ਸ੍ਰੀ ਗੁਰੂ ਨਾਨਕ ਦੇਵ ਜੀ ਪ੍ਰਕਾਸ਼ ਪੁਰਬ: ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਗੁਰਪੁਰਬ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅਗਵਾਈ ਹੇਠ 1796 ਸਿੱਖ ਸ਼ਰਧਾਲੂਆਂ ਦਾ ਜੱਥਾ ਪਾਕਿਸਤਾਨ ਲਈ ਰਵਾਨਾ ਹੋਇਆ। ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੀ ਅਗਵਾਈ ਹੇਠ ਇਸ ਜੱਥੇ ਨੂੰ ਸ਼੍ਰੋਮਣੀ ਕਮੇਟੀ ਦਫਤਰ ਤੋਂ ਖਾਲਸਾਈ ਜਾਹੋ-ਜਲਾਲ ਨਾਲ ਜੈਕਾਰਿਆਂ ਦੀ ਗੂੰਜ ਹੇਠ ਰਵਾਨਾ ਕੀਤਾ ਗਿਆ।
ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ ਅਤੇ ਸਕੱਤਰ ਪ੍ਰਤਾਪ ਸਿੰਘ ਵਲੋਂ ਗਿਆਨੀ ਗੜਗੱਜ, ਜਥਾ ਲੀਡਰ ਐਸਜੀਪੀਸੀ ਮੈਂਬਰ ਬੀਬੀ ਗੁਰਿੰਦਰ ਕੌਰ, ਗੁਰਮੀਤ ਸਿੰਘ ਬੂਹ ਤੇ ਹੋਰਨਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਉ ਅਤੇ ਫੁੱਲਾਂ ਦੇ ਸਿਹਰੇ ਭੇਂਟ ਕਰਕੇ ਸਨਮਾਨਿਤ ਕੀਤਾ ਗਿਆ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਅਸਥਾਨ ਨਨਕਾਣਾ ਸਾਹਿਬ ਸਮੇਤ ਪਾਕਿਸਤਾਨ ਸਥਿਤ ਵੱਖ ਵੱਖ ਗੁਰਧਾਮਾਂ ਦੇ ਦਰਸ਼ਨਾਂ ਲਈ ਸੰਗਤਾਂ ਚ ਹਮੇਸ਼ਾਂ ਹੀ ਤਾਂਘ ਰਹਿੰਦੀ ਹੈ। ਜੱਥੇ ਨਾਲ ਜਾਣ ਦਾ ਮੌਕਾ ਮਿਲਣ ਸ਼ਰਧਾਲੂਆਂ ਵੱਲੋਂ ਅਤਿਅੰਤ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ। ਸ਼ਰਧਾਲੂਆਂ ਅਨੁਸਾਰ ਉਹ ਆਪਣੇ-ਆਪ ਨੂੰ ਬੇਹੱਦ ਖੁਸ਼ਕਿਸਮਤ ਮੰਨਦੇ ਹਨ ਕਿ ਉਹਨਾਂ ਨੂੰ 1947 ਚ ਭਾਰਤ ਪਾਕ ਵੰਡ ਦੌਰਾਨ ਸਿੱਖ ਕੌਮ ਤੋਂ ਵਿਛੜੇ ਪਾਵਨ ਪਵਿੱਤਰ ਗੁਰਧਾਮਾਂ ਦੇ ਦਰਸ਼ਨ ਦੀਦਾਰ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਭਾਰਤ ਪਾਕ ਸਰਕਾਰਾਂ ਨੂੰ ਅਪੀਲ ਕੀਤੀ ਕਿ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦਿਆਂ ਖੁੱਲ੍ਹਦਿਲੀ ਨਾਲ ਵੀਜੇ ਦਿੱਤੇ ਜਾਣ।
ਸ਼੍ਰੋਮਣੀ ਕਮੇਟੀ ਵੱਲੋਂ ਜਥੇ ਨੂੰ ਅਟਾਰੀ ਪਹੁੰਚਾਉਣ ਦੇ ਲਈ ਵਿਸ਼ੇਸ਼ ਬੱਸਾਂ ਦਾ ਪ੍ਰਬੰਧ ਕੀਤਾ ਗਿਆ। ਇਸ ਦੇ ਨਾਲ ਨਾਲ ਸ਼ਰਧਾਲੂਆਂ ਦੇ ਲਈ ਚਾਹ ਪਾਣੀ ਅਤੇ ਲੰਗਰ ਦੇ ਵੀ ਵਿਸ਼ੇਸ਼ ਪ੍ਰਬੰਧ ਕੀਤੇ ਗਏ ਨੇ ਸ਼ਰਧਾਲੂ ਅਟਾਰੀ ਬਾਘਾ ਸਰਹੱਦ ਦੇ ਸੜਕ ਰਸਤੇ ਪਾਕਿਸਤਾਨ ਜਾਣਗੇ ਅਤੇ ਵੱਖ-ਵੱਖ ਧਾਮਾਂ ਦੇ ਦਰਸ਼ਨ ਕਰਕੇ 13 ਨਵੰਬਰ ਨੂੰ ਇਹ ਜੱਥਾ ਭਾਰਤ ਪਰਤੇਗਾ।









