ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ ਮੁਖੀ ਬਾਬਾ ਬਲਬੀਰ ਸਿੰਘ 96ਵੇ ਕਰੋੜੀ ਨੇ ਸ੍ਰੀ ਅਨੰਦਪੁਰ ਸਾਹਿਬ ਦੇ ਇਤਿਹਾਸਿਕ ਚਰਨ ਗੰਗਾ ਸਟੇਡੀਅਮ ਦੀ ਦਸ਼ਾ ਨੂੰ ਸੁਧਾਰਨ, ਸ੍ਰੀ ਅਨੰਦਪੁਰ ਸਾਹਿਬ ਵਿਖੇ ਪੰਜਾਬ ਸਰਕਾਰ ਵੱਲੋਂ ਨਵੀਂ ਯੂਨੀਵਰਸਿਟੀ ਬਣਾਉਣ ਸਮੇਤ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਬਣਾਉਣ ਦੀ ਸਰਕਾਰ ਤੋਂ ਮੰਗ ਕੀਤੀ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਜਿਸ ਕਿਸੇ ਨੇ ਵੀ ਸ੍ਰੀ ਅਨੰਦਪੁਰ ਸਾਹਿਬ ਦੀ ਤਰੱਕੀ ਵਿੱਚ ਯੋਗਦਾਨ ਪਾਇਆ ,ਉਸ ਨੂੰ ਅੱਜ ਵੀ ਲੋਕ ਯਾਦ ਕਰਦੇ ਹਨ।
ਉਹਨਾਂ ਕਿਹਾ ਕਿ ਗਿਆਨੀ ਜ਼ੈਲ ਸਿੰਘ ਤੇ ਸਾਬਕਾ ਮੁੱਖ ਮੰਤਰੀ ਸਰਦਾਰ ਪ੍ਰਕਾਸ਼ ਸਿੰਘ ਬਾਦਲ ਵੱਲੋਂ ਕੀਤੇ ਗਏ ਚੰਗੇ ਕਾਰਜਾਂ ਕਰਕੇ ਹੀ ਅੱਜ ਇਹਨਾਂ ਸ਼ਖਸ਼ੀਅਤਾਂ ਦਾ ਨਾਂ ਲੋਕਾਂ ਦੀ ਜ਼ੁਬਾਨ ‘ਤੇ ਹੈ। ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਸ੍ਰੀ ਅਨੰਦਪੁਰ ਸਾਹਿਬ ਵਿਖੇ ਬੁਲਾਉਣ ਦਾ ਤਾਂ ਹੀ ਫਾਇਦਾ ਹੈ ਜੇਕਰ ਸਰਕਾਰ ਸ੍ਰੀ ਅਨੰਦਪੁਰ ਸਾਹਿਬ ਨੂੰ ਜ਼ਿਲਾ ਘੋਸ਼ਿਤ ਕਰਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੀ ਸਰਕਾਰ ਨੂੰ ਵੀ ਤਾਂ ਹੀ ਯਾਦ ਰੱਖਿਆ ਜਾਵੇਗਾ। ਜੇਕਰ ਉਹ ਖਾਲਸਾ ਪੰਥ ਦੀ ਨਗਰੀ ਸ੍ਰੀ ਅਨੰਦਪੁਰ ਸਾਹਿਬ ਦੇ ਵਿਕਾਸ ਲਈ ਜੇਕਰ ਕੁਝ ਕਰਦੇ ਹਨ।
ਕੇਂਦਰੀ ਰੇਲਵੇ ਮੰਤਰੀ ਰਵਨੀਤ ਬਿੱਟੂ ਵੱਲੋਂ ਸ਼ਤਾਬਦੀ ਮੌਕੇ ਚਲਾਈਆਂ ਜਾ ਰਹੀਆਂ ਦੋ ਨਵੀਆਂ ਟ੍ਰੇਨਾਂ ਬਾਰੇ ਪੁੱਛੇ ਸਵਾਲ ਦੇ ਜਵਾਬ ਵਿੱਚ ਬਾਬਾ ਬਲਬੀਰ ਸਿੰਘ ਨੇ ਕਿਹਾ ਕਿ ਟਰੇਨਾਂ ਚਲਾਉਣ ਦੇ ਨਾਲ ਕੁਝ ਨਹੀਂ ਹੋਣਾ, ਜੇਕਰ ਕੇਂਦਰ ਸਰਕਾਰ ਕੁਝ ਕਰਨਾ ਚਾਹੁੰਦੀ ਹੈ ਤਾਂ ਸ੍ਰੀ ਅਨੰਦਪੁਰ ਸਾਹਿਬ ਲਈ ਖੁੱਲੇ ਗੱਫੇ ਦੇਵੇ। ਉਹਨਾਂ ਕਿਹਾ ਕਿ ਜੇਕਰ ਹੋਰ ਪ੍ਰਦੇਸ਼ਾਂ ਵਿੱਚ ਮਨਾਈਆਂ ਜਾਣ ਵਾਲੀਆਂ ਸ਼ਤਾਬਦੀਆਂ ਲਈ ਖੁੱਲੀ ਮਾਇਆ ਦਿੱਤੀ ਜਾ ਸਕਦੀ ਹੈ ਤਾਂ ਸ੍ਰੀ ਅਨੰਦਪੁਰ ਸਾਹਿਬ ਵਿਖੇ ਮਨਾਈ ਜਾਣ ਵਾਲੀ ਸ਼ਤਾਬਦੀ ਲਈ ਵੀ ਕੇਂਦਰ ਨੂੰ ਖੁੱਲ ਕੇ ਪੈਸੇ ਦੇਣੇ ਚਾਹੀਦੇ ਹਨ।









