ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਦੀ ਮਰਯਾਦਾ ਨੂੰ ਠੇਸ ਪਹੁੰਚਾਉਣ ਦੇ ਦੋਸ਼ ਹੇਠ ਪੁਲਿਸ ਨੇ ਇੱਕ ਮੁਸਲਿਮ ਨੌਜਵਾਨ ਨੂੰ ਗ੍ਰਿਫ਼ਤਾਰ ਕੀਤਾ ਹੈ। ਉਕਤ ਨੌਜਵਾਨ ‘ਤੇ ਸ੍ਰੀ ਦਰਬਾਰ ਸਾਹਿਬ ਦੇ ਪਵਿੱਤਰ ਸਰੋਵਰ ਵਿੱਚ ਵੁਜ਼ੂ (ਕੁਰਲੀ ਕਰਨ) ਦਾ ਇਲਜ਼ਾਮ ਹੈ। ਪੁਲਿਸ ਨੇ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦੇ ਮਾਮਲੇ ਵਿੱਚ ਕਾਰਵਾਈ ਕਰਦਿਆਂ ਨੌਜਵਾਨ ਨੂੰ ਹਿਰਾਸਤ ‘ਚ ਲੈ ਲਿਆ ਹੈ। ਇਸ ਘਟਨਾ ਦੇ ਸਬੰਧ ਵਿੱਚ ਬੀਤੀ ਰਾਤ ਕੁਝ ਸਿੱਖ ਨੌਜਵਾਨਾਂ ਵੱਲੋਂ ਗਾਜ਼ੀਆਬਾਦ ਵਿੱਚ ਉਕਤ ਨੌਜਵਾਨ ਦੇ ਵਿਰੁੱਧ ਸ਼ਿਕਾਇਤ ਦਰਜ਼ ਕਰਵਾਈ ਗਈ ਸੀ।
ਦੂਜੇ ਪਾਸੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਨੇ ਵੀ ਇਸ ਮਾਮਲੇ ਦੀ ਗੰਭੀਰਤਾ ਨੂੰ ਦੇਖਦਿਆਂ ਅੱਜ ਅੰਮ੍ਰਿਤਸਰ ਪੁਲਿਸ ਦੇ ਕੋਲ ਇਸ ਸਬੰਧੀ ਇੱਕ ਲਿਖਤੀ ਸ਼ਿਕਾਇਤ ਦਰਜ਼ ਕਰਵਾਈ ਸੀ। ਪੁਲਿਸ ਮੁਤਾਬਕ ਨੌਜਵਾਨ ‘ਤੇ ਦੋਸ਼ ਹੈ ਕਿ ਉਸ ਨੇ ਸਰੋਵਰ ਵਿੱਚ ਵੁਜ਼ੂ (ਕੁਰਲੀ) ਕਰਕੇ ਸਿੱਖ ਸੰਗਤ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਫਿਲਹਾਲ ਪੁਲਿਸ ਵੱਲੋਂ ਨੌਜਵਾਨ ਨੂੰ ਆਪਣੀ ਹਿਰਾਸਤ ‘ਚ ਲੈਕੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ।









