ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਸਾਬਕਾ ਕੇਂਦਰੀ ਗ੍ਰਹਿ ਮੰਤਰੀ ਮਰਹੂਮ ਬੂਟਾ ਸਿੰਘ ਬਾਰੇ ਕੀਤੀ ਗਈ ਟਿੱਪਣੀ ਨੂੰ ਅਸੰਤੁਸ਼ਟੀਜਨਕ ਕਰਾਰ ਦੇਣ ਦੇ ਮਾਮਲੇ ਦੇ ਸਬੰਧ ਵਿੱਚ ਪੇਸ਼ ਕੀਤੀ ਗਈ ਰਿਪੋਰਟ ਨੂੰ ਦੇਖਦਿਆਂ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨਤਾਰਨ ਨੂੰ 6 ਨਵੰਬਰ 2025 ਨੂੰ ਤਲਬ ਕੀਤਾ ਹੈ।
ਕਮਿਸ਼ਨ ਨੇ ਆਦਰਸ਼ ਚੋਣ ਜ਼ਾਬਤੇ ਅਨੁਸਾਰ ਰਾਜਾ ਵੜਿੰਗ ਦੇ ਜ਼ਿਲ੍ਹੇ ਵਿੱਚ ਦਾਖ਼ਲੇ ’ਤੇ ਪਾਬੰਦੀ ਨਾ ਲਾਉਣ ਲਈ ਜ਼ਿਲ੍ਹਾ ਚੋਣ ਅਫ਼ਸਰ ਤੋਂ ਸਪੱਸ਼ਟੀਕਰਨ ਵੀ ਮੰਗਿਆ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਰਾਜ ਅਨੁਸੂਚਿਤ ਜਾਤੀ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਨੇ ਦੱਸਿਆ ਕਿ ਅੱਜ ਸਹਾਇਕ ਰਿਟਰਨਿੰਗ ਅਫ਼ਸਰ-ਕਮ-ਨਾਇਬ ਤਹਿਸੀਲਦਾਰ ਜਸਵਿੰਦਰ ਸਿੰਘ ਵੱਲੋਂ ਦਿੱਤਾ ਗਿਆ ਜਵਾਬ ਤਸੱਲੀਬਖਸ਼ ਨਹੀਂ ਪਾਇਆ ਗਿਆ, ਜਿਸ ਕਾਰਨ ਜ਼ਿਲ੍ਹਾ ਚੋਣ ਅਫ਼ਸਰ ਨੂੰ ਤਲਬ ਕੀਤਾ ਗਿਆ। ਜ਼ਿਕਰਯੋਗ ਹੈ ਕਿ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ ਪਹਿਲਾਂ ਹੀ 6 ਨਵੰਬਰ, 2025 ਨੂੰ ਕਮਿਸ਼ਨ ਸਾਹਮਣੇ ਨਿੱਜੀ ਤੌਰ ‘ਤੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਜਾ ਚੁੱਕੇ ਹਨ।









