ਆਮ ਆਦਮੀ ਪਾਰਟੀ ਵੱਲੋਂ ਤਰਨ ਤਾਰਨ ਦੀ ਜ਼ਿਮਨੀ ਚੋਣ ਜਿੱਤਣ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਦਾ ਬਿਆਨ ਆਇਆ ਹੈ। ਸ਼ਰਨਜੀਤ ਸਿੰਘ ਢਿੱਲੋ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਹੋਰ ਮਜ਼ਬੂਤ ਹੋਇਆ ਹੈ ਅਤੇ 2027 ‘ਚ ਸ਼੍ਰੋਮਣੀ ਅਕਾਲੀ ਦਲ ਸਰਕਾਰ ਬਣਾਏਗਾ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੂੰ ਖਤਮ ਕਰਨ ਵਾਸਤੇ ਕਈ ਏਜੰਸੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ।
ਸੀਨੀਅਰ ਆਗੂ ਸ਼ਰਨਜੀਤ ਸਿੰਘ ਢਿੱਲੋਂ ਨੇ ਸੁਖਬੀਰ ਸਿੰਘ ਬਾਦਲ ਦੀ ਪ੍ਰਧਾਨਗੀ ਨੂੰ ਲੈ ਕੇ ਵੀ ਵਿਰੋਧੀਆਂ ‘ਤੇ ਨਿਸ਼ਾਨਾ ਸਾਧਿਆ ਹੈ। ਸ਼ਰਨਜੀਤ ਸਿੰਘ ਢਿੱਲੋਂ ਨੇ ਆਖਿਆ ਕਿ ਸ਼੍ਰੋਮਣੀ ਅਕਾਲੀ ਦਲ ਹਾਰ ਕੇ ਵੀ ਤਰਨ ਤਾਰਨ ਦੀ ਜ਼ਿਮਨੀ ਚੋਣ ਜਿੱਤਿਆ ਹੈ। ਉਨ੍ਹਾਂ ਕਿਹਾ ਕਿ ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ ਨੇ ਸਾਫ਼ ਕਹਿ ਦਿੱਤਾ ਕਿ ਜੇਕਰ ਮੈਂ ਜ਼ਿਮਨੀ ਚੋਣ ਨਾ ਲੜਦਾ ਤਾਂ ਸ਼੍ਰੋਮਣੀ ਅਕਾਲੀ ਦਲ ਜਿੱਤ ਜਾਂਦਾ।
ਦੱਸਣਯੋਗ ਹੈ ਕਿ ਸ਼ੁੱਕਰਵਾਰ ਨੂੰ ਆਏ ਜ਼ਿਮਨੀ ਚੋਣ ਦੇ ਨੀਤੀਜਿਆਂ ਵਿੱਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਮੀਤ ਸਿੰਘ ਸੰਧੂ ਨੂੰ 42,649, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਨੂੰ 30, 558, ਆਜ਼ਾਦ ਉਮੀਦਵਾਰ ਮਨਦੀਪ ਸਿੰਘ ਖ਼ਾਲਸਾ ਨੂੰ 19,620,ਕਾਂਗਰਸ ਉਮੀਦਵਾਰ ਕਰਨਬੀਰ ਸਿੰਘ ਨੂੰ 15,078 ਵੋਟਾਂ ਅਤੇ ਭਾਜਪਾ ਉਮੀਦਵਾਰ ਹਰਜੀਤ ਸਿੰਘ ਸੰਧੂ ਨੂੰ 6,239 ਵੋਟਾਂ ਮਿਲੀਆਂ ਹਨ।
ਦੱਸ ਦੇਈਏ ਕਿ ਸੱਤਾਧਾਰੀ ਪਾਰਟੀ ਦੀ ਜਿੱਤ ਅਤੇ ਪੰਥਕ ਧਿਰਾਂ ਦੇ ਆਜ਼ਾਦ ਲੜਨ ਦੇ ਬਾਵਜੂਦ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਸੁਖਵਿੰਦਰ ਕੌਰ ਰੰਧਾਵਾ ਦੂਜੇ ਨੰਬਰ ਉਪਰ ਰਹੇ ਹਨ। ਸਿਆਸੀ ਮਾਹਰਾਂ ਦਾ ਕਹਿਣਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਦਾ ਦੂਜੇ ਨੰਬਰ ਉਪਰ ਆਉਣਾ ਦਿੱਖ ਰਿਹਾ ਹੈ ਕਿ ਸ਼੍ਰੋਮਣੀ ਅਕਾਲੀ ਦਲ ਮੁੜ ਵਾਪਸੀ ਦੀ ਰਾਹ ‘ਤੇ ਆ ਰਿਹਾ ਹੈ।









