ਬਾਲ ਭਿੱਖਿਆ ਰੋਕਣ ਲਈ ਡਿਪਟੀ ਕਮਿਸ਼ਨਰ ਖ਼ੁਦ ਸੜਕਾਂ ‘ਤੇ ਉਤਰੇ , ਕਿਹਾ- ਬਾਲਾਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ

0
2365
Deputy Commissioner himself took to the streets to stop child begging, said - Those who force children to beg will not be spared

ਪਟਿਆਲਾ ਜ਼ਿਲ੍ਹੇ ਵਿੱਚ ਬਾਲ ਭਿੱਖਿਆ ਦੇ ਖਾਤਮੇ ਲਈ ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਅੱਜ ਖ਼ੁਦ ਸੜਕਾਂ ‘ਤੇ ਉਤਰੇ ਅਤੇ ਵੱਖ-ਵੱਖ ਚੌਂਕਾਂ ਸਮੇਤ ਗੁਰਦੁਆਰਾ ਸ੍ਰੀ ਦੁੱਖ ਨਿਵਾਰਨ ਸਾਹਿਬ ਤੇ ਮਾਤਾ ਸ੍ਰੀ ਕਾਲੀ ਦੇਵੀ ਮੰਦਿਰ ਦੇ ਬਾਹਰ ਜਾਇਜ਼ਾ ਲਿਆ।

ਇਸ ਮੌਕੇ 21 ਨੰਬਰ ਫਾਟਕ ਦੇ ਪੁੱਲ ਤੋਂ ਪਹਿਲਾਂ ਲਹਿਲ ਚੌਂਕ ਵਿੱਚ ਅਜਿਹੇ ਦੋ ਬੱਚੇ ਮਿਲੇ, ਜਿਨ੍ਹਾਂ ਦੇ ਨਾਲ ਦੇ ਦਿਵਿਆਂਗ ਵਿਅਕਤੀ ਨੇ ਦੱਸਿਆ ਕਿ ਉਸਦੇ ਤਿੰਨ ਬੱਚੇ ਹਨ ਤੇ ਇਨ੍ਹਾਂ ਦੀ ਮਾਤਾ ਦੀ ਮੌਤ ਹੋ ਚੁੱਕੀ ਹੈ, ਪਰੰਤੂ ਉਹ ਆਪਣੇ ਬੱਚਿਆਂ ਤੋਂ ਭੀਖ ਨਹੀਂ ਮੰਗਵਾਉਂਦਾ। ਇਸ ‘ਤੇ ਡਿਪਟੀ ਕਮਿਸ਼ਨਰ ਨੇ ਇਸ ਵਿਅਕਤੀ ਨੂੰ ਰੋਜ਼ਗਾਰ ਮੁਹੱਈਆ ਕਰਵਾਉਣ ਤੇ ਇਸ ਦੇ ਮੁੜ ਵਸੇਬੇ ਲਈ ਸਬੰਧਤ ਵਿਭਾਗ ਨੂੰ ਤੁਰੰਤ ਕਦਮ ਉਠਾਉਣ ਦੇ ਨਿਰਦੇਸ਼ ਦਿੱਤੇ। ਜਦੋਂਕਿ ਮੰਦਿਰ ਸ੍ਰੀ ਕਾਲੀ ਦੇਵੀ ਵਿਖੇ ਦੋ ਬੱਚੇ ਬੰਸਰੀਆਂ ਵੇਚਦੇ ਪਾਏ ਗਏ, ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਇਨ੍ਹਾਂ ਬੱਚਿਆਂ ਨਾਲ ਗੱਲ ਕਰਕੇ ਇਨ੍ਹਾਂ ਦੀ ਪੜ੍ਹਾਈ ਤੇ ਇਨ੍ਹਾਂ ਨੂੰ ਹੁਨਰਮੰਦ ਬਣਾਉਣ ਲਈ ਵੀ ਨਿਰਦੇਸ਼ ਦਿੱਤੇ।

