ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਤੋਂ ਵਿਧਾਇਕ ਚੌਧਰੀ ਮਦਨ ਲਾਲ ਬੱਗਾ ਵਲੋਂ ਵਾਰਡ ਨੰਬਰ 84 ਅਧੀਨ ਆਰਿਆ ਮੁਹੱਲਾ ਵਿਖੇ ਪਾਣੀ, ਸੀਵਰੇਜ ਅਤੇ ਸੜਕ ਨਿਰਮਾਣ ਕਾਰਜ਼ਾਂ ਦੇ ਪ੍ਰੋਜੈਕਟ ਦੀ ਸ਼ੁਰੂਆਤ ਕੀਤੀ। ਇਸ ਮੌਕੇ ਪ੍ਰਮੁੱਖ ਸਖ਼ਸ਼ੀਅਤਾਂ ਵਿੱਚ ਮਾਤਾ ਵਿਪਨਪ੍ਰੀਤ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ ਅਤੇ ‘ਆਪ’ ਟੀਮ ਵੀ ਮੌਜੂਦ ਸੀ।
ਵਿਧਾਇਕ ਬੱਗਾ ਨੇ ਦੱਸਿਆ ਕਿ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਪਾਣੀ/ਸੀਵਰ ਪਾਈਪ ਲਾਈਨ ਅਤੇ ਸੜਕਾਂ ਦੀ ਉਸਾਰੀ ਕੀਤੀ ਜਾਵੇਗੀ ਅਤੇ ਅਧਿਕਾਰੀਆਂ ਨੂੰ ਇਸ ਕੰਮ ਨੂੰ ਤੇਜ਼ੀ ਨਾਲ ਨੇਪਰੇ ਚਾੜ੍ਹਨ ਦੇ ਵੀ ਨਿਰਦੇਸ਼ ਦਿੱਤੇ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਉਹ ਇੱਥੇ ਕੰਮ ਕਰਨ ਵਾਲੀ ਏਜੰਸੀ ਦੇ ਕੰਮਕਾਜ ਤੇ ਤਿੱਖੀ ਨਜ਼ਰ ਰੱਖਣ ਤਾਂ ਜੋ ਕੰਮ ਦੀ ਗੁਣਵੱਤਾ ਦੇ ਮਿਆਰ ਵਿੱਚ ਕਮੀ ਨਾ ਆਵੇ।
ਉਨ੍ਹਾਂ ਕਿਹਾ ਕਿ ਨਗਰ ਨਿਗਮ ਲੁਧਿਆਣਾ ਵੱਲੋਂ ਸ਼ਹਿਰ ਦੇ ਸਰਬਪੱਖੀ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਉਲੀਕੇ ਗਏ ਹਨ ਅਤੇ ਸ਼ਹਿਰ ਵਾਸੀਆਂ ਨੂੰ ਲਾਭ ਪਹੁੰਚਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਸ਼ਹਿਰ ਦੇ ਸਰਵਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਸੂਬਾ ਸਰਕਾਰ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ ਪੂਰਾ ਕੀਤਾ ਜਾਵੇਗਾ।