ਅੰਮ੍ਰਿਤਸਰ ਪੁਲਿਸ ਨੇ ਨਸ਼ਾ ਤਸਕਰੀ ਦੇ ਇੱਕ ਵੱਡੇ ਜਾਲ ਦਾ ਪਰਦਾਫਾਸ਼ ਕੀਤਾ ਹੈ। ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਇਹ ਕਾਰਵਾਈ ਗੋਲਡਨ ਗੇਟ, ਅੰਮ੍ਰਿਤਸਰ ਨੇੜੇ ਨਾਕੇ ਦੌਰਾਨ ਕੀਤੀ ਗਈ। ਇਸ ਓਪਰੇਸ਼ਨ ਵਿੱਚ ਦੋ ਅਫੀਮ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਪ੍ਰੀਤ ਸਿੰਘ ਭੁੱਲਰ ਪੁਲਿਸ ਕਮਿਸ਼ਨਰ ਨੇ ਦੱਸਿਆ ਕਿ ਮੁਲਜ਼ਮਾਂ ਤੋਂ ਪੁਲਿਸ ਨੇ 12 ਕਿਲੋਗ੍ਰਾਮ ਅਫੀਮ, ਇੱਕ ਮਹਿੰਗੀ ਕਾਰ ਥਾਰ ਰੋਕਸ ਅਤੇ ਨਸ਼ੀਲੇ ਪਦਾਰਥਾਂ ਦੀ ਮਨੀ ਵੀ ਬਰਾਮਦ ਕੀਤੀ ਹੈ। ਪੁਲਿਸ ਦੇ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਉੱਤਰ ਪ੍ਰਦੇਸ਼ ਦੇ ਬਰੇਲੀ ਤੋਂ ਪੰਜਾਬ ਲਈ ਨਸ਼ੇ ਦੀਆਂ ਖੇਪਾਂ ਲਿਆ ਰਹੇ ਸਨ, ਜਿਨ੍ਹਾਂ ਦੀ ਪਛਾਣ ਹਰਵਿੰਦਰ ਸਿੰਘ ਉਰਫ ਹੈਰੀ ਤੇ ਰਣਜੀਤ ਸਿੰਘ ਉਰਫ ਰਾਣਾ ਵਜੋਂ ਹੋਈ ਹੈ।
ਉਨ੍ਹਾਂ ਦੱਸਿਆ ਕਿ ਇਹ ਵੀ ਸਾਹਮਣੇ ਆਇਆ ਹੈ ਕਿ ਹਰਵਿੰਦਰ ਸਿੰਘ ਉਰਫ ਹੈਰੀ ਦੇ ਭਰਾ ਗੁਰਪ੍ਰੀਤ ਸਿੰਘ ‘ਤੇ ਵੀ ਪਹਿਲਾਂ ਨਸ਼ੇ ਦੀ ਤਸਕਰੀ ਦਾ ਮਾਮਲਾ ਦਰਜ ਹੋਇਆ ਸੀ, ਜਿਸ ਵਿੱਚ 7 ਕਿਲੋ ਅਫੀਮ ਬਰਾਮਦ ਹੋਈ ਸੀ। ਹਰਵਿੰਦਰ ਸਿੰਘ ਉਰਫ ਹੈਰੀ 2022 ਤੋਂ ਨਸ਼ੇ ਦੇ ਕਾਰੋਬਾਰ ਵਿੱਚ ਸਰਗਰਮ ਦੱਸਿਆ ਜਾ ਰਿਹਾ ਹੈ। ਦੋਵੇਂ ਮੁਲਜ਼ਮਾਂ ਨੂੰ 18 ਸਤੰਬਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਜਿਨ੍ਹਾਂ ਦੇ ਕੋਲੋਂ 12 ਕਿਲੋਗ੍ਰਾਮ ਅਫੀਮ ਅਤੇ ਇੱਕ ਕਾਰ (ਥਾਰ ਰੋਕਸ) ਅਤੇ 6 ਹਜ਼ਾਰ ਨਸ਼ੀਲੇ ਪਦਾਰਥਾਂ ਦੀ ਮਨੀ ਬਰਾਮਦ ਹੋਈ ਤੇ ਇਹਨਾਂ ਖ਼ਿਲਾਫ਼ ਮੁਕੱਦਮਾ ਦਰਜ ਕੀਤਾ ਗਿਆ ਹੈ।