ਕੈਬਨਿਟ ਮੰਤਰੀ ਹਰਭਜਨ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ (NHAI) ਦੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਆਪਣੇ ਪੱਧਰ ‘ਤੇ ਮੀਟਿੰਗਾਂ ਵੀ ਕਰ ਲਈਆਂ ਹਨ ਅਤੇ ਜਲਦ ਹੀ ਸਾਰੇ ਮਸਲੇ ਹੱਲ ਕਰ ਲਏ ਜਾਣਗੇ। ਉਨ੍ਹਾਂ ਇਸ ਧਾਰਨਾ ਨੂੰ ਖਾਰਜ ਕਰ ਦਿੱਤਾ ਕਿ ਸੂਬੇ ਵਿੱਚ ਜ਼ਮੀਨ ਪ੍ਰਾਪਤੀ ਨੂੰ ਲੈ ਕੇ ਕੋਈ ਸਮੱਸਿਆ ਹੈ। ਉਨ੍ਹਾਂ ਭਰੋਸਾ ਦਿਵਾਇਆ ਕਿ ਸਬੰਧਤ ਜ਼ਮੀਨਾਂ ਜਲਦੀ ਹੀ ਐਕਵਾਇਰ ਕਰਕੇ NHAI ਨੂੰ ਸੌਂਪ ਦਿੱਤੀਆਂ ਜਾਣਗੀਆਂ।
ਅੱਜ ਉਨ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਜਨੇਰ, ਸਰਕਾਰੀ ਪ੍ਰਾਇਮਰੀ ਸਕੂਲ ਪੱਟੀ ਰੂਪਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਮੋਗਾ-1 ਦਾ ਅਚਨਚੇਤ ਦੌਰਾ ਕੀਤਾ। ਉਨ੍ਹਾਂ ਨੇ ਸਕੂਲੀ ਵਿਦਿਆਰਥੀਆਂ ਨਾਲ ਮਿਡ ਡੇ ਮੀਲ ਕੀਤਾ। ਇਸ ਮੌਕੇ ਵਿਧਾਇਕ ਡਾ: ਅਮਨਦੀਪ ਕੌਰ ਅਰੋੜਾ, ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਵਿਧਾਇਕ ਦਵਿੰਦਰਜੀਤ ਸਿੰਘ ਲਾਡੀ ਢੋਸ, ਡਿਪਟੀ ਕਮਿਸ਼ਨਰ ਵਿਸ਼ੇਸ਼ ਸਾਰੰਗਲ ਆਦਿ ਹਾਜ਼ਰ ਸਨ |
ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਭਜਨ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਤਰਜੀਹ ਸਿੱਖਿਆ ਖੇਤਰ ਵਿੱਚ ਸੁਧਾਰ ਲਿਆਉਣਾ ਹੈ। ਸੂਬੇ ਦੇ ਬਿਹਤਰ ਭਵਿੱਖ ਲਈ ਸਿੱਖਿਆ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਕੱਲੇ ਮੋਗਾ ਸ਼ਹਿਰ ਵਿੱਚ ਤਿੰਨ ਨਵੇਂ ਸਕੂਲ ਬਣਾਏ ਗਏ ਹਨ।