੋਇਆ। ਰਵਾਨਗੀ ਤੋਂ ਪਹਿਲਾਂ ਸਜਾਏ ਧਾਰਮਿਕ ਦੀਵਾਨ ਵਿਚ ਹਜ਼ੂਰੀ ਰਾਗੀ ਜਥਿਆਂ ਨੇ ਗੁਰਬਾਣੀ ਕੀਰਤਨ ਕੀਤਾ। ਸਮਾਗਮ ਦੌਰਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਬਲਵਿੰਦਰ ਸਿੰਘ ਨੇ ਸੰਗਤਾਂ ਨਾਲ ਗੁਰੂ ਸਾਹਿਬ ਦੇ ਜੀਵਨ ਇਤਿਹਾਸ ਦੀ ਸਾਂਝ ਪਾਈ। ਰਵਾਨਗੀ ਤੋਂ ਪਹਿਲਾਂ ਪੰਜ ਪਿਆਰੇ ਸਾਹਿਬਾਨ, ਨਿਸ਼ਾਨਚੀ ਸਿੰਘਾਂ ਅਤੇ ਪ੍ਰਮੁੱਖ ਸ਼ਖ਼ਸੀਅਤਾਂ ਨੂੰ ਪ੍ਰਬੰਧਕਾਂ ਵੱਲੋਂ ਸਿਰੋਪਾਓ ਦਿੱਤੇ ਗਏ।

ਅੱਜ ਇਹ ਨਗਰ ਕੀਰਤਨ ਗੁਰਦੁਆਰਾ ਸਾਹਿਬ ਡਨਲੌਪ ਕਲਕੱਤਾ ਤੋਂ ਆਰੰਭ ਹੋ ਕੇ ਵਰਧਮਾਨ, ਅੰਛਾਲ, ਰਾਣੀਗੰਜ, ਦੁਰਗਾਪੁਰ ਤੋਂ ਹੁੰਦਾ ਹੋਇਆ ਆਸਨਸੋਲ ਪੁੱਜਾ। ਰਸਤੇ ਵਿਚ ਵੱਖ-ਵੱਖ ਪੜਾਵਾਂ ਤੇ ਸੰਗਤਾਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਨਗਰ ਕੀਰਤਨ ਦਾ ਵਰਧਮਾਨ ਸ਼ਹਿਰ ਪਹੁੰਚਣ ਤੇ ਸਰਕਾਰ ਵੱਲੋਂ ਵਿਧਾਇਕ ਸ੍ਰੀ ਖੋਕਨਦਾਸ ਨੇ ਸਵਾਗਤ ਕਰਦਿਆਂ ਗੁਰੂ ਸਾਹਿਬ ਪ੍ਰਤੀ ਸਤਿਕਾਰ ਭੇਟ ਕੀਤਾ। ਵੱਖ-ਵੱਖ ਸਕੂਲਾਂ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਵੀ ਨਗਰ ਕੀਰਤਨ ਵਿਚ ਹਾਜ਼ਰੀ ਭਰ ਕੇ ਗੁਰੂ ਸਾਹਿਬ ਪ੍ਰਤੀ ਸ਼ਰਧਾ ਪ੍ਰਗਟਾਈ।

ਸ਼੍ਰੋਮਣੀ ਕਮੇਟੀ ਵੱਲੋਂ ਨਗਰ ਕੀਰਤਨ ਦੌਰਾਨ ਵਿਸ਼ੇਸ ਬੱਸ ਰਾਹੀਂ ਜਿਥੇ ਸੰਗਤਾਂ ਨੂੰ ਗੁਰੂ ਸਾਹਿਬਾਨ ਦੇ ਇਤਿਹਾਸਕ ਸ਼ਸਤਰਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ, ਉਥੇ ਹੀ ਵੱਡਅਕਾਰੀ ਸਕਰੀਨਾਂ ’ਤੇ ਗੁਰੂ ਸਾਹਿਬ ਨਾਲ ਸੰਬੰਧਿਤ ਪਾਵਨ ਅਸਥਾਨਾਂ ਅਤੇ ਇਤਿਹਾਸ ਬਾਰੇ ਦਿਖਾਈਆਂ ਜਾ ਰਹੀਆਂ ਦਸਤਾਵੇਜ਼ੀ ਵੀਡੀਓ ਵੀ ਸੰਗਤਾਂ ਲਈ ਖਿੱਚ ਦਾ ਕੇਂਦਰ ਹਨ।

ਇਹ ਨਗਰ ਕੀਰਤਨ ਅੱਜ ਰਾਤ ਆਸਨਸੋਲ ਰੁਕੇਗਾ, ਜਿਥੋਂ 26 ਅਗਸਤ ਨੂੰ ਅਗਲੇ ਪੜਾਅ ਟਾਟਾ ਨਗਰ ਲਈ ਰਵਾਨਾ ਹੋਵੇਗਾ।

ਇਸ ਮੌਕੇ ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਸ. ਸੁਰਜੀਤ ਸਿੰਘ ਭਿੱਟੇਵਡ, ਭਾਈ ਅਜੈਬ ਸਿੰਘ ਅਭਿਆਸੀ, ਸ. ਜਗਸੀਰ ਸਿੰਘ ਮਾਂਗੇਆਣਾ, ਵਧੀਕ ਸਕੱਤਰ ਸ. ਬਿਜੈ ਸਿੰਘ, ਮੀਤ ਸਕੱਤਰ ਸ. ਬਲਵਿੰਦਰ ਸਿੰਘ ਖੈਰਾਬਾਦ, ਸ. ਰਾਮ ਸਿੰਘ ਰਾਠੌਰ ਮੁੰਬਈ, ਡਾ. ਸਤਨਾਮ ਸਿੰਘ ਆਹਲੂਵਾਲੀਆ, ਇੰਚਾਰਜ ਸ. ਦਵਿੰਦਰ ਸਿੰਘ ਖੁਸ਼ੀਪੁਰ, ਮੈਨੇਜਰ ਸ. ਸਤਿੰਦਰ ਸਿੰਘ, ਭਾਈ ਜਗਦੇਵ ਸਿੰਘ, ਸਥਾਨਕ ਗੁਰਦੁਆਰਾ ਸਾਹਿਬ ਦੇ ਪ੍ਰਬੰਧਕ ਭਾਈ ਰਣਜੀਤ ਸਿੰਘ, ਭਾਈ ਜਤਿੰਦਰ ਸਿੰਘ ਚਾਹਲ, ਭਾਈ ਇੰਦਰਜੀਤ ਸਿੰਘ ਸੇਖੋਂ, ਭਾਈ ਬਲਵੰਤ ਸਿੰਘ ਸੇਖੋਂ, ਭਾਈ ਇੰਦਰਪ੍ਰੀਤ ਸਿੰਘ, ਭਾਈ ਗੁਰਮੀਤ ਸਿੰਘ ਸਮੇਤ ਸੰਗਤਾਂ ਹਾਜ਼ਰ ਸਨ।

 

LEAVE A REPLY

Please enter your comment!
Please enter your name here