Wednesday, June 17, 2026
Home ਚੰਡੀਗੜ੍ਹ ਕੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ CM ਭਗਵੰਤ ਮਾਨ ?...

ਕੀ ਮੁੱਖ ਮੰਤਰੀ ਦੇ ਅਹੁਦੇ ਤੋਂ ਅਸਤੀਫ਼ਾ ਦੇਣਗੇ CM ਭਗਵੰਤ ਮਾਨ ? ਵਿਰੋਧੀਆਂ ਨੇ ਚੁੱਕੇ ਸਵਾਲ

0
10098

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਧਾਰਮਿਕ ਦੁਰਵਿਹਾਰ ਦਾ ਦੋਸ਼ੀ ਕਰਾਰ ਦਿੱਤੇ ਜਾਣ ਤੋਂ ਬਾਅਦ ਇਸ ਮਾਮਲੇ ‘ਤੇ ਸਿਆਸਤ ਤੇਜ਼ ਹੋ ਗਈ ਹੈ। ਕਾਂਗਰਸ ਨੇ ਮੁੱਖ ਮੰਤਰੀ ਭਗਵੰਤ ਮਾਨ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਆਮ ਆਦਮੀ ਪਾਰਟੀ (AAP) ਅਤੇ ਇਸ ਦੇ ਕੌਮੀ ਕਨਵੀਨਰ Arvind Kejriwal ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ।

ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਅਤੇ ਸੰਸਦ ਮੈਂਬਰ ਸੁਖਜਿੰਦਰ ਸਿੰਘ ਰੰਧਾਵਾ ਨੇ ਸੋਸ਼ਲ ਮੀਡੀਆ ਪਲੇਟਫਾਰਮ X ‘ਤੇ ਪੋਸਟ ਕਰਕੇ ਅਰਵਿੰਦ ਕੇਜਰੀਵਾਲ ਨੂੰ ਸਿੱਧਾ ਸਵਾਲ ਪੁੱਛਿਆ ਹੈ ਕਿ ਕੀ ਉਹ ਭਗਵੰਤ ਮਾਨ ਤੋਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਮੰਗਣਗੇ।

ਰੰਧਾਵਾ ਨੇ ਮਾਨ ਤੋਂ ਅਸਤੀਫ਼ੇ ਦੀ ਕੀਤੀ ਮੰਗ

ਰੰਧਾਵਾ ਨੇ ਆਪਣੀ ਪੋਸਟ ਵਿੱਚ ਲਿਖਿਆ, “ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫੈਸਲੇ ਤੋਂ ਬਾਅਦ ਦੇਸ਼-ਵਿਦੇਸ਼ ਵਿੱਚ ਵੱਸਦੇ ਕਰੋੜਾਂ ਸਿੱਖਾਂ ਵਿੱਚ ਡੂੰਘਾ ਦੁੱਖ ਅਤੇ ਰੋਸ ਹੈ। ਅਜਿਹੇ ਹਾਲਾਤਾਂ ਵਿੱਚ ਭਗਵੰਤ ਮਾਨ ਨੂੰ ਨੈਤਿਕ ਜ਼ਿੰਮੇਵਾਰੀ ਲੈਂਦਿਆਂ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।” ਉਨ੍ਹਾਂ ਕਿਹਾ ਕਿ ਜੇਕਰ ਮਾਨ ਅਜਿਹਾ ਨਹੀਂ ਕਰਦੇ ਤਾਂ ਅਰਵਿੰਦ ਕੇਜਰੀਵਾਲ ਨੂੰ ਸਪੱਸ਼ਟ ਕਰਨਾ ਚਾਹੀਦਾ ਹੈ ਕਿ ਕੀ ਉਹ ਉਨ੍ਹਾਂ ਤੋਂ ਅਸਤੀਫ਼ਾ ਮੰਗਣਗੇ।

ਰੰਧਾਵਾ ਨੇ ਕਿਹਾ ਕਿ ਪੰਜਾਬ ਦੀ ਜਨਤਾ ਜਾਣਨਾ ਚਾਹੁੰਦੀ ਹੈ ਕਿ ਆਮ ਆਦਮੀ ਪਾਰਟੀ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਅਤੇ ਸਿੱਖ ਭਾਵਨਾਵਾਂ ਨਾਲ ਖੜ੍ਹੀ ਹੈ ਜਾਂ ਸਿਰਫ਼ ਸੱਤਾ ਬਚਾਉਣ ਲਈ ਚੁੱਪ ਧਾਰ ਰਹੀ ਹੈ। ਉਨ੍ਹਾਂ ਇਸ ਨੂੰ ਸਿਆਸਤ ਨਹੀਂ, ਸਗੋਂ ਆਸਥਾ ਅਤੇ ਸਨਮਾਨ ਦਾ ਮਾਮਲਾ ਦੱਸਦਿਆਂ ਕਿਹਾ ਕਿ ਪੰਜਾਬ ਕਦੇ ਵੀ ਪੰਥ ਵਿਰੋਧੀ ਸੋਚ ਨੂੰ ਸਵੀਕਾਰ ਨਹੀਂ ਕਰੇਗਾ।

