ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਕਾਰਵਾਈ ਦੌਰਾਨ ਇੱਕ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ। ਤਰਨਤਾਰਨ ਵਿੱਚ ਸੀਮਾ ਸੁਰੱਖਿਆ ਬਲ (BSF) ਨੇ ਪੰਜਾਬ ਪੁਲਿਸ ਦੇ ਇੱਕ ਕਾਂਸਟੇਬਲ ਨੂੰ 15 ਕਿਲੋ ਹੈਰੋਇਨ ਸਮੇਤ ਕਾਬੂ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਮੁਲਜ਼ਮ VVIP ਕਾਫ਼ਲੇ ਦੀ ਸੁਰੱਖਿਆ ਵਿੱਚ ਤਾਇਨਾਤ ਸੀ।
ਚੈਕਿੰਗ ਦੌਰਾਨ ਕਾਰ ਵਿੱਚੋਂ ਮਿਲੀ ਹੈਰੋਇਨ
ਜਾਣਕਾਰੀ ਅਨੁਸਾਰ, BSF ਨੇ ਸਰਹੱਦੀ ਇਲਾਕੇ ਵਿੱਚ ਇੱਕ ਚੈਕਪੋਸਟ ’ਤੇ ਜਾਂਚ ਦੌਰਾਨ ਸਵਿਫਟ ਕਾਰ ਵਿੱਚ ਸਵਾਰ ਪੁਲਿਸ ਮੁਲਾਜ਼ਮ ਕਰਨਬੀਰ ਸਿੰਘ ਨੂੰ ਕਾਬੂ ਕੀਤਾ। ਉਸ ਕੋਲੋਂ 15 ਕਿਲੋ ਹੈਰੋਇਨ ਬਰਾਮਦ ਹੋਣ ਦੀ ਗੱਲ ਸਾਹਮਣੇ ਆਈ ਹੈ। ਕਰਨਬੀਰ ਸਿੰਘ ਪਿੰਡ ਭੂਸਾ ਦਾ ਰਹਿਣ ਵਾਲਾ ਦੱਸਿਆ ਜਾ ਰਿਹਾ ਹੈ। ਉਹ ਪਹਿਲਾਂ ਸਰਹੱਦੀ ਥਾਣੇ ਵਿੱਚ ਮੁਨਸ਼ੀ ਵਜੋਂ ਕੰਮ ਕਰਦਾ ਸੀ ਅਤੇ ਮੌਜੂਦਾ ਸਮੇਂ VVIP ਕਾਫ਼ਲੇ ਨਾਲ ਚੱਲਣ ਵਾਲੀ ਜੈਮਰ ਗੱਡੀ ਵਿੱਚ ਤਾਇਨਾਤ ਸੀ। BSF ਵੱਲੋਂ ਸੂਚਨਾ ਦਿੱਤੇ ਜਾਣ ਤੋਂ ਬਾਅਦ ਸਰਾਏ ਅਮਾਨਤ ਖ਼ਾਨ ਥਾਣੇ ਦੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮੁਲਜ਼ਮ ਨੂੰ ਹਿਰਾਸਤ ਵਿੱਚ ਲੈ ਲਿਆ।
ਹੈਰੋਇਨ ਕਿੱਥੋਂ ਆਈ, ਕਿਸ ਨੂੰ ਹੋਣੀ ਸੀ ਸਪਲਾਈ?
ਪੁਲਿਸ ਵੱਲੋਂ ਮੁਲਜ਼ਮ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਜਾਂਚ ਵਿੱਚ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਕਿ ਹੈਰੋਇਨ ਦੀ ਇਹ ਖੇਪ ਕਿੱਥੋਂ ਲਿਆਂਦੀ ਗਈ ਸੀ ਅਤੇ ਅੱਗੇ ਕਿਸ ਨੂੰ ਸਪਲਾਈ ਕੀਤੀ ਜਾਣੀ ਸੀ। ਇਸ ਮਾਮਲੇ ਨੇ ਸਰਹੱਦੀ ਇਲਾਕਿਆਂ ਵਿੱਚ ਨਸ਼ਾ ਤਸਕਰੀ ਨੂੰ ਲੈ ਕੇ ਗੰਭੀਰ ਸਵਾਲ ਖੜ੍ਹੇ ਕਰ ਦਿੱਤੇ ਹਨ। ਹਾਲਾਂਕਿ, ਇਸ ਮਾਮਲੇ ਵਿੱਚ ਨਸ਼ਾ ਤਸਕਰੀ ਦੇ ਪੂਰੇ ਨੈੱਟਵਰਕ ਅਤੇ ਹੋਰ ਲੋਕਾਂ ਦੀ ਸ਼ਮੂਲੀਅਤ ਬਾਰੇ ਪੁਲਿਸ ਜਾਂਚ ਤੋਂ ਬਾਅਦ ਹੀ ਸਥਿਤੀ ਸਪੱਸ਼ਟ ਹੋਵੇਗੀ।
World News TV — ਸਹੀ ਅਤੇ ਤਾਜ਼ਾ ਜਾਣਕਾਰੀ।









