ਲੋਕ ਸਭਾ ਚੋਣਾਂ 2024: ਦੇਸ਼ ਵਿਚ ਲੋਕ ਸਭਾ ਚੋਣਾਂ ਦੇ ਐਲਾਨ ਤੋਂ ਬਾਅਦ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਨੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ-ਕਮ-ਜ਼ਿਲ੍ਹਾ ਚੋਣ ਅਧਿਕਾਰੀਆਂ ਨਾਲ ਵੀਡਿਓ ਕਾਨਫਰੰਸਿੰਗ ਜ਼ਰੀਏ ਮੀਟਿੰਗ ਕੀਤੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਹਦਾਇਤ ਕੀਤੀ ਕਿ ਉਹ ਆਦਰਸ਼ ਚੋਣ ਜ਼ਾਬਤੇ (ਐਮਸੀਸੀ) ਦੇ ਦਿਸ਼ਾ-ਨਿਰਦੇਸ਼ਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਨੂੰ ਯਕੀਨੀ ਬਣਾਉਣ ਤਾਂ ਜੋ ਸੁਤੰਤਰ ਅਤੇ ਨਿਰਪੱਖ ਚੋਣਾਂ ਨੂੰ ਯਕੀਨੀ ਬਣਾਇਆ ਜਾ ਸਕੇ।
ਸਿਬਿਨ ਸੀ ਨੇ ਅਧਿਕਾਰੀਆਂ ਨੂੰ ਐਮਸੀਸੀ ਟੀਮਾਂ ਨੂੰ ਸਰਗਰਮ ਰਹਿਣ ਅਤੇ ਜਨਤਕ ਤੇ ਨਿੱਜੀ ਸਥਾਨਾਂ ‘ਤੇ ਸਾਰੀਆਂ ਉਲੰਘਣਾਵਾਂ ਨੂੰ ਤੁਰੰਤ ਹਟਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਸੀ-ਵਿਜੀਲ ਐਪ ‘ਤੇ ਅਧਿਕਾਰੀਆਂ ਨੂੰ ਸ਼ਿਕਾਇਤਾਂ ‘ਤੇ ਕਾਰਵਾਈ ਕਰਨ ਲਈ 100 ਮਿੰਟ ਦੇ ਸਮੇਂ ਦੀ ਪਾਲਣਾ ਨੂੰ ਯਕੀਨੀ ਬਣਾਉਣ ਲਈ ਵੀ ਕਿਹਾ। ਸੀ-ਵਿਜੀਲ ਖਾਸ ਤੌਰ ‘ਤੇ ਇੱਕ ਮੋਬਾਈਲ ਐਪਲੀਕੇਸ਼ਨ ਹੈ ਜੋ ਭਾਰਤੀ ਚੋਣ ਕਮਿਸ਼ਨ ਦੁਆਰਾ ਬਣਾਈ ਗਈ ਹੈ ਤਾਂ ਜੋ ਨਾਗਰਿਕਾਂ ਨੂੰ ਚੋਣਾਂ ਦੌਰਾਨ ਆਦਰਸ਼ ਚੋਣ ਜ਼ਾਬਤੇ ਦੀਆਂ ਉਲੰਘਣਾਵਾਂ ਦੀ ਰਿਪੋਰਟ ਕਰਨ ਦੇ ਸਮਰੱਥ ਬਣਾਇਆ ਜਾ ਸਕੇ।
ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਜ਼ਿਲ੍ਹਿਆਂ ਵਿੱਚ ਚੱਲ ਰਹੇ ਕੰਮਾਂ ਦੀ ਸੂਚੀ ਬਣਾ ਕੇ ਰੱਖਣ ਅਤੇ ਸਾਰੇ ਵਿਭਾਗਾਂ ਜਿਵੇਂ ਕਿ ਲੋਕ ਨਿਰਮਾਣ ਵਿਭਾਗ, ਸਥਾਨਕ ਸਰਕਾਰਾਂ ਵਿਭਾਗ, ਹਾਊਸਿੰਗ ਅਤੇ ਸ਼ਹਿਰੀ ਵਿਕਾਸ ਵਿਭਾਗ ਅਤੇ ਸਿੰਚਾਈ ਵਿਭਾਗ ਆਦਿ ਦੇ ਮੁਖੀਆਂ ਤੋਂ ਚੱਲ ਰਹੇ ਕੰਮਾਂ ਦੀ ਤਸਦੀਕ ਕਰਵਾਉਣ ਅਤੇ ਇਹ ਯਕੀਨੀ ਬਣਾਉਣ ਕਿ ਚੋਣ ਕਮਿਸ਼ਨ ਦੀ ਮਨਜ਼ੂਰੀ ਤੋਂ ਬਿਨਾਂ ਕਿਸੇ ਜ਼ਿਲ੍ਹੇ ਵਿੱਚ ਕੋਈ ਹੋਰ ਵਿਕਾਸ ਕੰਮ ਸ਼ੁਰੂ ਨਾ ਕੀਤਾ ਜਾਵੇ।
ਉਨ੍ਹਾਂ ਅਧਿਕਾਰੀਆਂ ਨੂੰ ਇਹ ਨਿਰਦੇਸ਼ ਵੀ ਦਿੱਤਾ ਕਿ ਇਹ ਯਕੀਨੀ ਬਣਾਇਆ ਜਾਵੇ ਕਿ ਸੁਵਿਧਾ ਪੋਰਟਲ ਸੁਚਾਰੂ ਢੰਗ ਨਾਲ ਕੰਮ ਕਰ ਰਿਹਾ ਹੋਵੇ ਅਤੇ ਇਜਾਜ਼ਤਾਂ ਸਮੇਂ ਸਿਰ ਅਤੇ ਬਿਨਾਂ ਪੱਖਪਾਤ ਦੇ ਦਿੱਤੀਆਂ ਜਾਣ। ਸੁਵਿਧਾ ਪੋਰਟਲ ਦਾ ਉਦੇਸ਼ ਵੱਖ-ਵੱਖ ਚੋਣ-ਸਬੰਧਤ ਗਤੀਵਿਧੀਆਂ ਨੂੰ ਚਲਾਉਣ ਲਈ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਦੁਆਰਾ ਇਜਾਜ਼ਤਾਂ ਲਈ ਅਰਜ਼ੀ ਦੇਣ ਦੀ ਪ੍ਰਕਿਰਿਆ ਨੂੰ ਆਸਾਨ ਬਣਾਉਣਾ ਹੈ।
ਸਿਬਿਨ ਸੀ ਨੇ ਅਧਿਕਾਰੀਆਂ ਨੂੰ ਸਾਰੀਆਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗਾਂ ਕਰਨ ਅਤੇ ਐਮਸੀਸੀ ਦੇ ਦਿਸ਼ਾ-ਨਿਰਦੇਸ਼ਾਂ ਬਾਰੇ ਜਾਣੂ ਕਰਵਾਉਣ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਸਕੂਲ ਦੇ ਮੈਦਾਨਾਂ ਨੂੰ ਸਿਆਸੀ ਮੀਟਿੰਗਾਂ ਕਰਨ ਲਈ ਨਹੀਂ ਵਰਤਿਆ ਜਾ ਸਕਦਾ।
ਮੀਟਿੰਗ ਦੌਰਾਨ ਵਧੀਕ ਮੁੱਖ ਚੋਣ ਅਧਿਕਾਰੀ ਹਰੀਸ਼ ਨੱਈਅਰ , ਜੁਆਇੰਟ ਮੁੱਖ ਚੋਣ ਅਧਿਕਾਰੀ ਸਕੱਤਰ ਸਿੰਘ ਬੱਲ ਅਤੇ ਮੁੱਖ ਚੋਣ ਅਧਿਕਾਰੀ ਦੇ ਦਫ਼ਤਰ ਦੇ ਹੋਰ ਅਧਿਕਾਰੀ ਹਾਜ਼ਰ ਸਨ।
[…] Previous articleLok Sabha Elections 2024: Chief Electoral Officer meeting with Deputy Commissioners-cum-District Ele… […]