ਹਰਿਆਣਾ ਦੇ ਮੁੱਖ ਚੋਣ ਅਧਿਕਾਰੀ (ਸੀਈਓ) ਪੰਕਜ ਅਗਰਵਾਲ ਨੇ ਕਿਹਾ ਕਿ ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਹਰਿਆਣਾ ਦੇ ਮੁੱਖ ਚੋਣ ਅਧਿਕਾਰੀ (ਸੀ.ਈ.ਓ.) ਪੰਕਜ ਅਗਰਵਾਲ ਨੇ ਸਾਰੀਆਂ ਸਿਆਸੀ ਪਾਰਟੀਆਂ ਨੂੰ ਭਾਰਤੀ ਚੋਣ ਕਮਿਸ਼ਨ (ਈਸੀਆਈ) ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ 1 ਅਕਤੂਬਰ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਆਦਰਸ਼ ਚੋਣ ਜ਼ਾਬਤੇ ਦੀ ਪਾਲਣਾ ਕਰਨ ਦਾ ਸੱਦਾ ਦਿੱਤਾ ਹੈ।
ਸੀਈਓ ਨੇ ਕਿਹਾ ਕਿ ਕੋਈ ਵੀ ਵਿਅਕਤੀ ਸੀ-ਵਿਜੀਲ ਐਪ ‘ਤੇ ਕਿਸੇ ਵੀ ਚੋਣ ਜ਼ਾਬਤੇ ਦੀ ਉਲੰਘਣਾ ਬਾਰੇ ਸ਼ਿਕਾਇਤ ਦਰਜ ਕਰਵਾ ਸਕਦਾ ਹੈ ਅਤੇ ਇਨ੍ਹਾਂ ਨਿਯਮਾਂ ਦੀ ਉਲੰਘਣਾ ਕਰਨ ਵਾਲੇ ਵਿਅਕਤੀਆਂ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪਾਰਟੀਆਂ ਨੂੰ ਆਪਣੇ ਹੋਰਡਿੰਗ ਅਤੇ ਬੈਨਰ ਸਿਰਫ਼ ਜ਼ਿਲ੍ਹਾ ਚੋਣ ਦਫ਼ਤਰ ਵੱਲੋਂ ਨਿਰਧਾਰਤ ਸਥਾਨਾਂ ‘ਤੇ ਹੀ ਲਗਾਉਣੇ ਚਾਹੀਦੇ ਹਨ ਅਤੇ ਇਜਾਜ਼ਤ ਲਈ ਅਰਜ਼ੀਆਂ ਆਨਲਾਈਨ ਜਮ੍ਹਾਂ ਕਰਵਾਈਆਂ ਜਾ ਸਕਦੀਆਂ ਹਨ।
ਉਨ੍ਹਾਂ ਨੇ ਇਹ ਯਕੀਨੀ ਬਣਾਉਣ ਦੀ ਮਹੱਤਤਾ ‘ਤੇ ਜ਼ੋਰ ਦਿੱਤਾ ਕਿ ਚੋਣ ਪ੍ਰਚਾਰ ਦੌਰਾਨ ਵੰਡੇ ਜਾਣ ਵਾਲੇ ਸਾਰੇ ਪੈਂਫਲੇਟਾਂ ‘ਤੇ ਪ੍ਰਿੰਟਿੰਗ ਪ੍ਰੈਸ ਦਾ ਨਾਮ ਅਤੇ ਨੰਬਰ ਹੋਣਾ ਲਾਜ਼ਮੀ ਹੈ। ਸੀਈਓ ਨੇ ਕਿਹਾ, “ਇਨ੍ਹਾਂ ਹਦਾਇਤਾਂ ਦੀ ਪਾਲਣਾ ਨਾ ਕਰਨ ਦੇ ਨਤੀਜੇ ਵਜੋਂ ਪ੍ਰਿੰਟਿੰਗ ਪ੍ਰੈੱਸ ਅਤੇ ਸਮੱਗਰੀ ਵੰਡਣ ਵਾਲੀ ਸਿਆਸੀ ਪਾਰਟੀ ਜਾਂ ਉਮੀਦਵਾਰ ਵਿਰੁੱਧ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸਾਰੀਆਂ ਸਿਆਸੀ ਪਾਰਟੀਆਂ ਅਤੇ ਉਮੀਦਵਾਰਾਂ ਨੂੰ ਸੋਸ਼ਲ ਮੀਡੀਆ ਦੀ ਵਰਤੋਂ ਕਰਦੇ ਸਮੇਂ ਸੁਚੇਤ ਰਹਿਣਾ ਚਾਹੀਦਾ ਹੈ ਅਤੇ ਅਫਵਾਹਾਂ ਫੈਲਾਉਣ ਤੋਂ ਬਚਣਾ ਚਾਹੀਦਾ ਹੈ। ਉਨ੍ਹਾਂ ਨੇ ਸਲਾਹ ਦਿੱਤੀ ਕਿ ਕੋਈ ਵੀ ਸ਼ੱਕੀ ਸੂਚਨਾ ਅੱਗੇ ਸਾਂਝੀ ਕਰਨ ਤੋਂ ਪਹਿਲਾਂ ਸਬੰਧਤ ਰਿਟਰਨਿੰਗ ਅਫਸਰ ਨਾਲ ਤਸਦੀਕ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਚੋਣਾਂ ਦੌਰਾਨ ਝੂਠੀ ਅਤੇ ਗੁੰਮਰਾਹਕੁੰਨ ਜਾਣਕਾਰੀ ਫੈਲਾਉਣ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।