ਤਰਨਤਾਰਨ ਜ਼ਿਮਨੀ ਚੋਣ ਮੌਕੇ ਪਿਛਲੇ ਇਕ ਹਫਤੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਦੇ ਘਰ ਦੇ ਸਾਹਮਣੇ ਆਪਣੀਆਂ ਮੰਗਾਂ ਨੂੰ ਲੈ ਕੇ ਸ਼ਾਂਤਮਈ ਢੰਗ ਨਾਲ ਧਰਨਾ ਦੇ ਰਹੇ ਕੰਪਿਊਟਰ ਅਧਿਆਪਕਾਂ ਦੇ ਧਰਨੇ ਨੂੰ ਪੁਲਿਸ ਵੱਲੋਂ ਜਬਰੀ ਟੈਂਟ ਪੁੱਟ ਕੇ ਹਟਾ ਦਿੱਤਾ ਗਿਆ ਅਤੇ ਧਰਨਾ ਦੇ ਰਹੇ ਅਧਿਆਪਕਾਂ ਨੂੰ ਗੱਡੀ ਵਿੱਚ ਬੈਠਾ ਕੇ ਥਾਣੇ ਲਿਆਉਣ ਤੋਂ ਬਾਅਦ ਰਿਹਾਅ ਕਰ ਦਿੱਤਾ ਗਿਆ।
ਕੰਪਿਊਟਰ ਅਧਿਆਪਕਾਂ ਵੱਲੋਂ ਸਥਾਨਕ ਗਾਂਧੀ ਪਾਰਕ ਵਿਖੇ ਮੁੜ ਧਰਨਾ ਲਗਾ ਦਿੱਤਾ ਗਿਆ ਹੈ। ਕੰਪਿਊਟਰ ਅਧਿਆਪਕਾਂ ਦੇ ਧਰਨੇ ਵਿੱਚ ਕੇਂਦਰੀ ਮੰਤਰੀ ਰਵਨੀਤ ਬਿੱਟੂ ਵੱਲੋਂ ਪਹੁੰਚ ਕੇ ਅਧਿਆਪਕਾਂ ਦੀ ਸਾਰ ਲਈ ਗਈ। ਇਸ ਮੌਕੇ ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਦੱਸਿਆ ਕਿ ਪਿਛਲੇ ਲੰਮੇ ਸਮੇਂ ਤੋਂ ਆਪਣੀਆਂ ਮੰਗਾਂ ਨੂੰ ਲੈ ਕੇ ਰੋਸ ਪ੍ਰਦਰਸ਼ਨ ਕਰ ਰਹੇ ਹਨ। ਕੰਪਿਊਟਰ ਅਧਿਆਪਕਾਂ ਨੇ ਦੱਸਿਆ ਕਿ ਸਰਕਾਰ ਵੱਲੋਂ ਲਗਾਤਾਰ ਉਨ੍ਹਾਂ ਨਾਲ ਮੀਟਿੰਗਾਂ ਕਰਕੇ ਲਾਰੇ ਲਗਾ ਕੇ ਟਾਈਮ ਪਾਸ ਕੀਤਾ ਜਾ ਰਿਹਾ ਹੈ।
ਉਨ੍ਹਾਂ ਦੱਸਿਆ ਕਿ ਹੁਣ ਉਹ ਜ਼ਿਮਨੀ ਚੋਣ ਮੌਕੇ ਪਿਛਲੇ ਇੱਕ ਹਫ਼ਤੇ ਤੋਂ ਸ਼ਾਂਤਮਈ ਧਰਨਾ ਦੇ ਰਹੇ ਸਨ ਪਰ ਅੱਜ ਪੁਲਿਸ ਵੱਲੋਂ ਉਨ੍ਹਾਂ ਦੇ ਧਰਨੇ ਨੂੰ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਘਰ ਦੇ ਸਾਹਮਣੇ ਤੋਂ ਟੈਂਟ ਪੁੱਟ ਕੇ ਹਟਾ ਦਿੱਤਾ ਗਿਆ ਅਤੇ ਧਰਨਾ ਦੇ ਰਹੇ ਅਧਿਆਪਕਾਂ ਨੂੰ ਪੁਲਿਸ ਗੱਡੀ ਵਿੱਚ ਬੈਠਾ ਕੇ ਥਾਣੇ ਲੈ ਗਈ ਅਤੇ ਬਾਅਦ ਵਿੱਚ ਉਨ੍ਹਾਂ ਰਿਹਾ ਕਰ ਦਿੱਤਾ ਗਿਆ ਹੈ। ਪ੍ਰਦਰਸ਼ਨਕਾਰੀ ਅਧਿਆਪਕਾਂ ਨੇ ਕਿਹਾ ਕਿ ਸਰਕਾਰ ਮੁਲਾਜ਼ਮਾਂ ਦੇ ਧਰਨਿਆਂ ਤੋਂ ਘਬਰਾ ਗਈ ਹੈ ਅਤੇ ਹੋਸੇ ਹਥਿਆਰਾਂ ‘ਤੇ ਉਤਰ ਆਈ ਹੈ।









