ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਨੇ ਪੰਜਾਬ ਵਿੱਚ ਆਏ ਹੜਾਂ ਨੂੰ ਲੈ ਕੇ ਸੂਬਾ ਅਤੇ ਕੇਂਦਰ ਸਰਕਾਰਾਂ ਦੋਹਾਂ ‘ਤੇ ਗੰਭੀਰ ਆਰੋਪ ਲਗਾਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਦੇ ਮੰਤਰੀ ਹੜ ਪੀੜਤਾਂ ਦੀ ਸਹਾਇਤਾ ਕਰਨ ਦੀ ਥਾਂ ਮੀਡੀਆ ਸਾਹਮਣੇ ਫੋਟੋਆਂ ਖਿਚਵਾ ਕੇ ਨੀਵੇਂ ਪੱਧਰ ਦੀ ਰਾਜਨੀਤੀ ਕਰ ਰਹੇ ਹਨ।
ਡਾ. ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਸੂਬਾ ਸਰਕਾਰ ਹੜਾਂ ਤੋਂ ਪਹਿਲਾਂ ਲੋੜੀਂਦੇ ਅਗਾਊਂ ਪ੍ਰਬੰਧ ਕਰਨ ‘ਚ ਨਾਕਾਮ ਰਹੀ ਹੈ। ਉਨ੍ਹਾਂ ਨੇ ਭਾਖੜਾ ਬਿਆਸ ਮੈਨੇਜਮੈਂਟ ਬੋਰਡ ਦੇ ਚੇਅਰਮੈਨ ਦੀ ਪ੍ਰੈੱਸ ਕਾਨਫਰੰਸ ‘ਤੇ ਤਿੱਖੀ ਟਿੱਪਣੀ ਕਰਦਿਆਂ ਪੁੱਛਿਆ ਕਿ ਡੈਮਾਂ ਦੇ ਫਲੱਡਗੇਟ ਖੋਲ੍ਹਣ, ਨਹਿਰਾਂ ਦੀਆਂ ਸਲੈਬਾਂ ਦੇ ਬੈਠਣ ਅਤੇ ਨੁਕਸਾਨ ਦੀ ਜ਼ਿੰਮੇਵਾਰੀ ਲਵੇਗਾ ਕੌਣ? ਉਨ੍ਹਾਂ ਕਿਹਾ ਕਿ ਜਿੱਥੇ ਸੂਬਾ ਸਰਕਾਰ ਫੇਲ ਹੋਈ, ਉੱਥੇ ਕੇਂਦਰ ਸਰਕਾਰ ਵੱਲੋਂ ਅਜੇ ਤੱਕ ਕੋਈ ਵੀ ਵੱਡਾ ਰਾਹਤ ਪੈਕੇਜ ਜਾਰੀ ਨਾ ਹੋਣਾ ਪੰਜਾਬ ਨਾਲ ਹੋ ਰਹੀ ਬੇਇਨਸਾਫੀ ਹੈ।
ਡਾ. ਚੀਮਾ ਨੇ ਚੰਡੀਗੜ੍ਹ ਵਿਖੇ ਪੰਜਾਬੀ ਕਰਮਚਾਰੀਆਂ ਦੀ ਗਿਣਤੀ ਘਟਾਉਣ, ਵੱਖਰੀ ਭਰਤੀ ਪ੍ਰਕਿਰਿਆ ਅਤੇ ਪੰਜਾਬ ਯੂਨੀਵਰਸਿਟੀ ਨਾਲ ਹਰਿਆਣਾ ਦੇ ਕਾਲਜਾਂ ਨੂੰ ਜੋੜਨ ਦੀ ਮੁਹਿੰਮ ਨੂੰ ਪੰਜਾਬ ਦੇ ਹੱਕਾਂ ਉੱਤੇ ਡਾਕਾ ਕਰਾਰ ਦਿੱਤਾ। ਇਸ ਮੌਕੇ ਸਾਬਕਾ ਮੰਤਰੀ ਗੁਲਜਾਰ ਸਿੰਘ ਰਾਣੀਕੇ, ਸ਼੍ਰੋਮਣੀ ਕਮੇਟੀ ਮੈਬਰ ਭਾਈ ਅਮਰਜੀਤ ਸਿੰਘ ਚਾਵਲਾ, ਜਿਲ੍ਹਾ ਪ੍ਰਧਾਨ ਦਰਬਾਰਾ ਸਿੰਘ ਬਾਲਾ, ਨਿਰਮਲ ਸਿੰਘ ਹਰੀਵਾਲ ਅਤੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਮੈਨੇਜਰ ਗੁਰਦੀਪ ਸਿੰਘ ਕੰਗ ਵੀ ਮੌਜੂਦ ਰਹੇ।