ਪੰਜਾਬ ਕਾਂਗਰਸ ਨੇ ਮਾਨ ਨੂੰ ‘ਗੁਰੂ-ਦ੍ਰੋਹੀ’ ਅਤੇ ‘ਪੰਥ ਵਿਰੋਧੀ’ ਕਰਾਰ ਦਿੱਤਾ

ਇਸ ਤੋਂ ਪਹਿਲਾਂ ਪੰਜਾਬ ਕਾਂਗਰਸ ਨੇ ਵੀ X ‘ਤੇ ਇੱਕ ਪੋਸਟ ਕਰਕੇ ਦਾਅਵਾ ਕੀਤਾ ਸੀ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ “ਗੁਰੂ-ਦ੍ਰੋਹੀ” ਅਤੇ “ਪੰਥ ਵਿਰੋਧੀ” ਕਰਾਰ ਦਿੱਤਾ ਹੈ। ਕਾਂਗਰਸ ਨੇ ਕਿਹਾ ਕਿ ਕਥਿਤ ਵਾਇਰਲ ਵੀਡੀਓ ਦੀ ਫੋਰੈਂਸਿਕ ਜਾਂਚ ਤੋਂ ਬਾਅਦ ਇਹ ਫੈਸਲਾ ਲਿਆ ਗਿਆ ਹੈ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਸਿੱਖ ਸੰਗਤ ਨੂੰ ਮੁੱਖ ਮੰਤਰੀ ਮਾਨ ਨਾਲ ਕੋਈ ਸਮਾਜਿਕ ਜਾਂ ਧਾਰਮਿਕ ਸਬੰਧ ਨਾ ਰੱਖਣ ਦੀ ਅਪੀਲ ਕੀਤੀ ਹੈ। ਕਾਂਗਰਸ ਦਾ ਕਹਿਣਾ ਹੈ ਕਿ ਇਸ ਫੈਸਲੇ ਤੋਂ ਬਾਅਦ ਭਗਵੰਤ ਮਾਨ ਮੁੱਖ ਮੰਤਰੀ ਅਹੁਦੇ ‘ਤੇ ਬਣੇ ਰਹਿਣ ਦਾ ਨੈਤਿਕ ਅਧਿਕਾਰ ਗੁਆ ਚੁੱਕੇ ਹਨ ਅਤੇ ਉਨ੍ਹਾਂ ਨੂੰ ਤੁਰੰਤ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ।

ਕੀ ਹੈ ਪੂਰਾ ਮਾਮਲਾ?

ਦਰਅਸਲ, ਸੋਮਵਾਰ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਧਾਰਮਿਕ ਦੁਰਵਿਹਾਰ ਦਾ ਦੋਸ਼ੀ ਕਰਾਰ ਦਿੱਤਾ ਸੀ। ਇਹ ਫੈਸਲਾ ਇੱਕ ਕਥਿਤ ਵਾਇਰਲ ਵੀਡੀਓ ਦੇ ਆਧਾਰ ‘ਤੇ ਲਿਆ ਗਿਆ, ਜਿਸ ਵਿੱਚ ਮੁੱਖ ਮੰਤਰੀ ‘ਤੇ ਸਿੱਖ ਗੁਰੂ ਸਾਹਿਬਾਨ ਦੀਆਂ ਤਸਵੀਰਾਂ ‘ਤੇ ਸ਼ਰਾਬ ਛਿੜਕਣ ਦਾ ਆਰੋਪ ਲਗਾਇਆ ਗਿਆ ਹੈ।

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਭਗਵੰਤ ਮਾਨ ਨੂੰ “ਗੁਰੂ-ਦ੍ਰੋਹੀ” ਅਤੇ “ਖ਼ਾਲਸਾ ਪੰਥ ਵਿਰੋਧੀ” ਕਰਾਰ ਦਿੰਦਿਆਂ ਸਿੱਖ ਭਾਈਚਾਰੇ ਨੂੰ ਉਨ੍ਹਾਂ ਨਾਲ ਸਮਾਜਿਕ ਅਤੇ ਧਾਰਮਿਕ ਸਬੰਧ ਖ਼ਤਮ ਕਰਨ ਦੀ ਅਪੀਲ ਕੀਤੀ ਹੈ।
ਨਾਲ ਹੀ ਇਹ ਵੀ ਐਲਾਨ ਕੀਤਾ ਗਿਆ ਹੈ ਕਿ ਪੰਜਾਬ ਦੇ ਸਾਰੇ ਸਿੱਖ ਵਿਧਾਇਕ, ਭਾਵੇਂ ਉਹ ਕਿਸੇ ਵੀ ਸਿਆਸੀ ਪਾਰਟੀ ਨਾਲ ਸਬੰਧਤ ਹੋਣ ਅਤੇ ਰਾਜ ਮੰਤਰੀ ਮੰਡਲ ਦੇ ਮੈਂਬਰ 29 ਜੂਨ ਨੂੰ ਅਕਾਲ ਤਖ਼ਤ ਸਾਹਿਬ ਦੇ ਸਾਹਮਣੇ ਪੇਸ਼ ਹੋਣ।

 

LEAVE A REPLY

Please enter your comment!
Please enter your name here