ਕੀ ਪੰਚਾਇਤੀ ਚੋਣਾਂ ਮੁਲਤਵੀ ਹੋਣਗੀਆਂ? ਇੱਕ ਪਾਸੇ ਜਿੱਥੇ ਪੰਚਾਇਤੀ ਚੋਣਾਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈਕੋਰਟ ’ਚ ਸੁਣਵਾਈ ਚੱਲ ਰਹੀ ਹੈ। ਇਹ ਸੁਣਵਾਈ ਤਕਰੀਬਨ 700 ਤੋਂ ਵੱਧ ਪਟੀਸ਼ਨਾਂ ’ਤੇ ਚੱਲ ਰਹੀ ਹੈ। ਉੱਥੇ ਹੀ ਦੂਜੇ ਪਾਸੇ ਕਾਂਗਰਸ ਪਾਰਟੀ ਦੇ ਵਫਦ ਨੇ ਰਾਜ ਚੋਣ ਕਮਿਸ਼ਨ ਦੇ ਨਾਲ ਮੁਲਾਕਾਤ ਕੀਤੀ ਹੈ। ਇਸ ਦੌਰਾਨ ਉਨ੍ਹਾਂ ਨੇ ਪੰਚਾਇਤੀ ਚੋਣਾਂ ਨੂੰ ਤਿੰਨ ਹਫਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਗਈ ਹੈ।
ਰਾਜ ਚੋਣ ਕਮਿਸ਼ਨ ਨਾਲ ਮੁਲਾਕਾਤ ਮਗਰੋਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਅਸੀਂ ਚੋਣਾਂ ਰੱਦ ਕਰਨ ਦੀ ਮੰਗ ਨਹੀਂ ਕਰ ਰਹੇ। ਅਸੀਂ ਪੂਰੀ ਚੋਣ ਪ੍ਰਕਿਰਿਆ ਨੂੰ ਤਿੰਨ ਹਫ਼ਤਿਆਂ ਲਈ ਮੁਲਤਵੀ ਕਰਨ ਦੀ ਮੰਗ ਕੀਤੀ ਹੈ। ਉਨ੍ਹਾਂ ਇਲਜ਼ਾਮ ਲਾਇਆ ਕਿ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਆਗੂਆਂ ਨੇ ਜਾਅਲੀ ਬੈਲਟ ਪੇਪਰ ਛਾਪੇ ਹਨ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੀ ਵੀਡੀਓਗ੍ਰਾਫੀ ਸਮੇਤ ਕਈ ਅਹਿਮ ਮੁੱਦੇ ਚੁੱਕੇ ਹਨ।
ਦੱਸ ਦਈਏ ਕਿ ਪੰਜਾਬ ਵਿੱਚ 15 ਅਕਤੂਬਰ ਨੂੰ ਪੰਚਾਇਤੀ ਚੋਣਾਂ ਹੋਣੀਆਂ ਹਨ। ਇਸ ਵਾਰ ਪਾਰਟੀ ਚੋਣ ਨਿਸ਼ਾਨ ’ਤੇ ਵੀ ਚੋਣਾਂ ਨਹੀਂ ਹੋ ਰਹੀਆਂ ਹਨ। ਪਰ ਇਸ ਦੇ ਬਾਵਜੂਦ ਵਿਰੋਧੀ ਪਾਰਟੀਆਂ ਦਾ ਇਲਜ਼ਾਮ ਹੈ ਕਿ ਉਨ੍ਹਾਂ ਨਾਲ ਜੁੜੇ ਲੋਕਾਂ ਅਤੇ ਉਮੀਦਵਾਰਾਂ ਦੀਆਂ ਨਾਮਜ਼ਦਗੀਆਂ ਜ਼ਬਰਦਸਤੀ ਰੱਦ ਕੀਤੀਆਂ ਗਈਆਂ ਹਨ। ਕਿਸੇ ਨੂੰ ਵੀ ਐਨਓਸੀ ਜਾਰੀ ਨਹੀਂ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ 13937 ਗ੍ਰਾਮ ਪੰਚਾਇਤਾਂ ਹਨ। 15 ਅਕਤੂਬਰ ਨੂੰ ਹੋਣ ਵਾਲੀਆਂ ਚੋਣਾਂ ਵਿੱਚ ਕੁੱਲ 1 ਕਰੋੜ 33 ਲੱਖ ਵੋਟਰ ਆਪਣੀ ਵੋਟ ਪਾਉਣਗੇ। ਚੋਣਾਂ ਵਿੱਚ 96 ਹਜ਼ਾਰ ਮੁਲਾਜ਼ਮ ਤੈਨਾਤ ਕੀਤੇ ਗਏ ਹਨ। ਸਰਕਾਰ ਨੇ ਚੋਣਾਂ ਸ਼ਾਂਤੀਪੂਰਵਕ ਕਰਵਾਉਣ ਲਈ ਕਈ ਕਦਮ ਚੁੱਕੇ ਹਨ। ਚੋਣਾਂ ਤੱਕ ਸਾਰੇ ਪੁਲਿਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ ਕਰ ਦਿੱਤੀਆਂ ਗਈਆਂ ਹਨ। ਇਸ ਤੋਂ ਇਲਾਵਾ ਵੋਟਾਂ ਵਾਲੇ ਦਿਨ ਪੂਰੇ ਪੰਜਾਬ ਵਿੱਚ ਛੁੱਟੀ ਦਾ ਐਲਾਨ ਕੀਤਾ ਗਿਆ ਹੈ।