ਪੰਜਾਬ ਦੇ ਲੁਧਿਆਣਾ ਦੇ ਇੱਕ ਨਿੱਜੀ ਹਸਪਤਾਲ ਦੇ ਡਾਕਟਰਾਂ ਨੇ ਇੱਕ ਨਵਜੰਮੇ ਬੱਚੇ ਨੂੰ ਮ੍ਰਿਤਕ ਐਲਾਨ ਦਿੱਤਾ। ਪਰਿਵਾਰ ਨੂੰ ਦੱਸਿਆ ਗਿਆ ਕਿ ਬੱਚਾ ਮਰਿਆ ਹੋਇਆ ਪੈਦਾ ਹੋਇਆ ਸੀ। ਇਸ ਤੋਂ ਬਾਅਦ ਜਦੋਂ ਪਰਿਵਾਰ ਉਸਨੂੰ ਦਫ਼ਨਾਉਣ ਲਈ ਲੈ ਗਏ ਤਾਂ ਉਨ੍ਹਾਂ ਨੂੰ ਲੱਗਾ ਕਿ ਉਹ ਸਾਹ ਲੈ ਰਿਹਾ ਹੈ। ਇਸ ਤੋਂ ਬਾਅਦ ਪਰਿਵਾਰ ਤੁਰੰਤ ਉਸਨੂੰ ਸਰਕਾਰੀ ਹਸਪਤਾਲ ਦੇ ਡਾਕਟਰਾਂ ਕੋਲ ਵਾਪਸ ਲੈ ਗਿਆ ਜਿੱਥੇ ਉਨ੍ਹਾਂ ਨੇ ਦੱਸਿਆ ਕਿ ਇਹ ਬੱਚਾ ਜਿਊਂਦਾ ਹੈ।
ਮਿਲੀ ਜਾਣਕਾਰੀ ਮੁਤਾਬਿਕ ਲੁਧਿਆਣਾ ਦੇ ਟਿੱਬਾ ਰੋਡ ਇਲਾਕੇ ਦੇ ਇੱਕ ਪ੍ਰਾਈਵੇਟ ਹਸਪਤਾਲ ਦੇ ਬਾਹਰ ਲੋਕਾਂ ਵੱਲੋਂ ਕਾਫੀ ਹੰਗਾਮਾ ਕੀਤਾ ਗਿਆ। ਦਰਅਸਲ ਇੱਕ ਨਵਜਾਤ ਬੱਚੇ ਦੀ ਮੌਤ ਨੂੰ ਲੈ ਕੇ ਹੰਗਾਮਾ ਹੋਇਆ। ਇਸ ਦੌਰਾਨ ਬੱਚੇ ਦੇ ਪਰਿਵਾਰਿਕ ਮੈਂਬਰਾਂ ਨੇ ਨਿੱਜੀ ਹਸਪਤਾਲ ਦੇ ਡਾਕਟਰਾਂ ’ਤੇ ਲਾਪਰਵਾਹੀ ਦੇ ਇਲਜ਼ਾਮ ਲਗਾਏ।
ਦੱਸ ਦਈਏ ਕਿ ਪਰਿਵਾਰਿਕ ਮੈਂਬਰਾਂ ਵੱਲੋਂ ਟ੍ਰੈਫਿਕ ਜਾਮ ਕਰ ਦਿੱਤਾ ਗਿਆ । ਜਿਸ ਤੋਂ ਬਾਅਦ ਮੌਕੇ ’ਤੇ ਪਹੁੰਚੀ ਪੁਲਿਸ ਵੱਲੋਂ ਸਥਿਤੀ ਨੂੰ ਸਾਂਭਿਆ ਅਤੇ ਇਸ ਪੂਰੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।