ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਆਮ ਆਦਮੀ ਪਾਰਟੀ (AAP) ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਕਰਨ ਤੋਂ ਬਾਅਦ ਸਿਆਸੀ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਨੇ ਲੰਬੀ ਵਿਧਾਨ ਸਭਾ ਸੀਟ ਤੋਂ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਟਿਕਟ ਕੱਟ ਕੇ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਉਮੀਦਵਾਰ ਐਲਾਨ ਦਿੱਤਾ ਹੈ।
ਟਿਕਟ ਕੱਟੇ ਜਾਣ ਤੋਂ ਬਾਅਦ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਆਪਣੀ ਨਾਰਾਜ਼ਗੀ ਦੀਆਂ ਚਰਚਾਵਾਂ ਨੂੰ ਖਾਰਜ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਫੈਸਲਾ ਉਨ੍ਹਾਂ ਨੂੰ ਸਿਰ ਮੱਥੇ ਪ੍ਰਵਾਨ ਹੈ। ਉਹ ਆਪਣੇ ਭਤੀਜੇ ਦੀ ਜਿੱਤ ਲਈ ਚੋਣ ਪ੍ਰਚਾਰ ਕਰਨਗੇ ਅਤੇ ਪਾਰਟੀ ਦੇ ਨਾਲ ਹੀ ਰਹਿਣਗੇ।
ਖੁੱਡੀਆਂ ਨੇ ਕਿਹਾ ਕਿ 2022 ਵਿੱਚ ਪਾਰਟੀ ਨੇ ਉਨ੍ਹਾਂ ਨੂੰ ਲੰਬੀ ਤੋਂ ਚੋਣ ਲੜਨ ਦਾ ਮੌਕਾ ਦਿੱਤਾ ਸੀ। ਲੋਕਾਂ ਨੇ ਉਨ੍ਹਾਂ ਨੂੰ ਵਿਧਾਇਕ ਬਣਾਇਆ ਅਤੇ ਪਾਰਟੀ ਨੇ ਕੈਬਨਿਟ ਮੰਤਰੀ ਦੀ ਜ਼ਿੰਮੇਵਾਰੀ ਵੀ ਸੌਂਪੀ। ਉਸ ਸਮੇਂ ਉਨ੍ਹਾਂ ਦੇ ਭਤੀਜੇ ਰਣਧੀਰ ਸਿੰਘ ਨੇ ਵੀ ਉਨ੍ਹਾਂ ਦੀ ਜਿੱਤ ਲਈ ਮਿਹਨਤ ਕੀਤੀ ਸੀ। ਹੁਣ ਉਹ ਆਪਣੇ ਭਤੀਜੇ ਦੀ ਜਿੱਤ ਲਈ ਕੰਮ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਕਿਸੇ ਅਹੁਦੇ ਦਾ ਲਾਲਚ ਨਹੀਂ ਹੈ।
ਬਾਦਲ ਨੂੰ ਹਰਾ ਕੇ ਆਏ ਸਨ ਚਰਚਾ ਵਿੱਚ
ਦੱਸ ਦੇਈਏ ਕਿ ਗੁਰਮੀਤ ਸਿੰਘ ਖੁੱਡੀਆਂ ਨੇ 26 ਜੁਲਾਈ 2021 ਨੂੰ ਆਮ ਆਦਮੀ ਪਾਰਟੀ ਜੁਆਇਨ ਕੀਤੀ ਸੀ। 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਉਨ੍ਹਾਂ ਨੇ ਲੰਬੀ ਸੀਟ ਤੋਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੂੰ 11,396 ਵੋਟਾਂ ਦੇ ਫਰਕ ਨਾਲ ਹਰਾਇਆ ਸੀ। ਇਸ ਜਿੱਤ ਤੋਂ ਬਾਅਦ ਉਹ ਕਾਫੀ ਚਰਚਾ ਵਿੱਚ ਆਏ ਸਨ। 31 ਮਈ 2023 ਨੂੰ ਉਨ੍ਹਾਂ ਨੂੰ ਕੈਬਨਿਟ ਮੰਤਰੀ ਬਣਾਇਆ ਗਿਆ।
2024 ਦੀਆਂ ਲੋਕ ਸਭਾ ਚੋਣਾਂ ਵਿੱਚ ਪਾਰਟੀ ਨੇ ਉਨ੍ਹਾਂ ਨੂੰ ਬਠਿੰਡਾ ਤੋਂ ਚੋਣ ਮੈਦਾਨ ਵਿੱਚ ਉਤਾਰਿਆ ਸੀ, ਪਰ ਉਹ ਅਕਾਲੀ ਦਲ ਦੀ ਹਰਸਿਮਰਤ ਕੌਰ ਬਾਦਲ ਤੋਂ 49,656 ਵੋਟਾਂ ਨਾਲ ਹਾਰ ਗਏ ਸਨ।
ਚਾਚੇ ਦੀ ਚੋਣ ਮੁਹਿੰਮ ਦਾ ਹਿੱਸਾ ਰਹੇ ਸਨ ਰਣਧੀਰ ਸਿੰਘ
ਰਣਧੀਰ ਸਿੰਘ ਧੀਰਾ ਖੁੱਡੀਆਂ 2022 ਦੀਆਂ ਚੋਣਾਂ ਦੌਰਾਨ ਆਪਣੇ ਚਾਚੇ ਦੀ ਕੋਰ ਚੋਣ ਮੁਹਿੰਮ ਟੀਮ ਦਾ ਹਿੱਸਾ ਸਨ। ਹਾਲਾਂਕਿ ਬਾਅਦ ਵਿੱਚ ਦੋਵਾਂ ਵਿਚਾਲੇ ਮਤਭੇਦਾਂ ਦੀਆਂ ਚਰਚਾਵਾਂ ਵੀ ਸਾਹਮਣੇ ਆਈਆਂ ਸਨ। ਹੁਣ ਪਾਰਟੀ ਵੱਲੋਂ ਰਣਧੀਰ ਨੂੰ ਲੰਬੀ ਤੋਂ ਉਮੀਦਵਾਰ ਬਣਾਏ ਜਾਣ ਤੋਂ ਬਾਅਦ ਗੁਰਮੀਤ ਸਿੰਘ ਖੁੱਡੀਆਂ ਨੇ ਉਨ੍ਹਾਂ ਦੀ ਜਿੱਤ ਲਈ ਮੈਦਾਨ ਵਿੱਚ ਉਤਰਨ ਦਾ ਐਲਾਨ ਕੀਤਾ ਹੈ।
World News TV — ਸਹੀ ਅਤੇ ਤਾਜ਼ਾ ਜਾਣਕਾਰੀ।








