ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਖਡੂਰ ਸਾਹਿਬ ਹਲਕੇ ਦੇ ਪਿੰਡ ਕੰਗ ਵਿਚ ਸਹਿਜ ਪਾਠ ਕਰ ਰਹੀ ਗੁਰਸਿੱਖ ਮਹਿਲਾ ਦਾ ਕਤਲ ਕਰਨ ਦ ਜ਼ੋਰਦਾਰ ਨਿਖੇਧੀ ਕੀਤੀ ਅਤੇ ਜ਼ੋਰ ਦੇ ਕੇ ਕਿਹਾ ਕਿ ਅਜਿਹੇ ਘਿਨੌਣੇ ਅਪਰਾਧ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਕਾਰਜਕਾਲ ਦੌਰਾਨ ਰੋਜ਼ ਦਾ ਕੰਮ ਹੋ ਗਏ ਹਨ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਮਜੀਠੀਆ ਨੇ ਕਿਹਾ ਕਿ ਇਸ ਘਟਨਾ ਨੇ ਸਮਾਜ ਨੂੰ ਹਿਲਾ ਕੇ ਰੱਖ ਦਿੱਤਾ ਹੈ। ਉਹਨਾਂ ਕਿਹਾ ਕਿ ਹਾਲੇ ਇਕ ਦਿਨ ਪਹਿਲਾਂ ਹੀ ਅਸੀਂ ਵੇਖਿਆ ਸੀ ਕਿ ਸੱਤਾਧਾਰੀ ਪਾਰਟੀ ਆਪ ਦੇ ਗੁੰਡਿਆਂ ਨੇ ਇਕ ਸਬ ਇੰਸਪੈਕਟਰ ਦਾ ਕਤਲ ਕਰ ਦਿੱਤਾ ਤੇ ਦੋ ਪੁਲਿਸ ਮੁਲਾਜ਼ਮਾਂ ਨੂੰ ਜ਼ਖ਼ਮੀ ਕਰ ਦਿੱਤਾ। ਉਹਨਾਂ ਕਿਹਾ ਕਿ ਮੌਜੂਦਾ ਘਟਨਾ ਨੇ ਨਾ ਸਿਰਫ ਸਿੱਖ ਕੌਮ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ ਬਲਕਿ ਇਸ ਨਾਲ ਆਮ ਲੋਕ ਵੀ ਦੁਖੀ ਹਨ।
ਮਜੀਠੀਆ ਨੇ ਕਿਹਾ ਕਿ ਮੁੱਖ ਮੰਤਰੀ ਕਮ ਗ੍ਰਹਿ ਮੰਤਰੀ ਭਗਵੰਤ ਮਾਨ ਆਪਣੇ ਸਿਆਸੀ ਆਕਾ ਅਰਵਿੰਦ ਕੇਜਰੀਵਾਲ ਨੂੰ ਖੁਸ਼ ਕਰਨ ਵਿਚ ਰੁੱਝੇ ਹਨ ਤੇ ਕੇਜਰੀਵਾਲ ਨੇ ਦਿੱਲੀ ਵਿਧਾਨ ਸਭਾ ਚੋਣਾਂ ਵਿਚ ਕਰਾਰੀ ਹਾਰ ਮਗਰੋਂ ਪੰਜਾਬ ਨੂੰ ਆਪਣਾ ਦੂਜਾ ਘਰ ਬਣਾਇਆ ਹੋਇਆ ਹੈ। ਉਹਨਾਂ ਕਿਹਾ ਕਿ ਹੁਣ ਕੇਜਰੀਵਾਲ ਤੇ ਉਹਨਾਂ ਦੇ ਟੋਲੇ ਨੇ ਪੰਜਾਬ ਸਰਕਾਰ ’ਤੇ ਕਬਜ਼ਾ ਕਰ ਲਿਆ ਹੈ ਤੇ ਮਹਿਕਮੇ ਆਪਸ ਵਿਚ ਵੰਡ ਲਏ ਹਨ। ਲੋਕਾਂ ਦਾ ਪੈਸਾ ਆਮ ਆਦਮੀ ਪਾਰਟੀ ਦੇ ਖ਼ਜ਼ਾਨੇ ਭਰਨ ਵਾਸਤੇ ਲੁੱਟਿਆ ਜਾ ਰਿਹਾ ਹੈ।
ਤਾਜ਼ਾ ਕੇਸ ਦੇ ਦੋਸ਼ੀਆਂ ਦੀ ਤੁਰੰਤ ਗ੍ਰਿਫਤਾਰੀ ਦੀ ਮੰਗ ਕਰਦਿਆਂ ਅਕਾਲੀ ਆਗੂ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਸਰਹੱਦੀ ਸੂਬੇ ਦੀ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਤੁਰੰਤ ਸਮੀਖਿਆ ਕਰਨੀ ਚਾਹੀਦੀ ਹੈ ਤਾਂ ਜੋ ਦੇਸ਼ ਵਿਰੋਧੀ ਅਨਸਰ ਹਾਲਾਤਾਂ ਦਾ ਫਾਇਦਾ ਨਾ ਚੁੱਕ ਸਕਣ।
ਉਹਨਾਂ ਕਿਹਾ ਕਿ ਮੁੱਖ ਮੰਤਰੀ ਨੂੰ ਜਾਂ ਤਾਂ ਤੁਰੰਤ ਆਪਣੇ ਅਹੁਦੇ ਤੋਂ ਅਸਤੀਫਾ ਦੇ ਦੇਣਾ ਚਾਹੀਦਾ ਹੈ ਨਹੀਂ ਤਾਂ ਪੰਜਾਬ ਵੱਲ ਧਿਆਨ ਦੇਣਾ ਸ਼ੁਰੂ ਕਰਨਾ ਚਾਹੀਦਾ ਹੈ ਜੋ ਜ਼ਿੰਮੇਵਾਰੀ ਪੰਜਾਬੀਆਂ ਨੇ ਉਹਨਾਂ ਨੂੰ ਸੌਂਪੀ ਹੈ।