Punjab Panchayat Election 2024 : ਸੂਬਾ ਸਰਕਾਰ ਨੇ ਪੰਜਾਬ ਪੰਚਾਇਤੀ ਰਾਜ ਨਿਯਮ-1991 ਵਿੱਚ ਸੋਧ ਕਰਨ ਦੀ ਤਿਆਰੀ ਕਰ ਲਈ ਹੈ। ਤਾਂ ਜੋ ਪੰਚਾਇਤੀ ਚੋਣਾਂ ਵਿੱਚ ਕੋਈ ਵੀ ਉਮੀਦਵਾਰ ਪਾਰਟੀ ਦੇ ਚੋਣ ਨਿਸ਼ਾਨ ’ਤੇ ਚੋਣ ਨਾ ਲੜ ਸਕੇ।
ਜੇਕਰ ਯੋਜਨਾ ਅੱਗੇ ਵਧਦੀ ਹੈ ਤਾਂ ਆਉਣ ਵਾਲੀਆਂ ਪੰਚਾਇਤੀ ਰਾਜ ਚੋਣਾਂ ਵਿੱਚ ਕੋਈ ਵੀ ਪਾਰਟੀ ਆਪਣੇ ਚੋਣ ਨਿਸ਼ਾਨ ’ਤੇ ਚੋਣ ਨਹੀਂ ਲੜ ਸਕੇਗੀ। ਜਾਣਕਾਰੀ ਅਨੁਸਾਰ ਅਗਲੀ ਕੈਬਨਿਟ ਮੀਟਿੰਗ ਵਿੱਚ ਇਸ ਏਜੰਡੇ ਨੂੰ ਲਿਆਉਣ ਦੀਆਂ ਤਿਆਰੀਆਂ ਕੀਤੀਆਂ ਜਾ ਰਹੀਆਂ ਹਨ।
ਦੱਸਿਆ ਜਾ ਰਿਹਾ ਹੈ ਕਿ ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਹਾਲ ਹੀ ਵਿੱਚ ਸੀਨੀਅਰ ਅਧਿਕਾਰੀਆਂ ਨਾਲ ਗੱਲਬਾਤ ਕੀਤੀ ਹੈ। ਪਿੰਡਾਂ ਵਿੱਚ ਸਿਆਸੀ ਧੜੇਬੰਦੀ ਨੂੰ ਘੱਟ ਕਰਨ ਅਤੇ ਅੜਿੱਕਿਆਂ ਨੂੰ ਦੂਰ ਕਰਨ ਲਈ ਪੰਚਾਇਤੀ ਚੋਣਾਂ ਵਿੱਚੋਂ ਪਾਰਟੀ ਚੋਣ ਨਿਸ਼ਾਨਾਂ ਨੂੰ ਬਾਹਰ ਕਰਨ ਦੀ ਯੋਜਨਾ ਬਣਾਈ ਗਈ ਹੈ।
ਪੰਜਾਬ ਸਰਕਾਰ ਪਿਛਲੇ ਇੱਕ ਹਫ਼ਤੇ ਤੋਂ ਇਸ ਦਿਸ਼ਾ ਵਿੱਚ ਕਦਮ ਚੁੱਕ ਰਹੀ ਹੈ। ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਨੇ ਚਾਰ ਦਿਨ ਪਹਿਲਾਂ ਆਪਣਾ ਪੱਖ ਪੇਸ਼ ਕਰਦਿਆਂ ਕਿਹਾ ਹੈ ਕਿ ਪੰਜਾਬ ਪੰਚਾਇਤੀ ਰਾਜ ਨਿਯਮ 1994 ਦੀ ਧਾਰਾ 12 ਅਨੁਸਾਰ ਪੰਚਾਇਤੀ ਚੋਣਾਂ ਪਾਰਟੀ ਦੇ ਚੋਣ ਨਿਸ਼ਾਨ ’ਤੇ ਨਾ ਹੋਣ ਦੀ ਚਰਚਾ ਕੀਤੀ ਗਈ ਸੀ।
ਜਾਣਕਾਰੀ ਅਨੁਸਾਰ ਪੰਜਾਬ ਵਿਧਾਨ ਸਭਾ ਦਾ ਮਾਨਸੂਨ ਸੈਸ਼ਨ ਸਤੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋ ਸਕਦਾ ਹੈ, ਜਿਸ ਵਿੱਚ ਪੰਜਾਬ ਪੰਚਾਇਤੀ ਰਾਜ ਨਿਯਮਾਂ ਦੀ ਧਾਰਾ 12 ਵਿੱਚ ਸੋਧ ਲਈ ਰੱਖਿਆ ਜਾ ਸਕਦਾ ਹੈ।
ਸੂਤਰਾਂ ਮੁਤਾਬਕ ਸਰਕਾਰ ਝੋਨੇ ਦਾ ਸੀਜ਼ਨ ਸ਼ੁਰੂ ਹੋਣ ਤੋਂ ਪਹਿਲਾਂ ਪੰਚਾਇਤੀ ਚੋਣਾਂ ਕਰਵਾਉਣ ਦੀ ਤਿਆਰੀ ਕਰ ਰਹੀ ਹੈ। ਇਸ ਸੰਦਰਭ ਵਿੱਚ ਸਤੰਬਰ ਦੇ ਆਖਰੀ ਹਫ਼ਤੇ ਪੰਚਾਇਤੀ ਚੋਣਾਂ ਕਰਵਾਈਆਂ ਜਾ ਸਕਦੀਆਂ ਹਨ। ਪੰਜਾਬ ਵਿੱਚ 13241 ਪੰਚਾਇਤਾਂ ਹਨ।