ਪੰਜਾਬ ਪੁਲਿਸ ਵਿੱਚ ਇੱਕ ਵੱਡੇ ਫੇਰਬਦਲ ਵਿੱਚ 2020 ਬੈਚ ਦੇ IPS ਅਧਿਕਾਰੀ ਡਾ. ਦਰਪਨ ਆਹਲੂਵਾਲੀਆ ਨੂੰ SSP ਖੰਨਾ ਨਿਯੁਕਤ ਕੀਤਾ ਗਿਆ ਹੈ। ਉਹ ਜੋਤੀ ਯਾਦਵ ਦੀ ਥਾਂ ਲੈਣਗੇ, ਜਿਨ੍ਹਾਂ ਨੂੰ SSP ਬਠਿੰਡਾ ਨਿਯੁਕਤ ਕੀਤਾ ਗਿਆ ਹੈ। ਦੱਸ ਦਈਏ ਕਿ ਖੰਨਾ ਦੇ ਨਵ-ਨਿਯੁਕਤ ਕੀਤੇ ਗਏ ਸੀਨੀਅਰ ਪੁਲਿਸ ਕਪਤਾਨ (SSP) ਡਾ. ਦਰਪਣ ਆਹਲੂਵਾਲੀਆ ਨੇ ਸੋਮਵਾਰ ਨੂੰ ਆਪਣਾ ਅਹੁਦਾ ਸੰਭਾਲ ਲਿਆ ਹੈ।
ਅਹੁਦਾ ਸੰਭਾਲਣ ਉਪਰੰਤ ਉਨ੍ਹਾਂ ਨੇ ਸਪੱਸ਼ਟ ਕੀਤਾ ਕਿ ਸ਼ਹਿਰਾਂ ਅਤੇ ਪਿੰਡਾਂ ਵਿੱਚ ਅਪਰਾਧ ਨੂੰ ਨੱਥ ਪਾਉਣਾ ਅਤੇ ਲੋਕਾਂ ਦੀਆਂ ਮੁਸ਼ਕਲਾਂ ਦਾ ਤੁਰੰਤ ਨਿਪਟਾਰਾ ਕਰਨਾ ਉਨ੍ਹਾਂ ਦੀ ਸਭ ਤੋਂ ਪਹਿਲੀ ਤਰਜ਼ੀਹ ਹੋਵੇਗੀ।
ਉਨ੍ਹਾਂ ਕਿਹਾ ਕਿ ਪੰਜਾਬ ਪੁਲਿਸ ਦੀ ਦੇਸ਼ ਸੇਵਾ ਦੀ ਰਵਾਇਤ ਨੂੰ ਬਰਕਰਾਰ ਰੱਖਣ ਲਈ ਹਰ ਸੰਭਵ ਕੋਸ਼ਿਸ਼ ਕੀਤੀ ਜਾਵੇਗੀ। ਇਸ ਦੌਰਾਨ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨ ਲਈ ਐਸ.ਐਸ.ਪੀ. ਨੇ ਕਿਹਾ ਕਿ ਅਪਰਾਧੀਆਂ ਦੀ ਸ਼੍ਰੇਣੀ ਵਾਰ ਸੂਚੀ ਤਿਆਰ ਕੀਤੀ ਜਾਵੇਗੀ ਤਾਂ ਜੋ ਉਨ੍ਹਾਂ ਦੀਆਂ ਗਤੀਵਿਧੀਆਂ ‘ਤੇ ਸਖ਼ਤ ਨਜ਼ਰ ਰੱਖੀ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਨੇ ਨਸ਼ਿਆਂ ਦੇ ਕੋਹੜ ਨੂੰ ਖ਼ਤਮ ਕਰਨ ਲਈ ਪਿੰਡਾਂ ਅਤੇ ਸ਼ਹਿਰਾਂ ਵਿੱਚ ਵਧੇਰੇ ਪ੍ਰਭਾਵੀ ਢੰਗ ਨਾਲ ਮੁਹਿੰਮ ਚਲਾਉਣ ਦਾ ਭਰੋਸਾ ਦਿੱਤਾ।









