ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ ਨੇ ਅੱਜ ਫਿਰੋਜ਼ਪੁਰ ਛਾਉਣੀ ਦੇ ਕੰਟੋਨਮੈਂਟ ਬੋਰਡ ਸਟੇਡੀਅਮ ਵਿਖੇ ਕੌਮੀ ਝੰਡਾ ਲਹਿਰਾਇਆ। ਉਨ੍ਹਾਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਪੰਜਾਬ ਪੁਲੀਸ, ਪੰਜਾਬ ਪੁਲੀਸ ਮਹਿਲਾ ਵਿੰਗ, ਪੰਜਾਬ ਹੋਮ ਗਾਰਡਜ਼, ਐਨ.ਸੀ.ਸੀ., ਸਕਾਊਟਸ ਅਤੇ ਗਾਈਡਜ਼ ਦੀ ਟੁਕੜੀ ਸਮੇਤ ਪਰੇਡ ਦਾ ਨਿਰੀਖਣ ਕੀਤਾ।
ਭੁੱਲਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਸਾਡੇ ਦੇਸ਼ ਨੇ ਅਣਗਿਣਤ ਸ਼ਹੀਦਾਂ ਅਤੇ ਆਜ਼ਾਦੀ ਘੁਲਾਟੀਆਂ ਦੀਆਂ ਬੇਮਿਸਾਲ ਕੁਰਬਾਨੀਆਂ ਅਤੇ ਸੰਘਰਸ਼ਾਂ ਰਾਹੀਂ ਆਜ਼ਾਦੀ ਪ੍ਰਾਪਤ ਕੀਤੀ ਹੈ। ਅਸੀਂ ਇਨ੍ਹਾਂ ਬਹਾਦਰ ਰੂਹਾਂ ਅਤੇ ਉਨ੍ਹਾਂ ਸਾਰਿਆਂ ਨੂੰ ਸ਼ਰਧਾਂਜਲੀ ਭੇਟ ਕਰ ਰਹੇ ਹਾਂ ਜਿਨ੍ਹਾਂ ਨੇ ਵੱਖ-ਵੱਖ ਆਜ਼ਾਦੀ ਅੰਦੋਲਨਾਂ ਵਿੱਚ ਹਿੱਸਾ ਲਿਆ।
ਉਨ੍ਹਾਂ ਕਿਹਾ ਕਿ ਲੋਕਾਂ ਦੇ ਭਰਵੇਂ ਸਹਿਯੋਗ ਨਾਲ ਬਣੀ ਪੰਜਾਬ ਸਰਕਾਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਸੂਬੇ ਦੀ ਬਹੁਪੱਖੀ ਤਰੱਕੀ ਦੀ ਅਗਵਾਈ ਕਰ ਰਹੀ ਹੈ। ਸਰਕਾਰ ਨੇ ਭ੍ਰਿਸ਼ਟਾਚਾਰ ਨਾਲ ਨਜਿੱਠਣ, ਨਸ਼ਿਆਂ ਦੇ ਖਾਤਮੇ, “ਫਰਿਸ਼ਤੇ” ਸਕੀਮ ਨੂੰ ਲਾਗੂ ਕਰਨ ਅਤੇ ਮੁਫਤ ਬਿਜਲੀ ਮੁਹੱਈਆ ਕਰਵਾਉਣ ਲਈ ਇਤਿਹਾਸਕ ਫੈਸਲੇ ਲਏ ਹਨ ਅਤੇ ਇਨ੍ਹਾਂ ਸਕੀਮਾਂ ਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ।
ਭੁੱਲਰ ਨੇ ਕਿਹਾ ਕਿ ਪੰਜਾਬ ਦੀ ਧਰਤੀ ਸ਼ਹੀਦਾਂ ਦੀਆਂ ਕੁਰਬਾਨੀਆਂ ਨਾਲ ਭਰੀ ਹੋਈ ਹੈ, ਫਿਰੋਜ਼ਪੁਰ ਜ਼ਿਲ੍ਹੇ ਨੂੰ ਸ਼ਹੀਦਾਂ ਦੀ ਧਰਤੀ ਅਤੇ ਸਾਡੇ ਮਹਾਨ ਦੇਸ਼ ਭਗਤਾਂ ਦੀਆਂ ਗਤੀਵਿਧੀਆਂ ਦਾ ਕੇਂਦਰ-ਪੰਚ ਵਜੋਂ ਸਨਮਾਨਿਤ ਕੀਤਾ ਗਿਆ ਹੈ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਸਿੱਖਿਆ, ਸਿਹਤ ਸੰਭਾਲ, ਕਿਸਾਨਾਂ, ਮਜ਼ਦੂਰਾਂ, ਵਪਾਰੀਆਂ ਆਦਿ ਸਮੇਤ ਸਮਾਜ ਦੇ ਹਰ ਵਰਗ ਦੀ ਤਰੱਕੀ ਲਈ ਵੱਡੀਆਂ ਪਹਿਲਕਦਮੀਆਂ ਸ਼ੁਰੂ ਕੀਤੀਆਂ ਹਨ।