ਮਾਨਸਾ ‘ਚ ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੀ ਅੰਤਿਮ ਅਰਦਾਸ ਅਤੇ ਪਾਠ ਦੇ ਭੋਗ ਐਤਵਾਰ ਨੂੰ ਤਖ਼ਤ ਸ੍ਰੀ ਦਮਦਮਾ ਸਾਹਿਬ, ਤਲਵੰਡੀ ਸਾਬੋ ਵਿਖੇ ਸ਼ਰਧਾ ਅਤੇ ਭਾਵੁਕ ਮਾਹੌਲ ਵਿੱਚ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤ ਅਤੇ ਸਿਆਸੀ ਤੇ ਧਾਰਮਿਕ ਸ਼ਖ਼ਸੀਅਤਾਂ ਨੇ ਹਾਜ਼ਰੀ ਭਰੀ।
ਝੋਟਾ ਦੇ ਪਿਤਾ ਭੀਮ ਸਿੰਘ ਨੇ ਇਸ ਮੌਕੇ ਪੰਜਾਬ ਸਰਕਾਰ ਖ਼ਿਲਾਫ਼ ਆਪਣਾ ਗੁੱਸਾ ਜ਼ਾਹਰ ਕੀਤਾ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਆਮ ਆਦਮੀ ਪਾਰਟੀ (AAP) ਨੂੰ ਵੋਟ ਨਾ ਪਾਈ ਜਾਵੇ। ਉਨ੍ਹਾਂ ਕਿਹਾ ਕਿ ਝੋਟਾ ਨੂੰ ਸੱਚੀ ਸ਼ਰਧਾਂਜਲੀ ਤਾਂ ਹੀ ਹੋਵੇਗੀ, ਜੇਕਰ ਪੰਜਾਬ ਦੇ ਲੋਕ 2027 ਦੀਆਂ ਚੋਣਾਂ ਵਿੱਚ ਝਾੜੂ ਦਾ ਬਟਨ ਖਾਲੀ ਛੱਡਣ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰਾਂ ਦੀਆਂ ਜ਼ਮਾਨਤਾਂ ਜ਼ਬਤ ਕਰਵਾਉਣ। ਉਨ੍ਹਾਂ ਮੁੱਖ ਮੰਤਰੀ ਭਗਵੰਤ ਮਾਨ ‘ਤੇ ਵੀ ਨਿਸ਼ਾਨਾ ਸਾਧਿਆ।
1500 ਰੁਪਏ ਦੇ ਲਾਲਚ ਵਿੱਚ ਵੋਟ ਨਾ ਪਾਉਣ ਔਰਤਾਂ
ਭੀਮ ਸਿੰਘ ਨੇ ਪੰਜਾਬ ਦੀਆਂ ਔਰਤਾਂ ਨੂੰ ਅਪੀਲ ਕੀਤੀ ਕਿ ਉਹ 1500-1500 ਰੁਪਏ ਦੇ ਚੱਕਰ ਵਿੱਚ ਆ ਕੇ ਵੋਟ ਨਾ ਪਾਉਣ, ਸਗੋਂ ਆਪਣੇ ਬੱਚਿਆਂ ਦੇ ਭਵਿੱਖ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਬਚਾਉਣ ਬਾਰੇ ਸੋਚ ਕੇ ਵੋਟ ਪਾਉਣ। ਉਨ੍ਹਾਂ ਦੋਸ਼ ਲਾਇਆ ਕਿ ‘ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਵਧੀ ਹੈ।
ਪਰਿਵਾਰ ਨੂੰ ਸਿਰੋਪਾਓ ਦੇ ਕੇ ਕੀਤਾ ਸਨਮਾਨਿਤ
ਅੰਤਿਮ ਅਰਦਾਸ ਮੌਕੇ ਝੋਟਾ ਦੇ ਪਿਤਾ ਭੀਮ ਸਿੰਘ, ਮਾਤਾ, ਪਤਨੀ ਅਤੇ ਦੋਵੇਂ ਬੱਚੇ ਮੌਜੂਦ ਰਹੇ। ਪਰਿਵਾਰ ਨੇ ਪਹਿਲਾਂ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਅਰਦਾਸ ਕੀਤੀ। ਇਸ ਤੋਂ ਬਾਅਦ ਨਵੇਂ ਦੀਵਾਨ ਹਾਲ ਵਿੱਚ ਧਾਰਮਿਕ ਸਮਾਗਮ ਹੋਇਆ। ਰਾਗੀ ਜਥਿਆਂ ਨੇ ਗੁਰਬਾਣੀ ਦਾ ਕੀਰਤਨ ਕੀਤਾ ਅਤੇ ਪਾਠ ਦੇ ਭੋਗ ਉਪਰੰਤ ਅਰਦਾਸ ਕੀਤੀ ਗਈ। ਸਮਾਗਮ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਅਤੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਬਾਬਾ ਟੇਕ ਸਿੰਘ ਨੇ ਝੋਟਾ ਦੇ ਪਰਿਵਾਰ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ।
ਕਈ ਸਿਆਸੀ ਅਤੇ ਧਾਰਮਿਕ ਆਗੂਆਂ ਨੇ ਭਰੀ ਹਾਜ਼ਰੀ
ਇਸ ਸਮਾਗਮ ਵਿੱਚ ਅਕਾਲੀ ਦਲ ਦੇ ਪਰਮਿੰਦਰ ਸਿੰਘ ਢੀਂਡਸਾ, ਮਨਪ੍ਰੀਤ ਸਿੰਘ ਇਆਲੀ, ਕਾਂਗਰਸ ਦੇ ਸਾਬਕਾ ਵਿਧਾਇਕ ਨਾਜ਼ਰ ਸਿੰਘ ਮਾਨਸ਼ਾਹੀਆ, ਸੁਖਵਿੰਦਰ ਸਿੰਘ ਔਲਖ, ਬਲਵਿੰਦਰ ਸਿੰਘ ਭੂੰਦੜ, ਵਿਧਾਇਕਾ ਬੀਬਾ ਬਲਜਿੰਦਰ ਕੌਰ, ਭਾਜਪਾ ਆਗੂ ਜਗਦੀਪ ਸਿੰਘ ਨਕਈ ਅਤੇ ਸਿਮਰਨਜੀਤ ਸਿੰਘ ਮਾਨ ਸਮੇਤ ਕਈ ਆਗੂ ਪਹੁੰਚੇ। ਇਸ ਤੋਂ ਇਲਾਵਾ ਵਾਰਿਸ ਪੰਜਾਬ ਦੇ ਆਗੂ ਨਵਜੋਤ ਕੌਰ ਲੰਬੀ, ਜਸਕਰਨ ਸਿੰਘ ਕਾਹਨ ਸਿੰਘ ਵਾਲਾ, ਕਿਸਾਨ ਆਗੂ ਸੁਰਜੀਤ ਸਿੰਘ ਫੂਲ ਅਤੇ ਬਾਪੂ ਤਰਸੇਮ ਸਿੰਘ ਨੇ ਵੀ ਹਾਜ਼ਰੀ ਭਰੀ।
ਜਥੇਦਾਰ ਨੇ ਪੰਜਾਬ ਵਿੱਚ ਨਸ਼ਿਆਂ ਦੇ ਹਾਲਾਤ ‘ਤੇ ਜਤਾਈ ਚਿੰਤਾ
ਸਮਾਗਮ ਤੋਂ ਬਾਅਦ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਪੰਜਾਬ ਵਿੱਚ ਵਧ ਰਹੇ ਨਸ਼ਿਆਂ ਦੇ ਮਾਮਲਿਆਂ ‘ਤੇ ਗੰਭੀਰ ਚਿੰਤਾ ਜ਼ਾਹਰ ਕੀਤੀ।ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਬਹੁਤ ਭਿਆਨਕ ਰੂਪ ਧਾਰਨ ਕਰ ਚੁੱਕੀ ਹੈ। ਸਰਕਾਰ ਵੱਲੋਂ ਨਸ਼ਿਆਂ ਨੂੰ ਰੋਕਣ ਦੇ ਦਾਅਵੇ ਕੀਤੇ ਜਾ ਰਹੇ ਹਨ, ਪਰ ਜ਼ਮੀਨੀ ਹਾਲਾਤ ਚਿੰਤਾਜਨਕ ਹਨ।
ਉਨ੍ਹਾਂ ਨਸ਼ਾ ਛੁਡਾਉਣ ਦੇ ਨਾਂ ‘ਤੇ ਦਿੱਤੀ ਜਾਣ ਵਾਲੀ ਇੱਕ ਗੋਲੀ ਦੇ ਨੌਜਵਾਨਾਂ ਵਿੱਚ ਵਧ ਰਹੇ ਇਸਤੇਮਾਲ ਅਤੇ ਇਸ ਦੀ ਆਦਤ ਪੈਣ ‘ਤੇ ਵੀ ਚਿੰਤਾ ਜਤਾਈ। ਉਨ੍ਹਾਂ ਕਿਹਾ ਕਿ ਜੇਕਰ ਸਮੇਂ ਸਿਰ ਠੋਸ ਕਦਮ ਨਾ ਚੁੱਕੇ ਗਏ ਤਾਂ ਆਉਣ ਵਾਲੇ ਸਮੇਂ ਵਿੱਚ ਹਾਲਾਤ ਹੋਰ ਵੀ ਗੰਭੀਰ ਹੋ ਸਕਦੇ ਹਨ।
World News TV — ਸਹੀ ਅਤੇ ਤਾਜ਼ਾ ਜਾਣਕਾਰੀ।
