ਪੰਜਾਬ ਵਿਜੀਲੈਂਸ ਬਿਊਰੋ (VB) ਨੇ ਨਗਰ ਨਿਗਮ, ਲੁਧਿਆਣਾ ਵਿਖੇ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 150000/- ਰੁਪਏ ਰਿਸ਼ਵਤ ਲੈਂਦੇ ਹੋਏ ਗ੍ਰਿਫ਼ਤਾਰ ਕੀਤਾ ਹੈ।
ਅੱਜ ਇੱਥੇ ਇਹ ਖੁਲਾਸਾ ਕਰਦੇ ਹੋਏ ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਇਹ ਗ੍ਰਿਫ਼ਤਾਰੀ ਪਿੰਡ ਜਮਾਲਪੁਰ ਅਵਾਣਾ, ਫੋਕਲ ਪੁਆਇੰਟ ਲੁਧਿਆਣਾ ਦੇ ਇੱਕ ਨਿਵਾਸੀ ਵੱਲੋਂ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਅੱਗੇ ਕਿਹਾ ਕਿ ਸ਼ਿਕਾਇਤਕਰਤਾ ਨੇ ਇਲਜ਼ਾਮ ਲਗਾਇਆ ਹੈ ਕਿ ਮੁਲਜ਼ਮ ਸੀਵਰਮੈਨ ਨੇ ਸ਼ਿਕਾਇਤਕਰਤਾ ਨੂੰ ਨਗਰ ਨਿਗਮ ਲੁਧਿਆਣਾ (Municipal Corporation Ludhiana) ਵਿੱਚ ਸੀਵਰਮੈਨ ਵਜੋਂ ਭਰਤੀ ਕਰਵਾਉਣ ਦੇ ਬਦਲੇ ਤਿੰਨ ਕਿਸ਼ਤਾਂ ਵਿੱਚ 1,50,000/- ਰੁਪਏ ਦੀ ਰਿਸ਼ਵਤ ਲਈ ਸੀ।
ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਮੁਲਜ਼ਮ ਵੱਲੋਂ ਰਿਸ਼ਵਤ ਦੀ ਰਕਮ ਲੈਂਦੇ ਹੋਏ ਵੀਡੀਓ ਰਿਕਾਰਡ ਕੀਤੀ ਸੀ। ਮੁਲਜ਼ਮ ਬਹਾਦਰ ਸਿੰਘ ਨੇ ਸ਼ਿਕਾਇਤਕਰਤਾ ਤੋਂ ਢਾਈ ਸਾਲ ਸੀਵਰੇਜ ਦੀ ਸਫਾਈ ਦਾ ਕੰਮ ਵੀ ਕਰਵਾਇਆ ਪਰ ਉਸ ਕੰਮ ਲਈ ਉਸਨੂੰ ਕੋਈ ਤਨਖਾਹ ਨਹੀਂ ਦਿੱਤੀ ਗਈ। ਇਸ ਤੋਂ ਇਲਾਵਾ, ਉਨ੍ਹਾਂ ਅੱਗੇ ਕਿਹਾ ਕਿ ਜੇਕਰ ਜਾਂਚ ਦੌਰਾਨ ਨਗਰ ਨਿਗਮ ਲੁਧਿਆਣਾ ਦੇ ਕਿਸੇ ਹੋਰ ਅਧਿਕਾਰੀ ਦੀ ਸ਼ਮੂਲੀਅਤ ਸਾਹਮਣੇ ਆਈ, ਤਾਂ ਉਸ ਅਧਿਕਾਰੀ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਤਸਦੀਕ ਦੌਰਾਨ ਉਪਰੋਕਤ ਦੋਸ਼ ਸੱਚ ਪਾਏ ਗਏ। ਇਸ ਸਬੰਧ ਵਿੱਚ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ ਲੁਧਿਆਣਾ ਰੇਂਜ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਮਾਮਲੇ ਦੀ ਹੋਰ ਜਾਂਚ ਜਾਰੀ ਹੈ।









