ਫਰੀਦਕੋਟ ਦੀ ਕੇਂਦਰੀ ਮਾਡਰਨ ਜੇਲ੍ਹ ਵਿੱਚ ਬੰਦ ਇੱਕ ਹਵਾਲਾਤੀ ਦੀ ਸਥਾਨਕ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਦੌਰਾਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਪ੍ਰੇਮ ਨਗਰ, ਕੋਟਕਪੂਰਾ ਵਾਸੀ ਭੁਪਿੰਦਰ ਸਿੰਘ ਵਜੋਂ ਹੋਈ ਹੈ। ਉਹ ਨਸ਼ਾ ਤਸਕਰੀ ਨਾਲ ਜੁੜੇ ਇੱਕ ਮਾਮਲੇ ਵਿੱਚ ਪਿਛਲੇ ਕਰੀਬ ਤਿੰਨ ਮਹੀਨਿਆਂ ਤੋਂ ਨਿਆਂਇਕ ਹਿਰਾਸਤ ਤਹਿਤ ਜੇਲ੍ਹ ਵਿੱਚ ਬੰਦ ਸੀ।
ਜਾਣਕਾਰੀ ਮੁਤਾਬਕ ਥਾਣਾ ਸਿਟੀ ਕੋਟਕਪੂਰਾ ਪੁਲਿਸ ਨੇ ਭੁਪਿੰਦਰ ਸਿੰਘ ਨੂੰ 14 ਮਈ 2026 ਨੂੰ NDPS ਐਕਟ ਤਹਿਤ ਦਰਜ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ 15 ਮਈ 2026 ਤੋਂ ਉਸ ਨੂੰ ਕੇਂਦਰੀ ਮਾਡਰਨ ਜੇਲ੍ਹ, ਫਰੀਦਕੋਟ ਵਿੱਚ ਰੱਖਿਆ ਗਿਆ ਸੀ।
ਜੇਲ੍ਹ ਪ੍ਰਸ਼ਾਸਨ ਨੂੰ ਪੋਸਟਮਾਰਟਮ ਰਿਪੋਰਟ ਦੀ ਉਡੀਕ
ਜੇਲ੍ਹ ਪ੍ਰਸ਼ਾਸਨ ਮੁਤਾਬਕ 11 ਅਗਸਤ 2026 ਨੂੰ ਜੇਲ੍ਹ ਵਿੱਚ ਬੰਦ ਭੁਪਿੰਦਰ ਸਿੰਘ ਦੀ ਅਚਾਨਕ ਤਬੀਅਤ ਖਰਾਬ ਹੋ ਗਈ। ਹਾਲਤ ਵਿਗੜਨ ‘ਤੇ ਉਸ ਨੂੰ ਤੁਰੰਤ ਇਲਾਜ ਲਈ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਅਤੇ ਹਸਪਤਾਲ, ਫਰੀਦਕੋਟ ਵਿੱਚ ਦਾਖ਼ਲ ਕਰਵਾਇਆ ਗਿਆ। ਹਸਪਤਾਲ ਵਿੱਚ ਡਾਕਟਰਾਂ ਦੀ ਨਿਗਰਾਨੀ ਹੇਠ ਉਸ ਦਾ ਇਲਾਜ ਸ਼ੁਰੂ ਕੀਤਾ ਗਿਆ ਪਰ ਮੰਗਲਵਾਰ ਰਾਤ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੈਡੀਕਲ ਕਾਲਜ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਮੌਤ ਦੇ ਅਸਲ ਕਾਰਨਾਂ ਦਾ ਪਤਾ ਲੱਗ ਸਕੇਗਾ। ਫਿਲਹਾਲ ਜੇਲ੍ਹ ਪ੍ਰਸ਼ਾਸਨ ਅਤੇ ਸਬੰਧਤ ਵਿਭਾਗ ਵੱਲੋਂ ਮਾਮਲੇ ਵਿੱਚ ਨਿਰਧਾਰਤ ਕਾਨੂੰਨੀ ਪ੍ਰਕਿਰਿਆ ਤਹਿਤ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।









