ਪੰਜਾਬ ਵਿੱਚ ਹੜ੍ਹਾਂ ਦਾ ਸੰਕਟ ਲਗਾਤਾਰ ਡੂੰਘਾ ਹੁੰਦਾ ਜਾ ਰਿਹਾ ਹੈ। ਵਿੱਤ ਮੰਤਰੀ ਹਰਪਾਲ ਚੀਮਾ ਅਨੁਸਾਰ ਸੂਬੇ ਦੇ 2000 ਪਿੰਡ ਹੜ੍ਹਾਂ ਨਾਲ ਪ੍ਰਭਾਵਿਤ ਹਨ ਅਤੇ 43 ਲੋਕਾਂ ਦੀ ਮੌਤ ਹੋ ਗਈ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਅੱਜ ਪੰਜਾਬ ਨੂੰ 5 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਰੇਖਾ ਗੁਪਤਾ ਨੇ ਹਰ ਸੰਭਵ ਸਹਾਇਤਾ ਦਾ ਭਰੋਸਾ ਦਿੱਤਾ ਅਤੇ ਕਿਹਾ ਕਿ ਦਿੱਲੀ ਸਰਕਾਰ ਇਸ ਮੁਸ਼ਕਲ ਸਮੇਂ ਵਿੱਚ ਪੰਜਾਬ ਦੇ ਨਾਲ ਖੜ੍ਹੀ ਹੈ।
ਪੰਜਾਬ CM ਰਾਹਤ ਫੰਡ ਲਈ 5 ਕਰੋੜ ਰੁਪਏ ਦੇਵੇਗੀ ਦਿੱਲੀ ਸਰਕਾਰ
ਦਿੱਲੀ ਸਰਕਾਰ ਨੇ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਲਈ 5 ਕਰੋੜ ਰੁਪਏ ਦੀ ਰਾਸ਼ੀ ਦਾ ਐਲਾਨ ਕੀਤਾ ਹੈ। ਦਿੱਲੀ ਦੀ ਮੁੱਖ ਮੰਤਰੀ ਰੇਖਾ ਗੁਪਤਾ ਨੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨਾਲ ਗੱਲਬਾਤ ਹੋਈ ਹੈ ਅਤੇ ਉਨ੍ਹਾਂ ਨੂੰ ਹਰ ਸੰਭਵ ਮਦਦ ਦੇਣ ਦਾ ਵਾਅਦਾ ਕੀਤਾ ਹੈ। ਅਜਿਹੀ ਸਥਿਤੀ ਵਿੱਚ ਕਈ ਫਿਲਮੀ ਕਲਾਕਾਰਾਂ, ਮੰਤਰੀਆਂ ਨੇ ਵੀ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿੱਚ ਸਹਾਇਤਾ ਦਿੱਤੀ ਹੈ।
ਪੰਜਾਬ ਦੇ ‘ਆਪ ਅਤੇ ਕਾਂਗਰਸੀ ਵਿਧਾਇਕਾਂ ਵੱਲੋਂ ਆਪਣੀ ਇਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਦੇਣ ਦਾ ਫ਼ੈਸਲਾ
