ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਨੇ ਤਿਆਰੀਆਂ ਤੇਜ਼ ਕਰ ਦਿੱਤੀਆਂ ਹਨ। ਪਾਰਟੀ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਭਲਕੇ 31 ਅਕਤੂਬਰ ਨੂੰ ਦੁਪਹਿਰ 12 ਵਜੇ ਜਾਰੀ ਕੀਤੇ ਜਾਣ ਦੀ ਸੰਭਾਵਨਾ ਹੈ। ਇਸ ਸਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਦਿੱਲੀ ਵਿੱਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਾਣਕਾਰੀ ਦਿੱਤੀ।
ਦਿੱਲੀ ਵਿੱਚ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ਵਿੱਚ ਉਮੀਦਵਾਰਾਂ ਦੇ ਨਾਵਾਂ ਨੂੰ ਲੈ ਕੇ ਅਹਿਮ ਮੀਟਿੰਗ ਹੋਈ। ਮੀਟਿੰਗ ਦੌਰਾਨ ਕਈ ਨਾਵਾਂ ‘ਤੇ ਚਰਚਾ ਕਰਕੇ ਉਨ੍ਹਾਂ ਨੂੰ ਅੰਤਿਮ ਰੂਪ ਦਿੱਤਾ ਗਿਆ। ਹੁਣ ਇਨ੍ਹਾਂ ਨਾਵਾਂ ਨੂੰ ਪਾਰਟੀ ਦੀ ਸਿਆਸੀ ਮਾਮਲਿਆਂ ਬਾਰੇ ਕਮੇਟੀ (PAC) ਕੋਲ ਭੇਜਿਆ ਜਾਵੇਗਾ।
ਪਹਿਲੀ ਲਿਸਟ ਵਿੱਚ 20 ਉਮੀਦਵਾਰਾਂ ਦੇ ਨਾਂ ਆਉਣ ਦੀ ਚਰਚਾ
ਸੂਤਰਾਂ ਮੁਤਾਬਕ ਪਹਿਲੀ ਸੂਚੀ ਵਿੱਚ ਕਰੀਬ 20 ਉਮੀਦਵਾਰਾਂ ਦੇ ਨਾਂ ਸ਼ਾਮਲ ਹੋ ਸਕਦੇ ਹਨ। ਇਨ੍ਹਾਂ ਵਿੱਚ ਕੁਝ ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਦੇ ਨਾਂ ਵੀ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਪਾਰਟੀ ਨੇ ਅਜੇ ਤੱਕ ਉਮੀਦਵਾਰਾਂ ਦੀ ਗਿਣਤੀ ਬਾਰੇ ਕੋਈ ਅਧਿਕਾਰਤ ਐਲਾਨ ਨਹੀਂ ਕੀਤਾ। ਇਸ ਦੇ ਨਾਲ ਹੀ ਸਿਆਸੀ ਹਲਕਿਆਂ ਵਿੱਚ ਚਰਚਾ ਹੈ ਕਿ ਆਮ ਆਦਮੀ ਪਾਰਟੀ 30 ਤੋਂ 40 ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟ ਸਕਦੀ ਹੈ। ਹਾਲਾਂਕਿ ਇਸ ਬਾਰੇ ਵੀ ਅਜੇ ਕੋਈ ਅਧਿਕਾਰਤ ਪੁਸ਼ਟੀ ਨਹੀਂ ਹੋਈ।
