ਨਵੇਂ ਵੀਜ਼ਾ ਨਿਯਮਾਂ ਤਹਿਤ ਕੈਨੇਡਾ ਦੇ ਕਿਸੇ ਵੀ ਕਾਲਜ ਜਾਂ ਯੂਨੀਵਰਸਿਟੀ ਵਿੱਚ ਦਾਖ਼ਲੇ ਲਈ ਸਟੱਡੀ ਪਰਮਿਟ ਜਾਰੀ ਕਰਨ ਤੋਂ ਪਹਿਲਾਂ ਦਾਖ਼ਲਾ ਪੱਤਰ ਉਸ ਕਾਲਜ ਜਾਂ ਯੂਨੀਵਰਸਿਟੀ ਵੱਲੋਂ ਤਸਦੀਕ ਕੀਤਾ ਜਾਵੇਗਾ। ਉਥੋਂ ਤਸਦੀਕ ਕਰਨ ਤੋਂ ਬਾਅਦ ਹੀ ਵਿਦਿਆਰਥੀਆਂ ਨੂੰ ਸਟੱਡੀ ਵੀਜ਼ਾ ਜਾਰੀ ਕੀਤਾ ਜਾਵੇਗਾ।
ਕੈਨੇਡਾ ਦੇ ਇਮੀਗ੍ਰੇਸ਼ਨ ਮੰਤਰੀ ਮਾਰਕ ਮਿਲਰ ਨੇ ਕਿਹਾ ਕਿ ਕਈ ਵਾਰ ਵਿਦਿਆਰਥੀਆਂ ਨੂੰ ਵੀ ਇਸ ਧੋਖਾਧੜੀ ਬਾਰੇ ਪਤਾ ਨਹੀਂ ਹੁੰਦਾ। ਅਜਿਹੇ ‘ਚ ਅਸੀਂ ਵੀ ਵਿਦਿਆਰਥੀਆਂ ਦੀ ਮਦਦ ਕਰਾਂਗੇ। ਉਨ੍ਹਾਂ ਕਿਹਾ ਕਿ ਮੈਂ ਪਿਛਲੇ ਕਈ ਹਫ਼ਤਿਆਂ ਵਿੱਚ ਕਈ ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਮਿਲਿਆ ਹਾਂ ਅਤੇ ਉਨ੍ਹਾਂ ਨੂੰ ਬਹੁਤ ਸਾਰੀਆਂ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਅਸਲੀ ਵਿਦਿਆਰਥੀਆਂ ਨੂੰ ਕਿਸੇ ਕਿਸਮ ਦੀ ਦਿੱਕਤ ਨਹੀਂ ਆਵੇਗੀ ਜਦਕਿ ਫਰਜ਼ੀ ਵਿਦਿਆਰਥੀਆਂ ਨੂੰ ਕੈਨੇਡਾ ਵਿੱਚ ਦਾਖ਼ਲਾ ਨਹੀਂ ਦਿੱਤਾ ਜਾਵੇਗਾ। ਇਸ ਦੇ ਲਈ ਟਰੈਵਲ ਏਜੰਟਾਂ ਦੀ ਗਰੇਡਿੰਗ ਕੀਤੀ ਜਾਵੇਗੀ। ਇਹ ਸਾਰੀ ਖੇਡ ਏਜੰਟਾਂ ਵੱਲੋਂ ਚਲਾਈ ਜਾ ਰਹੀ ਹੈ।
ਆਈਆਰਸੀਸੀ ਟਾਸਕ ਫੋਰਸ ਪਹਿਲਾਂ ਹੀ 1500 ਤੋਂ ਵੱਧ ਵਿਦਿਆਰਥੀ ਵੀਜ਼ਾ ਅਰਜ਼ੀਆਂ ਦੀ ਪਛਾਣ ਕਰ ਚੁੱਕੀ ਹੈ ਜਿਨ੍ਹਾਂ ਵਿੱਚ ਜਾਅਲੀ ਐਡਮਿਟ ਕਾਰਡ ਹਨ। ਇਨ੍ਹਾਂ ਵਿੱਚੋਂ 450 ਵਿਦਿਆਰਥੀ ਕਿਸੇ ਨਾ ਕਿਸੇ ਤਰ੍ਹਾਂ ਜਾਅਲੀ ਐਡਮਿਟ ਕਾਰਡਾਂ ਦੀ ਮਦਦ ਨਾਲ ਕੈਨੇਡਾ ਪਹੁੰਚ ਗਏ। ਇਨ੍ਹਾਂ ਵਿੱਚੋਂ 263 ਕੇਸਾਂ ਦੀ ਜਾਂਚ ਕੀਤੀ ਜਾ ਰਹੀ ਹੈ, ਜਿਨ੍ਹਾਂ ਵਿੱਚੋਂ 63 ਕੇਸ ਅਸਲੀ ਅਤੇ 103 ਕੇਸ ਫਰਜ਼ੀ ਪਾਏ ਗਏ ਹਨ। ਇਨ੍ਹਾਂ ਵਿੱਚੋਂ 25 ਦੇ ਕਰੀਬ ਕੇਸ ਪੰਜਾਬ ਦੇ ਵਿਦਿਆਰਥੀਆਂ ਨਾਲ ਵੀ ਸਬੰਧਤ ਹਨ। ਹੁਣ ਫਰਜ਼ੀ ਵਿਦਿਆਰਥੀਆਂ ਨੂੰ ਡਿਪੋਰਟ ਕੀਤਾ ਜਾਵੇਗਾ।