ਅੰਮ੍ਰਿਤਸਰ ‘ਚ 80 ਕਰੋੜ ਰੁਪਏ ਦੀ ਹੈਰੋਇਨ ਜ਼ਬਤ, ਨੌਜਵਾਨ ਗ੍ਰਿਫ਼ਤਾਰ, ਡਰੋਨ ਰਾਹੀਂ ਪਾਕਿਸਤਾਨ ਤੋਂ ਆਈ ਸੀ

0
2194

ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਤਸਕਰੀ ਵਿਰੁੱਧ ਮੁਹਿੰਮ ਨੂੰ ਅੱਜ ਵੱਡੀ ਸਫਲਤਾ ਮਿਲੀ ਹੈ। ਨਾਰਕੋਟਿਕਸ ਟਾਸਕ ਫੋਰਸ ਨੇ ਅੰਮ੍ਰਿਤਸਰ ਦੇ ਛੇਹਰਟਾ ਖੇਤਰ ਵਿੱਚ ਇੱਕ ਨੌਜਵਾਨ ਨੂੰ 15 ਕਿਲੋ 400 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕੀਤਾ ਹੈ। ਜ਼ਬਤ ਕੀਤੀ ਗਈ ਹੈਰੋਇਨ ਦੀ ਕੀਮਤ ਅੰਤਰਰਾਸ਼ਟਰੀ ਬਾਜ਼ਾਰ ਵਿੱਚ ਲਗਭਗ 80 ਕਰੋੜ ਰੁਪਏ ਦੱਸੀ ਜਾ ਰਹੀ ਹੈ।

ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਪ੍ਰਭਜੀਤ ਸਿੰਘ ਪੁੱਤਰ ਕਵਲਜੀਤ ਸਿੰਘ, ਵਾਸੀ ਪਿੰਡ ਮੋਡ, ਹਲਕਾ ਅਟਾਰੀ, ਅੰਮ੍ਰਿਤਸਰ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਉਹ ਡਰੋਨ ਰਾਹੀਂ ਪਾਕਿਸਤਾਨ ਤੋਂ ਮੰਗਵਾਈ ਗਈ ਹੈਰੋਇਨ ਲੈ ਕੇ ਇੱਕ ਸਵਿਫਟ ਕਾਰ ਵਿੱਚ ਅੰਮ੍ਰਿਤਸਰ ਵੱਲ ਜਾ ਰਿਹਾ ਸੀ।

ਰਸਤੇ ਵਿੱਚ ਪੁਲਿਸ ਨੇ ਗੱਡੀ ਨੂੰ ਰੋਕਿਆ ਅਤੇ ਤਲਾਸ਼ੀ ਦੌਰਾਨ ਵੱਡੀ ਮਾਤਰਾ ਵਿੱਚ ਹੈਰੋਇਨ ਬਰਾਮਦ ਕੀਤੀ। ਫਿਲਹਾਲ ਪੁਲਿਸ ਮੁਲਜ਼ਮ ਤੋਂ ਪੁੱਛਗਿੱਛ ਕਰ ਰਹੀ ਹੈ ਅਤੇ ਨੈੱਟਵਰਕ ਦੇ ਲਿੰਕ ਜੋੜਨ ਵਿੱਚ ਲੱਗੀ ਹੋਈ ਹੈ। ਐਨਟੀਐਫ ਨੇ ਮੁਲਜ਼ਮ ਨੂੰ ਮੌਕੇ ‘ਤੇ ਗ੍ਰਿਫ਼ਤਾਰ ਕਰ ਲਿਆ ਤੇ ਉਸ ਤੋਂ ਪੁੱਛਗਿੱਛ ਜਾਰੀ ਹੈ। ਪੁਲਿਸ ਇਹ ਵੀ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੀ ਹੈ ਕਿ ਮੁਲਜ਼ਮ ਨੇ ਇਹ ਖੇਪ ਕਿੱਥੋਂ ਚੁੱਕੀ ਸੀ ਅਤੇ ਇਹ ਕਿਸ ਨੂੰ ਪਹੁੰਚਾਈ ਜਾਣੀ ਸੀ।

ਸ਼ੁਰੂਆਤੀ ਜਾਂਚ ਵਿੱਚ ਇਹ ਵੀ ਸ਼ੱਕ ਹੈ ਕਿ ਮੁਲਜ਼ਮਾਂ ਦੇ ਅੰਤਰਰਾਸ਼ਟਰੀ ਨਸ਼ਾ ਤਸਕਰਾਂ ਨਾਲ ਸਬੰਧ ਹੋ ਸਕਦੇ ਹਨ। ਪੁਲਿਸ ਪੂਰੇ ਨੈੱਟਵਰਕ ਦੀ ਬਾਰੀਕੀ ਨਾਲ ਜਾਂਚ ਕਰ ਰਹੀ ਹੈ। ਅਧਿਕਾਰੀਆਂ ਨੇ ਕਿਹਾ ਕਿ ਜਲਦੀ ਹੀ ਇਸ ਗਿਰੋਹ ਦੇ ਹੋਰ ਮੈਂਬਰਾਂ ਦੀ ਵੀ ਪਛਾਣ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

 

LEAVE A REPLY

Please enter your comment!
Please enter your name here