Thursday, January 22, 2026
Home ਪੰਜਾਬ ਵਿਜੀਲੈਂਸ ਬਿਊਰੋ ਨੇ ਡੀਡ ਰਾਈਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ...

ਵਿਜੀਲੈਂਸ ਬਿਊਰੋ ਨੇ ਡੀਡ ਰਾਈਟਰ ਨੂੰ 30 ਹਜ਼ਾਰ ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ

0
2312
Vigilance Bureau nabs deed writer red-handed accepting Rs 30K bribe

ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਨੂੰ ਜਾਰੀ ਰੱਖਦਿਆਂ ਪੰਜਾਬ ਵਿਜੀਲੈਂਸ ਬਿਊਰੋ ਨੇ ਪਠਾਨਕੋਟ ਦੇ ਤਹਿਸੀਲ ਕੰਪਲੈਕਸ ਵਿੱਚ ਕੰਮ ਕਰਦੇ ਡੀਡ ਰਾਈਟਰ ਦੀਪਕ ਕੁਮਾਰ ਨੂੰ 30,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਖੁਲਾਸਾ ਕੀਤਾ ਕਿ ਦੋਸ਼ੀ ਨੂੰ ਪਠਾਨਕੋਟ ਜ਼ਿਲ੍ਹੇ ਦੇ ਪਿੰਡ ਬੁੰਗੋਲ ਦੇ ਇੱਕ ਵਸਨੀਕ ਦੀ ਸ਼ਿਕਾਇਤ ਤੋਂ ਬਾਅਦ ਗ੍ਰਿਫਤਾਰ ਕੀਤਾ ਗਿਆ ਸੀ।

ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਜ਼ਮੀਨ ਖਰੀਦਣ ਤੋਂ ਬਾਅਦ ਉਹ ਜਾਇਦਾਦ ਦੀ ਰਜਿਸਟਰੀ ਕਰਵਾਉਣ ਲਈ ਦੋਸ਼ੀ ਨੂੰ ਮਿਲਿਆ ਸੀ। ਸ਼ਿਕਾਇਤਕਰਤਾ ਨੇ ਲੋੜੀਂਦੀ ਰਜਿਸਟ੍ਰੇਸ਼ਨ ਫੀਸ ਡੀਡ ਰਾਈਟਰ ਨੂੰ ਟਰਾਂਸਫਰ ਕਰ ਦਿੱਤੀ ਸੀ, ਜਿਸ ਨੇ ਰਜਿਸਟ੍ਰੇਸ਼ਨ ਦੀ ਪ੍ਰਕਿਰਿਆ ਪੂਰੀ ਕਰ ਲਈ ਸੀ ਪਰ ਫਿਰ ਇਹ ਕਹਿ ਕੇ 30,000 ਰੁਪਏ ਦੀ ਰਿਸ਼ਵਤ ਦੀ ਮੰਗ ਕੀਤੀ ਸੀ ਕਿ ਅਦਾਇਗੀ ਤੋਂ ਬਾਅਦ ਰਜਿਸਟਰੀ ਦੇ ਅਸਲ ਦਸਤਾਵੇਜ਼ਾਂ ‘ਤੇ ਤਹਿਸੀਲਦਾਰ ਦੇ ਦਸਤਖਤ ਹੀ ਹੋਣਗੇ।

ਸ਼ਿਕਾਇਤ ਦੀ ਪੜਤਾਲ ਕਰਨ ਤੋਂ ਬਾਅਦ, ਅੰਮ੍ਰਿਤਸਰ ਰੇਂਜ ਤੋਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਡੀਡ ਰਾਈਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 30,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਦੀਆਂ ਸਬੰਧਤ ਧਾਰਾਵਾਂ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕਰ ਲਿਆ ਗਿਆ ਹੈ ਅਤੇ ਮਾਮਲੇ ਦੀ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ।

LEAVE A REPLY

Please enter your comment!
Please enter your name here