ਕਾਂਗਰਸ ਨੇ ਪੰਜਾਬ ਇਕਾਈ ਵਿੱਚ ਵੱਡਾ ਸੰਗਠਨਾਤਮਕ ਬਦਲਾਅ ਕਰਦਿਆਂ ਜਲੰਧਰ ਕੈਂਟ ਤੋਂ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦਾ ਨਵਾਂ ਪ੍ਰਧਾਨ ਨਿਯੁਕਤ ਕੀਤਾ ਹੈ। ਉਨ੍ਹਾਂ ਦੀ ਨਿਯੁਕਤੀ ਤੁਰੰਤ ਪ੍ਰਭਾਵ ਨਾਲ ਲਾਗੂ ਹੋਵੇਗੀ।
ਇਸ ਤੋਂ ਪਹਿਲਾਂ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਦਿੱਲੀ ਵਿੱਚ ਰਾਹੁਲ ਗਾਂਧੀ ਨਾਲ ਮੁਲਾਕਾਤ ਕਰਕੇ ਪੰਜਾਬ ਕਾਂਗਰਸ ਪ੍ਰਧਾਨ ਦੇ ਅਹੁਦੇ ਤੋਂ ਆਪਣਾ ਰਸਮੀ ਅਸਤੀਫ਼ਾ ਸੌਂਪ ਦਿੱਤਾ ਸੀ। ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਖੁਦ ਅਸਤੀਫ਼ਾ ਦਿੱਤਾ ਹੈ। ਉਨ੍ਹਾਂ ਮੁਤਾਬਕ ਕਾਂਗਰਸ ਵਿੱਚ ਆਮ ਤੌਰ ’ਤੇ ਅਸਤੀਫ਼ੇ ਲਏ ਨਹੀਂ ਜਾਂਦੇ, ਸਗੋਂ ਚਿੱਠੀ ਜਾਰੀ ਕਰਕੇ ਧੰਨਵਾਦ ਕੀਤਾ ਜਾਂਦਾ ਹੈ।
ਰਾਹੁਲ ਗਾਂਧੀ ਨਾਲ ਮੁਲਾਕਾਤ ਤੋਂ ਬਾਅਦ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੀਆਂ ਚੁਣੌਤੀਆਂ ਬਾਰੇ ਵਿਸਥਾਰ ਨਾਲ ਗੱਲਬਾਤ ਕੀਤੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਲਗਾਤਾਰ ਸਾਢੇ ਚਾਰ ਸਾਲ ਕੰਮ ਕਰਨ ਤੋਂ ਬਾਅਦ ਹੁਣ ਕੁਝ ਦਿਨ ਆਰਾਮ ਕਰਨ ਦੀ ਲੋੜ ਮਹਿਸੂਸ ਹੋ ਰਹੀ ਹੈ।
ਸਚਿਨ ਪਾਇਲਟ ਬਾਰੇ ਪੁੱਛੇ ਸਵਾਲ ’ਤੇ ਵੜਿੰਗ ਨੇ ਕਿਹਾ ਕਿ ਉਨ੍ਹਾਂ ਨੂੰ ਪੱਕਾ ਨਹੀਂ ਪਤਾ, ਪਰ ਸ਼ਾਇਦ ਪਾਇਲਟ ਨੂੰ ਲੱਗਿਆ ਹੋਵੇ ਕਿ ਉਨ੍ਹਾਂ ਨੂੰ ਅਹੁਦੇ ਤੋਂ ਹਟਾਉਣਾ ਚਾਹੀਦਾ ਹੈ। ਵੜਿੰਗ ਨੇ ਦੱਸਿਆ ਕਿ ਪਾਇਲਟ ਨਾਲ ਉਨ੍ਹਾਂ ਦੀ ਸਿਰਫ਼ ਇੱਕ ਵਾਰ ਦਿੱਲੀ ਵਿੱਚ ਜਨਮਦਿਨ ਦੀ ਵਧਾਈ ਦੇਣ ਮੌਕੇ ਮੁਲਾਕਾਤ ਹੋਈ ਸੀ। ਇਸ ਤੋਂ ਬਾਅਦ ਚੰਡੀਗੜ੍ਹ ਵਿੱਚ ਹੋਏ ਧਰਨੇ ਦੌਰਾਨ ਕਰੀਬ ਦੋ ਘੰਟੇ ਉਹ ਇਕੱਠੇ ਰਹੇ ਸਨ।
ਪੰਜਾਬ ਕਾਂਗਰਸ ਵਿੱਚ ਇਹ ਬਦਲਾਅ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਕੁਝ ਮਹੀਨੇ ਪਹਿਲਾਂ ਹੋਇਆ ਹੈ। ਪਾਰਟੀ ਅੰਦਰ ਲੀਡਰਸ਼ਿਪ ਅਤੇ ਸੰਗਠਨ ਨੂੰ ਲੈ ਕੇ ਪਿਛਲੇ ਕੁਝ ਸਮੇਂ ਤੋਂ ਚਰਚਾ ਚੱਲ ਰਹੀ ਸੀ।









