‘ਆਪ’ ਨੇ ਝੋਨੇ ਦੀ ਖਰੀਦ ‘ਚ ਕਿਸਾਨਾਂ ਨੂੰ ਦਰਪੇਸ਼ ਮੁੱਦਿਆਂ ਨੂੰ ਲੈ ਕੇ ਭਾਜਪਾ ‘ਤੇ ਤਿੱਖਾ ਹਮਲਾ ਕੀਤਾ। ‘ਆਪ’ ਆਗੂ ਅਤੇ ਸੀਨੀਅਰ ਬੁਲਾਰੇ ਪਵਨ ਕੁਮਾਰ ਟੀਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਪੰਜਾਬ ਦੀ ‘ਆਪ’ ਸਰਕਾਰ ਨੂੰ ਬਦਨਾਮ ਕਰਨ ਲਈ ਜਾਣਬੁੱਝ ਕੇ ਗੋਦਾਮਾਂ ਦੀ ਸਫਾਈ ਨਹੀਂ ਕੀਤੀ।
ਪਵਨ ਟੀਨੂੰ ਨੇ ਕੇਂਦਰੀ ਮੰਤਰੀ ਪ੍ਰਹਿਲਾਦ ਜੋਸ਼ੀ ‘ਤੇ ਸਵਾਲ ਚੁੱਕਦਿਆਂ ਕਿਹਾ ਕਿ ਪੰਜਾਬ ਦੀਆਂ ਮੰਡੀਆਂ ‘ਚ ਅਨਾਜ ਪਹਿਲੀ ਵਾਰ ਨਹੀਂ ਆਇਆ ਹੈ; ਕੇਂਦਰ ਸਰਕਾਰ ਨੇ ਅਜੇ ਤੱਕ ਜਗ੍ਹਾ ਖਾਲੀ ਕਿਉਂ ਨਹੀਂ ਕੀਤੀ? ਉਨ੍ਹਾਂ ਕਿਹਾ ਕਿ ਭਾਜਪਾ ਪੰਜਾਬ ਵਿੱਚ ਅਰਾਜਕਤਾ ਪੈਦਾ ਕਰਕੇ ਕਿਸਾਨਾਂ ਅਤੇ ਆਮ ਲੋਕਾਂ ਨੂੰ ਪ੍ਰੇਸ਼ਾਨ ਕਰਨਾ ਚਾਹੁੰਦੀ ਹੈ।
ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਕਣਕ ਅਤੇ ਝੋਨੇ ਦੀ ਖਰੀਦ ਅਤੇ ਲਿਫਟਿੰਗ ਦੀ ਜ਼ਿੰਮੇਵਾਰੀ ਕੇਂਦਰ ਸਰਕਾਰ ਦੀ ਹੈ। ਪੰਜਾਬ ਸਰਕਾਰ ਐਫਸੀਆਈ ਅਤੇ ਕੇਂਦਰ ਸਰਕਾਰ ਨੂੰ ਲਗਾਤਾਰ ਪੱਤਰ ਲਿਖ ਰਹੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਖੁਦ ਕੇਂਦਰੀ ਮੰਤਰੀ ਨੂੰ ਪੱਤਰ ਲਿਖਿਆ ਪਰ ਜਾਣਬੁੱਝ ਕੇ ਦੇਰੀ ਕੀਤੀ ਗਈ।
ਟੀਨੂੰ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਇਹ ਸਮਝਣਾ ਚਾਹੀਦਾ ਹੈ ਕਿ ਪੰਜਾਬ ਨੇ ਹਮੇਸ਼ਾ ਦੇਸ਼ ਦਾ ਅੰਨ ਭੰਡਾਰ ਭਰਿਆ ਹੈ ਅਤੇ ਪੂਰੇ ਦੇਸ਼ ਦਾ ਪੇਟ ਭਰਿਆ ਹੈ। ਪੰਜਾਬ ਦੇ ਕਿਸਾਨਾਂ ਕਾਰਨ ਦੇਸ਼ ਨੂੰ ਕਰੀਬ ਛੇ ਦਹਾਕਿਆਂ ਤੋਂ ਅਨਾਜ ਦੀ ਘਾਟ ਦਾ ਸਾਹਮਣਾ ਨਹੀਂ ਕਰਨਾ ਪਿਆ। ਸਾਡੇ ਕਿਸਾਨਾਂ ਨੇ ਇਸ ਲਈ ਆਪਣੇ ਜਲ ਸਰੋਤਾਂ ਨੂੰ ਖਤਮ ਕਰ ਦਿੱਤਾ ਹੈ, ਫਿਰ ਵੀ ਕੇਂਦਰ ਸਰਕਾਰ ਪੰਜਾਬ ਨਾਲ ਵਿਤਕਰਾ ਕਰ ਰਹੀ ਹੈ।