CM ਮਾਨ ਨੇ ਦੱਸਿਆ ਕਿਸ ਆਧਾਰ ‘ਤੇ ਮਿਲਣਗੀਆਂ ਟਿਕਟਾਂ
ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਉਮੀਦਵਾਰਾਂ ਦੀ ਚੋਣ ਲੋਕਾਂ ਦੇ ਸਰਵੇਖਣ ਅਤੇ ਹਲਕਿਆਂ ਵਿੱਚ ਉਨ੍ਹਾਂ ਦੀ ਕਾਰਗੁਜ਼ਾਰੀ ਨੂੰ ਧਿਆਨ ਵਿੱਚ ਰੱਖ ਕੇ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪਾਰਟੀ ਪਿਛਲੇ ਪੰਜ ਸਾਲਾਂ ਦੌਰਾਨ ਕੀਤੇ ਵਿਕਾਸ ਕਾਰਜਾਂ ਦੇ ਆਧਾਰ ‘ਤੇ ਲੋਕਾਂ ਤੋਂ ਵੋਟਾਂ ਮੰਗੇਗੀ। ਮਾਨ ਨੇ ਅਕਾਲੀ ਦਲ ਅਤੇ ਭਾਜਪਾ ਦੇ ਸੰਭਾਵੀ ਗੱਠਜੋੜ ‘ਤੇ ਵੀ ਨਿਸ਼ਾਨਾ ਸਾਧਿਆ। ਉਨ੍ਹਾਂ ਕਿਹਾ ਕਿ ਦੋਵਾਂ ਪਾਰਟੀਆਂ ਦੇ ਇਕੱਠੇ ਹੋਣ ਨਾਲ ਆਮ ਆਦਮੀ ਪਾਰਟੀ ਨੂੰ ਕੋਈ ਫ਼ਰਕ ਨਹੀਂ ਪਵੇਗਾ।
ਚੋਣਾਂ ਤੋਂ ਪਹਿਲਾਂ ਹੀ ਉਮੀਦਵਾਰ ਐਲਾਨਣ ਦੀ ਰਣਨੀਤੀ
ਮੰਨਿਆ ਜਾ ਰਿਹਾ ਹੈ ਕਿ AAP ਚੋਣ ਜ਼ਾਬਤਾ ਲਾਗੂ ਹੋਣ ਤੋਂ ਪਹਿਲਾਂ ਹੀ ਉਮੀਦਵਾਰਾਂ ਦਾ ਐਲਾਨ ਕਰਨਾ ਚਾਹੁੰਦੀ ਹੈ, ਤਾਂ ਜੋ ਉਨ੍ਹਾਂ ਨੂੰ ਆਪਣੇ ਹਲਕਿਆਂ ਵਿੱਚ ਲੋਕਾਂ ਨਾਲ ਸੰਪਰਕ ਬਣਾਉਣ ਅਤੇ ਚੋਣ ਪ੍ਰਚਾਰ ਲਈ ਵੱਧ ਸਮਾਂ ਮਿਲ ਸਕੇ। ਦਿੱਲੀ ਵਿਧਾਨ ਸਭਾ ਚੋਣਾਂ ਤੋਂ ਬਾਅਦ ਮਨੀਸ਼ ਸਿਸੋਦੀਆ ਨੂੰ ਪੰਜਾਬ ਦਾ ਇੰਚਾਰਜ ਬਣਾਏ ਜਾਣ ਮਗਰੋਂ ਪਾਰਟੀ ਨੇ ਸੰਗਠਨ ਨੂੰ ਮਜ਼ਬੂਤ ਕਰਨ ਲਈ ਕਈ ਬਦਲਾਅ ਕੀਤੇ ਹਨ। ਫਰਵਰੀ ਤੋਂ ਅਕਤੂਬਰ 2026 ਦਰਮਿਆਨ ਪੰਜਾਬ ਦੇ 19 ਵਿਧਾਨ ਸਭਾ ਹਲਕਿਆਂ ਵਿੱਚ ਨਵੇਂ ਹਲਕਾ ਇੰਚਾਰਜ ਨਿਯੁਕਤ ਕੀਤੇ ਗਏ ਹਨ। ਹੁਣ ਸਾਰਿਆਂ ਦੀਆਂ ਨਜ਼ਰਾਂ ਭਲਕੇ ਹੋਣ ਵਾਲੀ PAC ਦੀ ਮੀਟਿੰਗ ‘ਤੇ ਟਿਕੀਆਂ ਹਨ, ਜਿਸ ਤੋਂ ਬਾਅਦ ਪਹਿਲੀ ਸੂਚੀ ਸਾਹਮਣੇ ਆ ਸਕਦੀ ਹੈ।
World News TV — ਸਹੀ ਅਤੇ ਤਾਜ਼ਾ ਜਾਣਕਾਰੀ।








