ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਸਾਲ 2024 ਵਿੱਚ ਅਨੁਸੂਚਿਤ ਜਾਤੀਆਂ, ਪੱਛੜੀਆਂ ਸ਼੍ਰੇਣੀਆਂ ਅਤੇ ਘੱਟ ਗਿਣਤੀ ਭਾਈਚਾਰਿਆਂ ਦੇ ਜੀਵਨ ਪੱਧਰ ਨੂੰ ਉੱਚਾ ਚੁੱਕਣ ਲਈ ਮਹੱਤਵਪੂਰਨ ਉਪਰਾਲੇ ਕੀਤੇ ਹਨ।
ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਇਨ੍ਹਾਂ ਭਾਈਚਾਰਿਆਂ ਦੇ ਵਿੱਦਿਅਕ, ਸਮਾਜਿਕ ਅਤੇ ਆਰਥਿਕ ਪੱਧਰ ਨੂੰ ਉੱਚਾ ਚੁੱਕਣ ਲਈ ਵੱਖ-ਵੱਖ ਸਕੀਮਾਂ ਲਾਗੂ ਕੀਤੀਆਂ ਹਨ।
ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਕੀਮ ਤਹਿਤ ਸਾਲ 2024-25 ਲਈ ਵਜ਼ੀਫੇ ਲਈ 245.00 ਕਰੋੜ ਰੁਪਏ ਦਾ ਉਪਬੰਧ ਰੱਖਿਆ ਗਿਆ ਹੈ। ਉਸਨੇ ਅੱਗੇ ਦੱਸਿਆ ਕਿ ਸਾਲ 2017-18 ਤੋਂ 2019-20 ਲਈ ਅਨੁਸੂਚਿਤ ਜਾਤੀ ਦੇ ਵਿਦਿਆਰਥੀਆਂ ਲਈ ਬਕਾਇਆ ਫੀਸਾਂ ਦੇ 40% ਦੇ ਭੁਗਤਾਨ ਲਈ 2024-25 ਦੇ ਬਜਟ ਉਪਬੰਧਾਂ ਵਿੱਚੋਂ 92.00 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।
ਇਹ ਰਾਸ਼ੀ ਸਰਕਾਰੀ ਅਦਾਰਿਆਂ ਅਤੇ ਦੂਜੇ ਰਾਜਾਂ ਵਿੱਚ ਸੰਸਥਾਵਾਂ ਵਿੱਚ ਪੜ੍ਹ ਰਹੇ ਪੰਜਾਬ ਦੇ ਵਿਦਿਆਰਥੀਆਂ ਲਈ ਅਲਾਟ ਕੀਤੀ ਗਈ ਹੈ। ਉਸਨੇ ਇਹ ਵੀ ਦੱਸਿਆ ਕਿ 2024-25 ਲਈ ਸਕਾਲਰਸ਼ਿਪ ਸਕੀਮ ਦਾ ਟੀਚਾ 2.60 ਲੱਖ ਵਿਦਿਆਰਥੀਆਂ ਨੂੰ ਲਾਭ ਪਹੁੰਚਾਉਣਾ ਹੈ, ਜਿਸ ਵਿੱਚ ਲਗਭਗ 2.38 ਲੱਖ ਵਿਦਿਆਰਥੀ ਪੋਰਟਲ ‘ਤੇ ਇਸ ਸਕੀਮ ਅਧੀਨ ਨਵੇਂ ਰਜਿਸਟਰ ਹੋਏ ਹਨ।