ਪੰਜਾਬ ਵਿਧਾਨ ਸਭਾ ਚੋਣਾਂ 2027 ਨੂੰ ਲੈ ਕੇ ਸਿਆਸੀ ਹਲਚਲ ਜਾਰੀ ਹੈ, ਇਸ ਵਿਚਾਲੇ ਅਹਿਮ ਖਬਰ ਸਾਹਮਣੇ ਆ ਰਹੀ ਹੈ। ਦਰਅਸਲ, ਉਮੀਦ ਕੀਤੀ ਜਾ ਰਹੀ ਹੈ ਕਿ ਜਨਵਰੀ ਦੇ ਦੂਜੇ ਹਫਤੇ ਚੋਣਾਂ ਦਾ ਐਲਾਨ ਹੋ ਸਕਦਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਚੋਣ ਮੋਡ ਵਿੱਚ ਨਜ਼ਰ ਆ ਰਹੀ ਹੈ। ਸੰਗਠਨ ਨੂੰ ਮਜ਼ਬੂਤ ਕਰਨ ਲਈ ਤਿਆਰੀਆਂ ਨੇ ਜ਼ੋਰ ਫੜ ਲਿਆ ਹੈ।
ਕਾਂਗਰਸ ਵੱਲੋਂ 4 ਮੈਂਬਰੀ ਕਮੇਟੀ ਦਾ ਗਠਨ
ਇਸੇ ਦੌਰਾਨ ਦੂਜੀਆਂ ਸਿਆਸੀ ਪਾਰਟੀਆਂ ਦੇ ਆਗੂਆਂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦੀ ਪ੍ਰਕਿਰਿਆ ਦੀ ਨਿਗਰਾਨੀ ਲਈ 4 ਮੈਂਬਰੀ ਕਮੇਟੀ ਦਾ ਗਠਨ ਕੀਤਾ ਗਿਆ ਹੈ। ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ ਇਸ ਸਬੰਧੀ ਹੁਕਮ ਜਾਰੀ ਕੀਤੇ ਹਨ। ਇਸ ਕਮੇਟੀ ਵਿੱਚ ਵਿਜੇ ਇੰਦਰ ਸਿੰਗਲਾ, ਅਰੁਣਾ ਚੌਧਰੀ, ਕੁਸ਼ਲਦੀਪ ਢਿੱਲੋਂ ਅਤੇ ਹਰਦੇਵ ਸਿੰਘ ਲਾਡੀ ਸ਼ਾਮਲ ਹਨ।
ਜਾਣੋ ਕੀ ਕੰਮ ਕਰੇਗੀ ਇਹ ਕਮੇਟੀ
ਜਾਣਕਾਰੀ ਲਈ ਦੱਸ ਦੇਈਏ ਕਿ ਇਹ ਕਮੇਟੀ ਦੂਜੀਆਂ ਪਾਰਟੀਆਂ ਤੋਂ ਆਉਣ ਵਾਲੇ ਆਗੂਆਂ ਦੇ ਸ਼ਾਮਲ ਹੋਣ ਦੀ ਪ੍ਰਕਿਰਿਆ ‘ਤੇ ਨਜ਼ਰ ਰੱਖੇਗੀ। ਕਿਸੇ ਵੀ ਨਵੇਂ ਆਗੂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ, ਸਬੰਧਤ ਹਲਕੇ ਦੇ ਸੀਨੀਅਰ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਨਾਲ ਸਲਾਹ-ਮਸ਼ਵਰਾ ਕਰਨਾ ਲਾਜ਼ਮੀ ਹੋਵੇਗਾ।
ਪਾਰਟੀ ਦੇ ਮੌਜੂਦਾ ਆਗੂਆਂ ਅਤੇ ਵਰਕਰਾਂ ਦੀ ਸਹਿਮਤੀ ਨੂੰ ਪਹਿਲ ਦੇਣ ‘ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਹ ਕਮੇਟੀ ਹੋਰਨਾਂ ਸਿਆਸੀ ਪਾਰਟੀਆਂ ਨੂੰ ਛੱਡ ਕੇ ਕਾਂਗਰਸ ਵਿੱਚ ਸ਼ਾਮਲ ਹੋਣ ਦੇ ਇੱਛੁਕ ਆਗੂਆਂ ਦੀ ਜੁਆਇਨਿੰਗ ਪ੍ਰਕਿਰਿਆ ਦਾ ਤਾਲਮੇਲ ਕਰਨ ਦੇ ਨਾਲ-ਨਾਲ ਇਸ ਦੀ ਨਿਗਰਾਨੀ ਵੀ ਕਰੇਗੀ। ਪਾਰਟੀ ਨੇ ਇਸ ਸਬੰਧੀ ਸਪੱਸ਼ਟ ਹਦਾਇਤਾਂ ਜਾਰੀ ਕੀਤੀਆਂ ਹਨ ਕਿ ਕਿਸੇ ਵੀ ਬਾਹਰੀ ਆਗੂ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਤੋਂ ਪਹਿਲਾਂ ਸਬੰਧਤ ਵਿਧਾਨ ਸਭਾ ਹਲਕੇ ਦੇ ਸੀਨੀਅਰ ਕਾਂਗਰਸੀ ਆਗੂਆਂ ਅਤੇ ਜ਼ਿਲ੍ਹਾ ਕਾਂਗਰਸ ਕਮੇਟੀ ਦੇ ਪ੍ਰਧਾਨ ਨਾਲ ਲਾਜ਼ਮੀ ਤੌਰ ’ਤੇ ਵਿਚਾਰ-ਵਟਾਂਦਰਾ ਕੀਤਾ ਜਾਵੇ।
ਕਾਂਗਰਸ ਦੇ ਇਸ ਫੈਸਲੇ ਨੂੰ ਪਾਰਟੀ ਵਿੱਚ ਨਵੇਂ ਆਗੂਆਂ ਦੀ ਸ਼ਮੂਲੀਅਤ ਦੌਰਾਨ ਸਥਾਨਕ ਆਗੂਆਂ ਅਤੇ ਪੁਰਾਣੇ ਵਰਕਰਾਂ ਦੀ ਸਹਿਮਤੀ ਤੇ ਹਿੱਤਾਂ ਨੂੰ ਤਰਜੀਹ ਦੇਣ ਦੀ ਕੋਸ਼ਿਸ਼ ਵਜੋਂ ਦੇਖਿਆ ਜਾ ਰਿਹਾ ਹੈ। ਇਸ ਨਾਲ ਪਾਰਟੀ ਅੰਦਰੂਨੀ ਤਾਲਮੇਲ ਬਣਾਈ ਰੱਖਣ ਦੇ ਨਾਲ-ਨਾਲ ਨਵੇਂ ਆਗੂਆਂ ਦੀ ਸ਼ਮੂਲੀਅਤ ਨੂੰ ਇੱਕ ਤੈਅ ਪ੍ਰਕਿਰਿਆ ਅਧੀਨ ਲਿਆਉਣਾ ਚਾਹੁੰਦੀ ਹੈ। ਦਫ਼ਤਰੀ ਹੁਕਮਾਂ ਮੁਤਾਬਕ ਚਾਰ ਮੈਂਬਰੀ ਇਹ ਕਮੇਟੀ ਤੁਰੰਤ ਪ੍ਰਭਾਵ ਨਾਲ ਲਾਗੂ ਹੋ ਗਈ ਹੈ।
World News TV — ਸਹੀ ਅਤੇ ਤਾਜ਼ਾ ਜਾਣਕਾਰੀ।
