ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਮੰਤਰੀ ਡਾ: ਬਲਜੀਤ ਕੌਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਦੀ ਭਲਾਈ ਲਈ ਜ਼ਰੂਰੀ ਕਦਮ ਚੁੱਕ ਰਹੀ ਹੈ ਅਤੇ ਮੁਲਾਜ਼ਮਾਂ ਦੇ ਅਧਿਕਾਰਾਂ ਦੀ ਰਾਖੀ ਅਤੇ ਉਨ੍ਹਾਂ ਦੇ ਕਰੀਅਰ ਦੇ ਵਿਕਾਸ ਲਈ ਬਰਾਬਰ ਵਚਨਬੱਧ ਹੈ।
ਇਸ ਤਹਿਤ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਗਰੇਡ-4 ਦੇ 24 ਮੁਲਾਜ਼ਮਾਂ ਨੂੰ ਕਲਰਕ ਦੇ ਅਹੁਦੇ ’ਤੇ ਪਦਉੱਨਤ ਕੀਤਾ ਗਿਆ ਹੈ। ਕੈਬਨਿਟ ਮੰਤਰੀ ਡਾ: ਬਲਜੀਤ ਕੌਰ ਨੇ ਅੱਜ ਪੰਜਾਬ ਭਵਨ ਵਿਖੇ ਇਨ੍ਹਾਂ ਨਵੇਂ ਪਦਉਨਤ ਹੋਏ ਮੁਲਾਜ਼ਮਾਂ ਨੂੰ ਤਰੱਕੀ ਦੇ ਹੁਕਮ ਸੌਂਪੇ।
ਤਰੱਕੀ ਪ੍ਰਾਪਤ ਕਰਨ ਵਾਲਿਆਂ ਵਿੱਚ 4 ਵਿਸ਼ੇਸ਼ ਤੌਰ ‘ਤੇ ਯੋਗ ਕਰਮਚਾਰੀ ਹਨ, ਜਿਨ੍ਹਾਂ ਨੂੰ ਬਰਾਬਰ ਮੌਕੇ ਅਤੇ ਨਿਰਪੱਖ ਤਰੱਕੀ ਦੇ ਮਾਪਦੰਡਾਂ ਦੇ ਅਧਾਰ ‘ਤੇ ਕਲਰਕ ਦੇ ਅਹੁਦੇ ‘ਤੇ ਤਰੱਕੀ ਦਿੱਤੀ ਗਈ ਹੈ। ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਕਰਮਚਾਰੀਆਂ ਨੂੰ ਬਰਾਬਰ ਦੇ ਹੱਕ, ਸਨਮਾਨ ਅਤੇ ਤਰੱਕੀ ਦੇ ਮੌਕੇ ਪ੍ਰਦਾਨ ਕਰਨ ਲਈ ਪੂਰੀ ਤਰ੍ਹਾਂ ਸਮਰਪਿਤ ਹੈ ਅਤੇ ਇਹ ਫੈਸਲਾ ਉਸ ਦ੍ਰਿੜ ਵਚਨਬੱਧਤਾ ਦੀ ਪ੍ਰਤੱਖ ਉਦਾਹਰਣ ਹੈ।
ਡਾ: ਬਲਜੀਤ ਕੌਰ ਨੇ ਨਵ-ਨਿਯੁਕਤ ਕਲਰਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਵਿਭਾਗ ਬਜ਼ੁਰਗਾਂ, ਔਰਤਾਂ, ਬੱਚਿਆਂ ਅਤੇ ਲੋੜਵੰਦਾਂ ਦੀ ਭਲਾਈ ਲਈ ਕੰਮ ਕਰਦਾ ਹੈ। ਇਸ ਲਈ ਨਵੀਆਂ ਜ਼ਿੰਮੇਵਾਰੀਆਂ ਨੂੰ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣਾ ਬਹੁਤ ਜ਼ਰੂਰੀ ਹੈ।
ਮੀਟਿੰਗ ਦੌਰਾਨ ਮੰਤਰੀ ਨੇ ਵਿਭਾਗ ਦੇ ਅਧਿਕਾਰੀਆਂ ਨੂੰ ਪਦਉੱਨਤ ਹੋਏ ਕਰਮਚਾਰੀਆਂ ਨੂੰ ਢੁਕਵੀਂ ਅਤੇ ਸ਼ੁਰੂਆਤੀ ਸਿਖਲਾਈ ਦੇਣ ਦੇ ਨਿਰਦੇਸ਼ ਦਿੱਤੇ ਤਾਂ ਜੋ ਉਹ ਆਪਣੀ ਡਿਊਟੀ ਨੂੰ ਹੋਰ ਪ੍ਰਭਾਵਸ਼ਾਲੀ ਅਤੇ ਪੇਸ਼ੇਵਰ ਢੰਗ ਨਾਲ ਨਿਭਾ ਸਕਣ।









