ਆਮ ਆਦਮੀ ਪਾਰਟੀ (ਆਪ) ਨੂੰ ਅੱਜ ਤਰਨਤਾਰਨ ਵਿੱਚ ਉਸ ਸਮੇਂ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਹਰਪਾਲ ਸਿੰਘ, ਜਿਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਆਪਣੀ ਨਾਮਜ਼ਦਗੀ ਦਾਖ਼ਲ ਕੀਤੀ ਸੀ, ਨੇ ‘ਆਪ’ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਹੱਕ ਵਿੱਚ ਨਾਮਜ਼ਦਗੀ ਵਾਪਸ ਲੈ ਲਈ। ‘ਆਪ’ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਉਨ੍ਹਾਂ ਨੂੰ ਰਸਮੀ ਤੌਰ ‘ਤੇ ਪਾਰਟੀ ‘ਚ ਸ਼ਾਮਲ ਕੀਤਾ।
ਅੱਜ ਇੱਥੇ ਇੱਕ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਮਨ ਅਰੋੜਾ ਨੇ ਕਿਹਾ ਕਿ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ ਆਪਣੀ ਸਰਕਾਰ ਦੇ ਪ੍ਰਭਾਵਸ਼ਾਲੀ ਕੰਮਾਂ ਤੋਂ ਪ੍ਰੇਰਿਤ ਹੋ ਕੇ ਚੰਗੇ ਆਗੂ ਦੂਜੀਆਂ ਪਾਰਟੀਆਂ ਛੱਡ ਕੇ ‘ਆਪ’ ਪਰਿਵਾਰ ਵਿੱਚ ਸ਼ਾਮਲ ਹੋ ਰਹੇ ਹਨ। ਇਸ ਮੌਕੇ ਉਨ੍ਹਾਂ ਨਾਲ ਕੈਬਨਿਟ ਮੰਤਰੀ ਲਾਲਜੀਤ ਸਿੰਘ ਭੁੱਲਰ, ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਾਤ, ਤਲਬੀਰ ਗਿੱਲ, ਵਿਧਾਇਕ ਹਰਦੀਪ ਸਿੰਘ ਡਿੰਪੀ ਢਿੱਲੋਂ (ਗਿੱਦੜਬਾਹਾ), ਵਿਧਾਇਕ ਦਵਿੰਦਰ ਸਿੰਘ ਲਾਡੀ ਢਾਂਸ ਸਮੇਤ ਹੋਰ ਸੀਨੀਅਰ ਆਗੂ ਵੀ ਹਾਜ਼ਰ ਸਨ।
ਅਮਨ ਅਰੋੜਾ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਕਿਹਾ, “ਮੈਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਕਾਂਗਰਸ ਪਾਰਟੀ ਦੇ ਬਲਾਕ ਸੰਮਤੀ ਮੈਂਬਰ ਹਰਪਾਲ ਸਿੰਘ, ਜਿਨ੍ਹਾਂ ਨੇ ਆਜ਼ਾਦ ਉਮੀਦਵਾਰ ਵਜੋਂ ਨਾਮਜ਼ਦਗੀ ਦਾਖਲ ਕੀਤੀ ਸੀ, ਨੇ ਅੱਜ ਸਾਡੇ ਉਮੀਦਵਾਰ ਹਰਮੀਤ ਸਿੰਘ ਸੰਧੂ ਦੇ ਸਮਰਥਨ ਵਿੱਚ ਆਪਣਾ ਨਾਮਜ਼ਦਗੀ ਪੱਤਰ ਵਾਪਸ ਲੈ ਲਿਆ ਹੈ ਅਤੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਹਨ। ਹਰਪਾਲ ਸਿੰਘ ਅਤੇ ਉਨ੍ਹਾਂ ਦੇ ਸਾਥੀਆਂ ਦੇ ਸ਼ਾਮਲ ਹੋਣ ਨਾਲ ਆਮ ਆਦਮੀ ਪਾਰਟੀ ਅਤੇ ਸਾਡੇ ਉਮੀਦਵਾਰ ਨੂੰ ਹੋਰ ਮਜ਼ਬੂਤੀ ਮਿਲੇਗੀ।”
ਇਸ ਮੌਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਏ ਹਰਪਾਲ ਸਿੰਘ ਨੇ ਕਿਹਾ ਕਿ ਉਹ ‘ਆਪ’ ਦੀ ਕਾਰਗੁਜ਼ਾਰੀ ਤੋਂ ਬਹੁਤ ਪ੍ਰਭਾਵਿਤ ਹੋਏ ਹਨ। ਉਨ੍ਹਾਂ ਕਿਹਾ ਕਿ ਤਰਨਤਾਰਨ ਸ਼ਹਿਰ ਦਾ ਸਭ ਤੋਂ ਵੱਡਾ ਮਸਲਾ ਕੂੜੇ ਦੇ ਢੇਰ ਹਨ, ਜੋ ਕੈਂਸਰ ਵਰਗੀਆਂ ਭਿਆਨਕ ਬਿਮਾਰੀਆਂ ਦਾ ਵੱਡਾ ਕਾਰਨ ਬਣ ਚੁੱਕੇ ਹਨ। ਉਨ੍ਹਾਂ ਕਿਹਾ ਕਿ ਹਰਮੀਤ ਸੰਧੂ ਨੇ ਮੈਨੂੰ ਭਰੋਸਾ ਦਿਵਾਇਆ ਹੈ ਕਿ ਉਨ੍ਹਾਂ ਦੀ ਜਿੱਤ ਤੋਂ ਬਾਅਦ ਸ਼ਹਿਰ ਦੀ ਸਫ਼ਾਈ ਦੇ ਮੁੱਦੇ ਨੂੰ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾਵੇਗਾ।
ਉਨ੍ਹਾਂ ਅੱਗੇ ਕਿਹਾ ਕਿ ਇਸ ਤੋਂ ਇਲਾਵਾ ਆਮ ਆਦਮੀ ਪਾਰਟੀ ਵੀ ਨਸ਼ਿਆਂ ਦੀ ਅਲਾਮਤ ਨੂੰ ਨੱਥ ਪਾਉਣ ਲਈ ਗੰਭੀਰਤਾ ਨਾਲ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ, “ਮੈਂ ‘ਆਪ’ ਵਿੱਚ ਇਸ ਲਈ ਸ਼ਾਮਲ ਹੋਇਆ ਹਾਂ ਕਿਉਂਕਿ ਮੈਂ ਇਸ ਦੀਆਂ ਨੀਤੀਆਂ ਤੋਂ ਪ੍ਰੇਰਿਤ ਹਾਂ ਅਤੇ ਆਸ ਕਰਦਾ ਹਾਂ ਕਿ ਇਸ ਦੀ ਅਗਵਾਈ ਵਿੱਚ ਪੰਜਾਬ ਦੇ ਲੰਮੇ ਸਮੇਂ ਤੋਂ ਲਟਕ ਰਹੇ ਵਿਕਾਸ ਕਾਰਜ ਪੂਰੇ ਕੀਤੇ ਜਾਣਗੇ।