ਪੰਜਾਬ ਦੇ ਮੁੱਖ ਮੰਤਰੀ, ਉਨ੍ਹਾਂ ਦੇ ਮੰਤਰੀ ਮੰਡਲ ਅਤੇ ਸਾਰੇ ਵਿਧਾਇਕਾਂ ਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਪੰਜਾਬ ਮੁੱਖ ਮੰਤਰੀ ਰਾਹਤ ਫੰਡ ਵਿੱਚ ਦਾਨ ਕੀਤੀ ਹੈ। ਇਸ ਤੋਂ ਇਲਾਵਾ ਪੰਜਾਬ ਕਾਂਗਰਸ ਦੇ ਸਾਰੇ ਵਿਧਾਇਕਾਂ ਨੇ ਸੂਬੇ ਵਿੱਚ ਹੜ੍ਹਾਂ ਦੇ ਹਾਲਾਤਾਂ ਨੂੰ ਦੇਖਦਿਆਂ ਆਪਣੀ ਇਕ ਮਹੀਨੇ ਦੀ ਤਨਖਾਹ ‘ਮੁੱਖ ਮੰਤਰੀ ਰਾਹਤ ਫੰਡ’ ਵਿੱਚ ਦੇਣ ਦਾ ਫ਼ੈਸਲਾ ਕੀਤਾ ਹੈ। ਇਸ ਲਈ ਬੀਤੇ ਦਿਨੀਂ ਵਿਧਾਨ ਸਭਾ ਵਿੱਚ ਪੰਜਾਬ ਕਾਂਗਰਸ ਦੇ ਦਫ਼ਤਰ ਸਕੱਤਰ ਏਸੀ ਕੌਸ਼ਿਕ ਨੇ ਪੰਜਾਬ ਵਿਧਾਨ ਸਭਾ ਦੇ ਸਕੱਤਰ ਦੇ ਨਾਮ ਪੱਤਰ ਲਿਖ ਕੇ ਸੂਚਿਤ ਕਰ ਦਿੱਤਾ ਸੀ।ਇਹ ਕਦਮ ਹੜ੍ਹ ਪ੍ਰਭਾਵਿਤ ਲੋਕਾਂ ਪ੍ਰਤੀ ਉਨ੍ਹਾਂ ਦੀ ਸੰਵੇਦਨਸ਼ੀਲਤਾ ਨੂੰ ਦਰਸਾਉਂਦਾ ਹੈ।
ਸੁਖਬੀਰ ਸਿੰਘ ਬਾਦਲ ਕਰ ਰਹੇ ਹਨ ਕਿਸਾਨਾਂ ਦੀ ਮਦਦ
ਸੁਖਬੀਰ ਸਿੰਘ ਬਾਦਲ ਨੇ ਬੀਤੇ ਦਿਨੀਂ ਸਾਰੰਗਪੁਰ ਫਸੇ ਦੀ ਪਿੰਡ ਕਮੇਟੀ ਨੂੰ 2 ਲੱਖ ਰੁਪਏ ਮਾਲੀ ਮਦਦ ਵੀ ਪ੍ਰਦਾਨ ਕੀਤੀ। ਉਹਨਾਂ ਨੇ ਲੋਹੇ ਦਾ ਜੰਗਲਾ ਬਣਾਉਣ ਵਾਸਤੇ ਦੌਧਰਪੁਰ ਵਿਚ ਵੀ 2 ਲੱਖ ਰੁਪਏ ਪ੍ਰਦਾਨ ਕੀਤੇ ਅਤੇ 1000 ਲੀਟਰ ਡੀਜ਼ਲ ਵੀ ਪ੍ਰਦਾਨ ਕੀਤਾ ਅਤੇ ਪਿੰਡ ਨੂੰ ਜਲਦੀ ਹੀ 5 ਹਜ਼ਾਰ ਲੀਟਰ ਪ੍ਰਦਾਨ ਕਰਨ ਦਾ ਵਾਅਦਾ ਕੀਤਾ। ਉਹਨਾਂ ਨੇ ਦੋਵਾਂ ਪਿੰਡਾਂ ਦੇ ਲੋਕਾਂ ਨੂੰ ਭਰੋਸਾ ਦੁਆਇਆ ਕਿ ਜਲਦੀ ਹੀ 500 ਅਕਾਲੀ ਵਰਕਰ ਬੰਨ ਦੀ ਮਜ਼ਬੂਤੀ ਵਾਸਤੇ ਪਿੰਡ ਦੀਆਂ ਕਮੇਟੀ ਦੀ ਮਦਦ ਕਰਨਗੇ। ਇਸ ਤੋਂ ਇਲਾਵਾ ਨਵਾਂ ਸ਼ਹਿਰ ਦੇ ਕਿਸਾਨਾਂ ਨੇ ਫੋਨ ਕਰਕੇ ਮਦਦ ਮੰਗੀ ਤਾਂ ਸੁਖਬੀਰ ਸਿੰਘ ਬਾਦਲ ਨੇ ਤੁਰੰਤ 1000 ਲੀਟਰ ਡੀਜ਼ਲ ਦੀ ਸੇਵਾ ਕੀਤੀ ਅਤੇ ਅੱਗੇ ਵੀ ਮੱਦਦ ਦੇਣ ਦਾ ਭਰੋਸਾ ਦਿੱਤਾ।
ਹਰਿਆਣਾ ਸਰਕਾਰ ਨੇ ਵੀ ਪੰਜਾਬ ਨੂੰ 5 ਕਰੋੜ ਰੁਪਏ ਦੀ ਸਹਾਇਤਾ ਰਾਸ਼ੀ ਦਿੱਤੀ
ਪੰਜਾਬ ਤੇ ਜੰਮੂ-ਕਸ਼ਮੀਰ ਵਿੱਚ ਭਾਰੀ ਮੀਂਹ ਕਰਕੇ ਹੜ੍ਹਾਂ ਨੇ ਤਬਾਹੀ ਮਚਾਈ ਹੋਈ ਹੈ। ਇਸ ਤਬਾਹੀ ਨੂੰ ਵੇਖਦਿਆਂ ਹਰਿਆਣਾ ਸਰਕਾਰ ਨੇ ਪੰਜਾਬ ਤੇ ਜੰਮੂ-ਕਸ਼ਮੀਰ ਨੂੰ 5-5 ਕਰੋੜ ਰੁਪਏ ਦੀ ਸਹਾਇਤੀ ਰਾਸ਼ੀ ਦਿੱਤੀ ਹੈ। ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਦੁੱਖ ਦੀ ਘੜੀ ਵਿੱਚ ਹੜ੍ਹ ਪ੍ਰਭਾਵਿਤ ਇਲਾਕੇ ਦੋ ਲੋਕਾਂ ਦੇ ਨਾਲ ਖੜੀ ਹੈ। ਇਹ ਮਦਦ ਦੋਵਾਂ ਸੂਬਿਆਂ ਵਿੱਚ ਰਾਹਤ ਕਾਰਜਾਂ ਵਿੱਚ ਸਹਾਈ ਸਾਬਤ ਹੋਵੇਗੀ।
ਦੱਸ ਦੇਈਏ ਕਿ ਪੰਜਾਬ ਸਰਕਾਰ ਨੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਰਾਹਤ ਅਤੇ ਮੁੜ ਵਸੇਬੇ ਲਈ ਕੁੱਲ 71 ਕਰੋੜ ਰੁਪਏ ਜਾਰੀ ਕੀਤੇ ਹਨ। ਇਸ ਵਿੱਚੋਂ 12 ਸਭ ਤੋਂ ਵੱਧ ਪ੍ਰਭਾਵਿਤ ਜ਼ਿਲ੍ਹਿਆਂ ਨੂੰ 35.50 ਕਰੋੜ ਰੁਪਏ ਦੀ ਵਾਧੂ ਰਕਮ ਦਿੱਤੀ ਗਈ ਹੈ। ਉਦਾਹਰਣ ਵਜੋਂ ਅੰਮ੍ਰਿਤਸਰ ਨੂੰ 5 ਕਰੋੜ ਰੁਪਏ, ਫਰੀਦਕੋਟ ਨੂੰ 1 ਕਰੋੜ ਰੁਪਏ ਅਤੇ ਫਿਰੋਜ਼ਪੁਰ ਨੂੰ 5 ਕਰੋੜ ਰੁਪਏ ਅਲਾਟ ਕੀਤੇ ਗਏ ਹਨ।