ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰ ਨਾਗਰਿਕ ਲਈ ਪੀਣ ਵਾਲੇ ਪਾਣੀ ਨੂੰ ਯਕੀਨੀ ਬਣਾਉਣਾ ਸਰਕਾਰ ਦੀ ਸਭ ਤੋਂ ਵੱਡੀ ਜ਼ਿੰਮੇਵਾਰੀ ਹੈ ਅਤੇ ਸਰਕਾਰ ਇਸ ਦਿਸ਼ਾ ਵਿੱਚ ਲਗਾਤਾਰ ਕੰਮ ਕਰ ਰਹੀ ਹੈ। ਇਸੇ ਭਾਵਨਾ ਨਾਲ ਰੋਹਤਕ ਵਿੱਚ ਵੀ ਹਰ ਘਰ ਵਿੱਚ ਪੀਣ ਵਾਲੇ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਮੁੱਖ ਮੰਤਰੀ ਅੱਜ ਇੱਥੇ ਸ਼ੁਰੂ ਹੋਏ ਹਰਿਆਣਾ ਵਿਧਾਨ ਸਭਾ ਦੇ ਸਰਦ ਰੁੱਤ ਇਜਲਾਸ ਦੇ ਪਹਿਲੇ ਦਿਨ ਰੋਹਤਕ ਸ਼ਹਿਰ ਵਿੱਚ ਪੀਣ ਵਾਲੇ ਪਾਣੀ ਦੀ ਲੋੜੀਂਦੀ ਸਪਲਾਈ ਬਾਰੇ ਵਿਧਾਇਕ ਭਾਰਤ ਭੂਸ਼ਣ ਬੱਤਰਾ ਵੱਲੋਂ ਪੁੱਛੇ ਸਵਾਲ ਦਾ ਜਵਾਬ ਦੇ ਰਹੇ ਸਨ।
ਸੈਣੀ ਨੇ ਦੱਸਿਆ ਕਿ ਜਲ ਭੰਡਾਰ ਦੀ ਉਸਾਰੀ ਲਈ ਨਗਰ ਨਿਗਮ ਰੋਹਤਕ ਦੀ 16 ਏਕੜ ਜ਼ਮੀਨ ਸਬੰਧਤ ਵਿਭਾਗ ਨੂੰ ਤਬਦੀਲ ਕਰਨ ਦੀ ਤਜਵੀਜ਼ ਹੈ। ਇਸ ਤੋਂ ਇਲਾਵਾ ਸੋਨੀਪਤ ਰੋਡ ‘ਤੇ ਇਕ ਪੰਪ, ਜੋ ਇਸ ਸਮੇਂ ਠੀਕ ਤਰ੍ਹਾਂ ਨਾਲ ਕੰਮ ਨਹੀਂ ਕਰ ਰਿਹਾ ਹੈ, ਦੀ ਮੁਰੰਮਤ ਕੀਤੀ ਜਾ ਰਹੀ ਹੈ ਅਤੇ ਇਸ ਦੀ ਸਮਰੱਥਾ ਨੂੰ ਵਧਾਇਆ ਜਾ ਰਿਹਾ ਹੈ।
ਮੁੱਖ ਮੰਤਰੀ ਨੇ ਭਰੋਸਾ ਦਿਵਾਇਆ ਕਿ ਰੋਹਤਕ ਖੇਤਰ ਵਿੱਚ ਪਾਣੀ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਰਕਾਰ ਨਿਰਵਿਘਨ ਜਲ ਸਪਲਾਈ ਨੂੰ ਯਕੀਨੀ ਬਣਾਉਣ ਲਈ ਸਰਗਰਮੀ ਨਾਲ ਕੰਮ ਕਰ ਰਹੀ ਹੈ।









