ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ- ਐਡਵੋਕੇਟ ਧਾਮੀ

0
10047
ਸਿੱਖ ਕਤਲੇਆਮ ਮਾਮਲੇ ’ਚ ਸੱਜਣ ਕੁਮਾਰ ਨੂੰ ਮਿਲੇ ਮਿਸਾਲੀ ਸਜ਼ਾ- ਐਡਵੋਕੇਟ ਧਾਮੀ

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਸਰਸਵਤੀ ਵਿਹਾਰ ਵਿਚ ਦੋ ਸਿੱਖਾਂ ਦੇ ਕਤਲ ਦੇ ਮਾਮਲੇ ਵਿੱਚ ਦਿੱਲੀ ਦੀ ਰਾਊਜ਼ ਐਵੇਨਿਊ ਅਦਾਲਤ ਵੱਲੋਂ ਦੋਸ਼ੀ ਕਰਾਰ ਦਿੱਤੇ ਜਾਣ ਦਾ ਸਵਾਗਤ ਕਰਦਿਆਂ ਦੋਸ਼ੀ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦੀ ਆਸ ਕੀਤੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ 1984 ਦਾ ਸਿੱਖ ਕਤਲੇਆਮ ਮਨੁੱਖੀ ਇਤਿਹਾਸ ਵਿੱਚ ਮਾਨਵ ਵਿਰੋਧੀ ਕਰੂਰ ਕਾਰੇ ਦੀ ਸਿਖਰ ਵਜੋਂ ਅੰਕਿਤ ਹੈ, ਜਿਸ ਦੇ ਪੀੜਤ ਕਰੀਬ 4 ਦਹਾਕਿਆਂ ਤੋਂ ਇਨਸਾਫ਼ ਲਈ ਅੱਜ ਵੀ ਸੰਘਰਸ਼ ਕਰ ਰਹੇ ਹਨ, ਜੋ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਲਈ ਸ਼ਰਮਨਾਕ ਹੈ। ਹੁਣ ਜਦੋਂ ਸਿੱਖ ਕਤਲੇਆਮ ਦੇ ਇੱਕ ਮਾਮਲੇ ਵਿੱਚ ਕਾਂਗਰਸੀ ਆਗੂ ਸੱਜਣ ਕੁਮਾਰ ਦੋਸ਼ੀ ਪਾਏ ਗਏ ਹਨ ਤਾਂ ਉਸ ਨੂੰ ਮਿਸਾਲੀ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸੱਜਣ ਕੁਮਾਰ ਤੋਂ ਇਲਾਵਾ ਕਾਂਗਰਸੀ ਆਗੂ ਜਗਦੀਸ਼ ਟਾਈਟਲਰ ਸਮੇਤ ਹੋਰ ਵੀ ਕਈ ਆਗੂ ਸਿੱਖ ਕਤਲੇਆਮ ਵਿਚ ਸ਼ਾਮਲ ਸਨ ਅਤੇ ਹਰ ਦੋਸ਼ੀ ਨੂੰ ਸਖ਼ਤ ਸਜ਼ਾਵਾਂ ਮਿਲਣੀਆਂ ਚਾਹੀਦੀਆਂ ਹਨ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖਾਂ ਦੀ ਦੁਸ਼ਮਣ ਜਮਾਤ ਕਾਂਗਰਸ ਨੇ ਸਿੱਖਾਂ ਦੇ ਜਖਮ ਭਰਨ ਦੀ ਥਾਂ ਸਿੱਖ ਕਤਲੇਆਮ ਦੇ ਦੋਸ਼ੀਆਂ ਨੂੰ ਹਮੇਸ਼ਾ ਵੱਡੇ ਅਹੁਦੇ ਦੇ ਕੇ ਨਿਵਾਜਿਆ ਹੈ।  ਉਨ੍ਹਾਂ ਕਿਹਾ ਕਿ ਅਦਾਲਤ ਦੇ ਇਸ ਫੈਸਲੇ ਨਾਲ ਸਿੱਖਾਂ ਦੀਆਂ ਭਾਵਨਾਵਾਂ ਨੂੰ ਕੁਝ ਹੱਦ ਤੱਕ ਧਰਵਾਸ ਮਿਲੇਗਾ। ਉਨ੍ਹਾਂ ਭਾਰਤ ਸਰਕਾਰ ਤੋਂ ਮੰਗ ਕੀਤੀ ਕਿ 1984 ਸਿੱਖ ਕਤਲੇਆਮ ਨਾਲ ਸਬੰਧਤ ਦੇਸ਼ ਦੇ ਵੱਖ-ਵੱਖ ਥਾਂਵਾਂ ਉੱਤੇ ਚੱਲ ਰਹੇ ਮਾਮਲਿਆਂ ਨੂੰ ਫਾਸਟ ਟ੍ਰੈਕ ਅਦਾਲਤਾਂ ਰਾਹੀਂ ਅੱਗੇ ਵਧਾਇਆ ਜਾਵੇ ਤਾਂ ਜੋ ਇਨਸਾਫ਼ ਵਿੱਚ ਹੋਰ ਦੇਰੀ ਨਾ ਹੋਵੇ।

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਇਹ ਵੀ ਮੰਗ ਕੀਤੀ ਕਿ ਦੇਸ਼ ਦੀ ਸੰਸਦ ਅੰਦਰ ਸਿੱਖ ਕਤਲੇਆਮ ਪ੍ਰਤੀ ਸੰਵੇਦਨਾ ਅਤੇ ਮੁਆਫ਼ੀ ਦਾ ਇੱਕ ਮਤਾ ਵੀ ਜ਼ਰੂਰ ਪਾਸ ਕੀਤਾ ਜਾਵੇ। ਇਹ ਆਪਣੇ ਦੇਸ਼ ਵਿੱਚ 1984 ਅੰਦਰ ਮਾਰੇ ਗਏ ਬੇਦੋਸ਼ੇ ਸਿੱਖ ਨਾਗਰਿਕਾਂ ਪ੍ਰਤੀ ਇੱਕ ਸ਼ਰਧਾਂਜਲੀ ਹੋਵੇਗੀ।

 

LEAVE A REPLY

Please enter your comment!
Please enter your name here