ਦਿੱਲੀ ਵਿਧਾਨ ਸਭਾ ਚੋਣਾਂ ‘ਚ ਆਮ ਆਦਮੀ ਪਾਰਟੀ ਦੀ ਹਾਰ ਤੋਂ ਬਾਅਦ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਸਾਰੇ ਵਿਧਾਇਕਾਂ ਨੂੰ ਦਿੱਲੀ ਤਲਬ ਕੀਤਾ ਹੈ। ਪੰਜਾਬ ਦੇ ‘ਆਪ’ ਵਿਧਾਇਕਾਂ ਦੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਇਹ ਮੀਟਿੰਗ ਮੰਗਲਵਾਰ (11 ਫਰਵਰੀ) ਨੂੰ ਹੋਣੀ ਹੈ। ਇਹ ਬੈਠਕ ਦਿੱਲੀ ਦੇ ਕਪੂਰਥਲਾ ਹਾਊਸ ‘ਚ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਅਗਵਾਈ ‘ਚ ਹੋਵੇਗੀ।
ਇਸ ਸਬੰਧੀ ਪੰਜਾਬ ਦੇ ਸਾਰੇ ਆਮ ਆਦਮੀ ਪਾਰਟੀ ਦੇ ਵਿਧਾਇਕਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਵਿਧਾਇਕਾਂ ਨੂੰ ਮੰਗਲਵਾਰ ਯਾਨੀ 11 ਫਰਵਰੀ ਨੂੰ ਆਪਣਾ ਪ੍ਰਸਤਾਵਿਤ ਪ੍ਰੋਗਰਾਮ ਰੱਦ ਕਰਨ ਅਤੇ ਦਿੱਲੀ ਵਿੱਚ ਹੋਣ ਵਾਲੀ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਕਿਹਾ ਗਿਆ ਹੈ।
ਆਮ ਆਦਮੀ ਪਾਰਟੀ ਦਿੱਲੀ ਵਿਧਾਨ ਸਭਾ ਚੋਣਾਂ ਹਾਰ ਗਈ ਹੈ। ਆਮ ਆਦਮੀ ਪਾਰਟੀ ਨੂੰ 22 ਸੀਟਾਂ ਮਿਲੀਆਂ ਹਨ। ਭਾਜਪਾ ਨੇ 48 ਸੀਟਾਂ ਜਿੱਤੀਆਂ ਹਨ। ਦਿੱਲੀ ਵਿਧਾਨ ਸਭਾ ਚੋਣਾਂ ਹਾਰਨ ਤੋਂ ਬਾਅਦ ਹੁਣ ਕੇਜਰੀਵਾਲ ਆਪਣਾ ਸਾਰਾ ਧਿਆਨ ਪੰਜਾਬ ‘ਤੇ ਕੇਂਦਰਿਤ ਕਰਨ ਜਾ ਰਹੇ ਹਨ।
ਕਾਬਿਲੇਗੌਰ ਹੈ ਕਿ ਪੰਜਾਬ ਵਿੱਚ ਹੁਣ ਸਿਰਫ਼ ਆਮ ਆਦਮੀ ਪਾਰਟੀ ਦੀ ਹੀ ਸਰਕਾਰ ਰਹਿ ਗਈ ਹੈ। ਇੱਥੇ ਭਗਵੰਤ ਮਾਨ ਮੁੱਖ ਮੰਤਰੀ ਹਨ। ਪੰਜਾਬ ਵਿੱਚ ਆਮ ਆਦਮੀ ਪਾਰਟੀ ਨੇ ਕਾਂਗਰਸ ਨੂੰ ਹਰਾਇਆ ਸੀ। ਅਜਿਹੇ ‘ਚ ਮੰਨਿਆ ਜਾ ਰਿਹਾ ਹੈ ਕਿ ਕੇਜਰੀਵਾਲ ਨੂੰ ਡਰ ਹੈ ਕਿ ਉਨ੍ਹਾਂ ਦੇ ਕਈ ਵਿਧਾਇਕ ਪਾਰਟੀ ਛੱਡ ਕੇ ਕਿਸੇ ਹੋਰ ਪਾਰਟੀ ‘ਚ ਸ਼ਾਮਲ ਹੋ ਸਕਦੇ ਹਨ।