ਗੁਰਦਾਸਪੁਰ ਦੇ ਸਰਹੱਦੀ ਪਿੰਡ ਸਲਾਚ ਦੇ ਰਹਿਣ ਵਾਲੇ ਕਿਸਾਨ ਸੁਖਵਿੰਦਰ ਸਿੰਘ (53) ਦੀ ਲਾਸ਼ 18 ਦਿਨਾਂ ਬਾਅਦ ਪਾਕਿਸਤਾਨ ਤੋਂ ਮਿਲੀ ਹੈ। ਬੀਐਸਐਫ ਦੇ ਜਵਾਨਾਂ ਨੇ ਸ੍ਰੀ ਕਰਤਾਰਪੁਰ ਸਾਹਿਬ ਲਾਂਘੇ ਰਾਹੀਂ ਲਾਸ਼ ਪਰਿਵਾਰ ਦੇ ਹਵਾਲੇ ਕਰ ਦਿੱਤੀ।
ਜਾਣਕਾਰੀ ਅਨੁਸਾਰ ਸੁਖਵਿੰਦਰ ਸਿੰਘ ਕਰੀਬ 18 ਦਿਨ ਪਹਿਲਾਂ ਦਰਿਆ ਪਾਰ ਆਪਣੀ ਜ਼ਮੀਨ ‘ਤੇ ਖੇਤੀ ਕਰਨ ਗਿਆ ਸੀ। ਜਦੋਂ ਉਹ ਵਾਪਸ ਆ ਰਿਹਾ ਸੀ ਤਾਂ ਅਚਾਨਕ ਪੈਰ ਤਿਲਕਣ ਕਾਰਨ ਦਰਿਆ ਵਿੱਚ ਰੁੜ੍ਹ ਗਿਆ। ਪਾਣੀ ਦਾ ਵਹਾਅ ਉਸ ਨੂੰ ਪਾਕਿਸਤਾਨ ਵਾਲੇ ਪਾਸੇ ਲੈ ਗਿਆ ਸੀ।
ਪਰਿਵਾਰ ਵੱਲੋਂ ਕਈ ਦਿਨਾਂ ਤੱਕ ਉਸ ਦੀ ਭਾਲ ਕੀਤੀ ਗਈ, ਪਰ ਲਾਸ਼ ਦਾ ਕੋਈ ਪਤਾ ਨਹੀਂ ਲੱਗ ਸਕਿਆ। ਇਸ ਦੌਰਾਨ ਪਰਿਵਾਰ ਨੇ ਬੀਤੇ ਦਿਨ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾ ਕੇ ਅੰਤਿਮ ਰਸਮਾਂ ਵੀ ਨਿਭਾ ਦਿੱਤੀਆਂ ਸਨ।
ਇਸੇ ਦੌਰਾਨ ਅੱਜ ਸਵੇਰੇ ਪਰਿਵਾਰ ਨੂੰ ਸੂਚਨਾ ਮਿਲੀ ਕਿ ਸੁਖਵਿੰਦਰ ਸਿੰਘ ਦੀ ਲਾਸ਼ ਪਾਕਿਸਤਾਨ ਵਾਲੇ ਪਾਸੇ ਤੋਂ ਬਰਾਮਦ ਹੋ ਗਈ ਹੈ। ਇਸ ਤੋਂ ਬਾਅਦ ਬੀਐਸਐਫ ਵੱਲੋਂ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ। ਮ੍ਰਿਤਕ ਦੇ ਪੁੱਤਰ ਲਖਵੀਰ ਸਿੰਘ ਨੇ ਦੱਸਿਆ ਕਿ ਲਾਸ਼ ਦਾ ਪੋਸਟਮਾਰਟਮ ਕਰਵਾਉਣ ਤੋਂ ਬਾਅਦ ਪਿੰਡ ਸਲਾਚ ਵਿੱਚ ਹੀ ਉਨ੍ਹਾਂ ਦੇ ਪਿਤਾ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ।
World News TV — ਸਹੀ ਅਤੇ ਤਾਜ਼ਾ ਜਾਣਕਾਰੀ।








