ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਕਿ ਉਹ ਕਿਸਾਨਾਂ ਦੀਆਂ ਮੰਗਾਂ ਪ੍ਰਵਾਨ ਕਰਨ ਅਤੇ ਯਕੀਨੀ ਬਣਾਉਣ ਕਿ ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਦਾ ਮਰਨ ਵਰਤ ਖ਼ਤਮ ਹੋਵੇ।
ਇਥੇ ਜਾਰੀ ਕੀਤੇ ਇਕ ਬਿਆਨ ਵਿਚ ਅਕਾਲੀ ਆਗੂ ਨੇ ਭਾਜਪਾ ਲੀਡਰਸ਼ਿਪ ਦੇ ਦਖਲ ਦੀ ਵੀ ਮੰਗ ਕੀਤੀ ਤੇ ਜਗਜੀਤ ਸਿੰਘ ਡੱਲੇਵਾਲ ਦੇ ਜ਼ਿੰਦਗੀ ਬਚਾਉਣ ਦੀ ਵੀ ਅਪੀਲ ਕੀਤੀ। ਉਹਨਾਂ ਕਿਹਾ ਕਿ ਕਿਸਾਨ ਆਗੂ ਦੀ ਜ਼ਿੰਦਗੀ ਬੇਸ਼ਕੀਮਤੀ ਹੈ। ਉਹਨਾਂ ਕਿਹਾ ਕਿ ਅਜਿਹਾ ਨਾ ਹੋਵੇ ਕਿ ਡੱਲੇਵਾਲ ਸਾਹਿਬ ਦਾ ਕਤਲ ਤੁਹਾਡੇ ਹੱਥਾਂ ’ਤੇ ਲਿਖਿਆ ਹੋਵੇ। ਉਹਨਾਂ ਜ਼ੋਰ ਦੇ ਕੇ ਕਿਹਾ ਕਿ ਉਚ ਅਹੁਦਿਆਂ ’ਤੇ ਬੈਠਣ ਵਾਲਿਆਂ ਨੂੰ ਨੂੰ ਅੰਨਦਾਤਾ ਦੀ ਜਾਨ ਦੀ ਕੀਮਤ ਸਮਝ ਆਉਣੀ ਚਾਹੀਦੀ ਹੈ, ਜਿਸਨੇ ਇਸ ਮੁਲਕ ਨੂੰ ਆਤਮ ਨਿਰਭਰ ਬਣਾਇਆ।
ਉਹਨਾਂ ਕਿਹਾ ਕਿ ਅੱਜ ਉਹੀ ਅੰਨਦਾਤਾ ਨੂੰ ਮਰਨ ਵਰਤ ’ਤੇ ਬੈਠਣ ਲਈ ਮਜਬੂਰ ਕੀਤਾ ਜਾ ਰਿਹਾ ਹੈ, ਜਦੋਂਕਿ ਸਰਕਾਰ ਕਿਸਾਨਾਂ ਦੀਆਂ ਮੁਸ਼ਕਿਲਾਂ ਤੋਂ ਅਣਜਾਣ ਹੈ। ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਕੇਂਦਰ ਸਰਕਾਰ ਨੂੰ ਐਮਐਸਪੀ ਨੂੰ ਕਾਨੂੰਨੀ ਗਰੰਟੀ ਦਾ ਰੂਪ ਦੇਣ ਸਮੇਤ ਲਖੀਮਪੁਰ ਖੀਰੀ ਦੇ ਕਿਸਾਨਾਂ ਵਾਸਤੇ ਨਿਆਂ ਯਕੀਨੀ ਬਣਾਉਣ ਅਤੇ ਕਿਸਾਨਾਂ ਨੂੰ ਉਹਨਾਂ ਦੀਆਂ ਜ਼ਮੀਨਾਂ ਦਾ ਵਾਜਬ ਭਾਅ ਦੁਆਉਣ ਸਮੇਤ ਹੋਰ ਮੰਗਾਂ ਪ੍ਰਵਾਨ ਕਰਨੀਆਂ ਚਾਹੀਦੀਆਂ ਹਨ।
ਉਹਨਾਂ ਕਿਹਾ ਕਿ ਕਿਸਾਨਾਂ ਵਿਚ ਇਸ ਗੱਲ ਦਾ ਗੁੱਸਾ ਹੈ ਕਿ ਸਰਕਾਰ ਵਪਾਰੀਆਂ ਦਾ ਤਾਂ ਕਰੋੜਾਂ ਰੁਪਏ ਦਾ ਕਰਜ਼ਾ ਮੁਆਫ ਕਰ ਰਹੀ ਹੈ ਪਰ ਕਿਸਾਨਾਂ ਦੀ ਮਦਦ ਵਾਸਤੇ ਅੱਗੇ ਆਉਣ ਲਈ ਤਿਆਰ ਨਹੀਂ ਹੈ। ਅਕਾਲੀ ਆਗੂ ਨੇ ਹਰਿਆਣਾ ਅਤੇ ਕੇਂਦਰ ਸਰਕਾਰ ਵੱਲੋਂ ਸ਼ਾਂਤਮਈ ਕਿਸਾਨਾਂ ਨੂੰ ਦਿੱਲੀ ਜਾ ਕੇ ਉਹਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਕੋਲ ਪੇਸ਼ ਕਰਨ ਦੀ ਆਗਿਆ ਨਾ ਦੇਣ ਦੀ ਵੀ ਨਿਖੇਧੀ ਕੀਤੀ।