ਡਿਪਟੀ ਕਮਿਸ਼ਨਰ ਨੇ ਚੌਂਕਾਂ ਵਿਖੇ ਤਾਇਨਾਤ ਪੀ.ਸੀ.ਆਰ. ਅਤੇ ਟ੍ਰੈਫਿਕ ਪੁਲਿਸ ਟੀਮਾਂ ਨੂੰ ਵੀ ਹਦਾਇਤ ਕੀਤੀ ਕਿ ਜਦੋਂ ਵੀ ਕੋਈ ਬੱਚਾ ਖ਼ੁਦ ਭੀਖ ਮੰਗਦਾ ਨਜ਼ਰ ਆਉਂਦਾ ਹੈ ਜਾਂ ਕੋਈ ਸ਼ੱਕੀ ਵਿਅਕਤੀ ਉਸ ਤੋਂ ਭੀਖ ਮੰਗਵਾ ਰਿਹਾ ਦਿੱਸੇ ਤਾਂ ਤੁਰੰਤ ਇਸ ਨੂੰ ਰੋਕਿਆ ਜਾਵੇ ਅਤੇ ਅਜਿਹੇ ਬੱਚਿਆਂ ਦੀ ਸੂਚਨਾ ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਪਰਦੀਪ ਸਿੰਘ ਗਿੱਲ ਦੇ ਮੋਬਾਇਲ ਨੰਬਰ 9646006027, ਬਾਲ ਸੁਰੱਖਿਆ ਅਫ਼ਸਰ ਰੂਪਵੰਤ ਕੌਰ ਦੇ ਫੋਨ ਨੰਬਰ 7087409494 ਅਤੇ ਜ਼ਿਲ੍ਹਾ ਬਾਲ ਸੁਰੱਖਿਆ ਯੂਨਿਟ ਦੇ ਚਾਈਲਡ ਕੇਅਰ ਨੰਬਰ 1098 ‘ਤੇ ਕਾਲ ਕਰਕੇ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਚੌਂਕ ਵਿੱਚ ਕੋਈ ਬੱਚਾ ਭੀਖ ਮੰਗਦਾ ਪਾਇਆ ਗਿਆ ਤਾਂ ਸਬੰਧਤ ਚੌਂਕਾਂ ਵਿੱਚ ਤਾਇਨਾਤ ਮੁਲਾਜਮ ਜ਼ਿੰਮੇਵਾਰ ਹੋਣਗੇ।

ਡਿਪਟੀ ਕਮਿਸ਼ਨਰ ਡਾ. ਪ੍ਰੀਤੀ ਯਾਦਵ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਨੂੰ ਭੀਖ ਮੁਕਤ ਕਰਨ ਲਈ ਚਲਾਈ ਮੁਹਿੰਮ ਤੇ ਪ੍ਰਾਜੈਕਟ ਜੀਵਨਜੋਤ 2.0 ਤਹਿਤ ਜਿੱਥੇ ਪੂਰੇ ਜ਼ਿਲ੍ਹੇ ਭਰ ਵਿੱਚ ਛਾਪਾਮਾਰੀ ਕੀਤੀ ਜਾ ਰਹੀ ਹੈ, ਉਥੇ ਹੀ ਬੱਚਿਆਂ ਦੀ ਤਸਕਰੀ ਨੂੰ ਰੋਕਣ ਲਈ ਭੀਖ ਮੰਗਦੇ ਫੜੇ ਗਏ ਸ਼ੱਕੀ ਬੱਚਿਆਂ ਦੇ ਡੀ.ਐਨ.ਏ. ਟੈਸਟ ਕਰਨ ਲਈ ਵੀ ਪੂਰੀ ਤਿਆਰੀ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਬਾਲ ਭਿੱਖਿਆ ਇੱਕ ਭਿਆਨਕ ਸਮੱਸਿਆ ਹੈ, ਇਸ ਲਈ ਜ਼ਿਲ੍ਹਾ ਪ੍ਰਸ਼ਾਸਨ ਅਜਿਹੇ ਬੱਚਿਆਂ ਦੇ ਪੁਨਰ ਵਸੇਬੇ ਲਈ ਵੀ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਬਾਲ ਭਿੱਖਿਆ ਦੇ ਖਾਤਮੇ ਲਈ ਸਾਂਝੇ ਯਤਨਾਂ ਦੀ ਲੋੜ ਹੈ, ਇਸ ਲਈ ਲੋਕਾਂ ਨੂੰ ਵੀ ਅਪੀਲ ਹੈ ਕਿ ਉਹ ਕਿਸੇ ਵੀ ਬੱਚੇ ਨੂੰ ਭੀਖ ਨਾ ਦੇਣ ਸਗੋਂ ਜੇਕਰ ਕਿਤੇ ਅਜਿਹੇ ਬੱਚੇ ਭੀਖ ਮੰਗਦੇ ਨਜ਼ਰ ਆਉਣ ਤਾਂ ਚਾਈਲਡ ਹੈਲਪ ਲਾਈਨ 1098 ‘ਤੇ ਸੂਚਨਾ ਦਿੱਤੀ ਜਾਵੇ ਤਾਂ ਕਿ ਅਜਿਹੇ ਬੱਚਿਆਂ ਨੂੰ ਤੁਰੰਤ ਸੁਰੱਖਿਆ, ਸੰਭਾਲ ਅਤੇ ਸੁਚੱਜਾ ਭਵਿੱਖ ਮੁਹੱਈਆ ਕਰਵਾਉਣ ਲਈ ਯਤਨ ਕੀਤੇ ਜਾਣ। ਜਦੋਂਕਿ ਬੱਚਿਆਂ ਨੂੰ ਭੀਖ ਮੰਗਣ ਲਈ ਮਜ਼ਬੂਰ ਕਰਨ ਵਾਲੇ ਬਖ਼ਸ਼ੇ ਨਹੀਂ ਜਾਣਗੇ ਅਤੇ ਅਜਿਹੇ ਅਨਸਰਾਂ ਵਿਰੁੱਧ ਕਾਨੂੰਨ ਮੁਤਾਬਕ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

LEAVE A REPLY

Please enter your comment!
Please enter your name here