ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਿੱਲੀ ਵਿੱਚ ਹੋਏ ਕਾਰ ਧਮਾਕੇ ‘ਤੇ ਬਿਆਨ ਜਾਰੀ ਕੀਤਾ ਹੈ। ਉਨ੍ਹਾਂ ਨੇ ਧਮਾਕੇ ਵਿੱਚ ਹੋਈਆਂ ਮੌਤਾਂ ‘ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਜ਼ਖਮੀਆਂ ਦੀ ਸਿਹਤਯਾਬੀ ਲਈ ਪ੍ਰਾਰਥਨਾ ਕੀਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਗੱਲ ਕੀਤੀ ਹੈ ਅਤੇ ਸਥਿਤੀ ਦਾ ਜਾਇਜ਼ਾ ਲਿਆ ਹੈ।
ਘਟਨਾ ‘ਤੇ ਦੁੱਖ ਪ੍ਰਗਟ ਕਰਦੇ ਹੋਏ ਪ੍ਰਧਾਨ ਮੰਤਰੀ ਮੋਦੀ ਨੇ X ‘ਤੇ ਲਿਖਿਆ, “ਅੱਜ ਸ਼ਾਮ ਦਿੱਲੀ ਵਿੱਚ ਹੋਏ ਧਮਾਕੇ ਵਿੱਚ ਆਪਣੇ ਅਜ਼ੀਜ਼ਾਂ ਨੂੰ ਗੁਆਉਣ ਵਾਲਿਆਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ। ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਸਹਾਇਤਾ ਪ੍ਰਦਾਨ ਕਰ ਰਹੇ ਹਨ। ਮੈਂ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਹੋਰ ਅਧਿਕਾਰੀਆਂ ਨਾਲ ਸਥਿਤੀ ਦੀ ਸਮੀਖਿਆ ਕੀਤੀ। ਇਸ ਦੌਰਾਨ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਕਿਹਾ ਕਿ ਧਮਾਕਾ ਇੱਕ ਹੁੰਡਈ ਆਈ20 ਵਿੱਚ ਹੋਇਆ ਸੀ।
ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਅਤੇ ਟਵਿੱਟਰ ‘ਤੇ ਲਿਖਿਆ, “ਦਿੱਲੀ ਵਿੱਚ ਕਾਰ ਧਮਾਕਾ ਬਹੁਤ ਹੀ ਦੁਖਦਾਈ ਅਤੇ ਪਰੇਸ਼ਾਨ ਕਰਨ ਵਾਲਾ ਹੈ। ਇਸ ਦੁਖਦਾਈ ਸਮੇਂ ਵਿੱਚ ਮੈਂ ਮ੍ਰਿਤਕਾਂ ਦੇ ਪਰਿਵਾਰਾਂ ਪ੍ਰਤੀ ਆਪਣੀ ਡੂੰਘੀ ਸੰਵੇਦਨਾ ਪ੍ਰਗਟ ਕਰਦਾ ਹਾਂ। ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦਾ ਹਾਂ।”
ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਨੇੜੇ ਧਮਾਕਾ
ਦਿੱਲੀ ਦੇ ਲਾਲ ਕਿਲ੍ਹਾ ਮੈਟਰੋ ਸਟੇਸ਼ਨ ਦੇ ਗੇਟ ਨੰਬਰ 1 ਦੇ ਨੇੜੇ ਇੱਕ ਕਾਰ ਵਿੱਚ ਜ਼ਬਰਦਸਤ ਧਮਾਕਾ ਹੋਇਆ ਹੈ। ਜਿਸ ਵਿੱਚ 10 ਲੋਕਾਂ ਦੀ ਮੌਤ ਹੋ ਗਈ ਅਤੇ ਲਗਭਗ 30 ਹੋਰ ਗੰਭੀਰ ਜ਼ਖਮੀ ਦੱਸੇ ਜਾ ਰਹੇ ਹਨ। ਜ਼ਖਮੀਆਂ ਨੂੰ ਐਲਐਨਜੇਪੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਧਮਾਕੇ ਕਾਰਨ ਤਿੰਨ ਹੋਰ ਵਾਹਨਾਂ ਵਿੱਚ ਵੀ ਅੱਗ ਲੱਗ ਗਈ। ਫਾਇਰ ਬ੍ਰਿਗੇਡ ਦੀਆਂ ਅੱਠ ਤੋਂ ਵੱਧ ਗੱਡੀਆਂ ਮੌਕੇ ‘ਤੇ ਮੌਜੂਦ ਹਨ। ਅੱਗ ‘ਤੇ ਕਾਬੂ ਪਾਇਆ ਜਾ ਰਿਹਾ ਹੈ।











