ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਅਦਾਲਤ ਨੇ ਮੁੜ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜਿਆ

0
20005
ਸ਼੍ਰੋਮਣੀ ਅਕਾਲੀ ਦਲ ਦੇ IT ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ ਨੂੰ ਅਦਾਲਤ ਨੇ ਮੁੜ ਇੱਕ ਦਿਨ ਦੇ ਪੁਲਿਸ ਰਿਮਾਂਡ 'ਤੇ ਭੇਜਿਆ

ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਦੇ ਪ੍ਰਧਾਨ ਨਛੱਤਰ ਸਿੰਘ ਗਿੱਲ, ਗੁਰਜਿੰਦਰ ਸਿੰਘ ਨਿਵਾਸੀ ਫੈਲੋਕੇ ਅਤੇ ਝਬਾਲ ਦੇ ਰਜਿੰਦਰ ਸਿੰਘ ਵਾਸੀ ਝਬਾਲ ਨੂੰ ਅੱਜ ਮੁੜ ਤਰਨਤਾਰਨ ਦੀ ਜ਼ਿਲ੍ਹਾ ਅਦਾਲਤ ਵਿੱਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਨਛੱਤਰ ਸਿੰਘ ਗਿੱਲ ਨੂੰ ਮੁੜ ਇੱਕ ਦਿਨ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ ਹੈ ,ਜਦਕਿ ਉਸਦੇ 2 ਸਾਥੀਆਂ ਗੁਰਜਿੰਦਰ ਸਿੰਘ ਅਤੇ ਰਜਿੰਦਰ ਸਿੰਘ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ‘ਚ ਭੇਜ ਦਿੱਤਾ ਹੈ।

ਨਛੱਤਰ ਸਿੰਘ ਗਿੱਲ ਦੀ ਪੇਸ਼ੀ ਸਮੇਂ ਸ਼੍ਰੋਮਣੀ ਅਕਾਲੀ ਦਲ ਦੇ ਮੁੱਖ ਬੁਲਾਰੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਮਾਨਯੋਗ ਅਦਾਲਤ ਵਿੱਚ ਪੇਸ਼ ਹੋਏ ਸਨ। ਤਰਨਤਾਰਨ ਦੀ ਜ਼ਿਲ੍ਹਾ ਅਦਾਲਤ ਨੇ ਨਛੱਤਰ ਗਿੱਲ ਨੂੰ ਮੰਗਲਵਾਰ ਨੂੰ 3 ਵਜੇ ਤੱਕ ਅਦਾਲਤ ‘ਚ ਪੇਸ਼ ਕਰਨ ਦੇ ਪੁਲਿਸ ਨੂੰ ਹੁਕਮ ਦਿੱਤੇ ਹਨ। ਸ਼ਨੀਵਾਰ ਨੂੰ ਤਰਨਤਾਰਨ ਪੁਲਿਸ ਨੇ ਨਛੱਤਰ ਸਿੰਘ ਗਿੱਲ, ਗੁਰਜਿੰਦਰ ਸਿੰਘ ਅਤੇ ਰਜਿੰਦਰ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਸੀ।

ਅਕਾਲੀ ਦਲ ਵੱਲੋਂ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰੀ ਖਿਲਾਫ਼ ਪਟੀਸ਼ਨ ਦਾਖਲ

ਇਸ ਤੋਂ ਪਹਿਲਾਂ ਅੱਜ ਪੰਜਾਬ-ਹਰਿਆਣਾ ਹਾਈਕੋਰਟ ਨੇ ਸੋਮਵਾਰ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਆਈਟੀ ਵਿੰਗ ਪ੍ਰਧਾਨ ਨਛੱਤਰ ਸਿੰਘ ਗਿੱਲ ਦੀ ਪਟੀਸ਼ਨ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਹੈ। ਅਕਾਲੀ ਆਗੂ ਅਤੇ ਐਡਵੋਕੇਟ ਅਰਸ਼ਦੀਪ ਸਿੰਘ ਕਲੇਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਛੱਤਰ ਸਿੰਘ ਗਿੱਲ ਦੀ ਗ੍ਰਿਫ਼ਤਾਰ ਨੂੰ ਗੈਰ-ਕਾਨੂੰਨੀ ਦੱਸਦੇ ਹੋਏ ਪਟੀਸ਼ਨ ਦਾਖਲ ਕੀਤੀ ਗਈ ਸੀ, ਜਿਸ ‘ਤੇ ਅਦਾਲਤ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਦੇ ਹੋਏ ਜਵਾਬ ਦੇਣ ਲਈ ਕਿਹਾ ਹੈ।

ਉਨ੍ਹਾਂ ਦਸਿਆ ਕਿ ਪਟੀਸ਼ਨ ਰਾਹੀਂ ਨਛੱਤਰ ਗਿੱਲ ਦੀ ਗੈਰ-ਕਾਨੂੰਨੀ ਗ੍ਰਿਫ਼ਤਾਰੀ ਦਾ ਦੋਸ਼ ਲਗਾਉਂਦੇ ਹੋਏ ਹਾਈ ਕੋਰਟ ਵਿੱਚ ਇੱਕ ਪਟੀਸ਼ਨ ਦਾਇਰ ਕੀਤੀ ਗਈ ਹੈ, ਜਿਸ ‘ਤੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਸ਼ੁੱਕਰਵਾਰ ਤੱਕ ਜਵਾਬ ਦੇਣ ਦਾ ਹੁਕਮ ਦਿੱਤਾ ਹੈ। ਉਨ੍ਹਾਂ ਨੇ ਆਪਣੀ ਪਟੀਸ਼ਨ ਵਿੱਚ ਕਿਹਾ ਹੈ ਕਿ ਪੁਲਿਸ ਨਛੱਤਰ ਗਿੱਲ ਨੂੰ ਗੈਰ-ਕਾਨੂੰਨੀ ਹਿਰਾਸਤ ਵਿੱਚ ਰੱਖ ਰਹੀ ਹੈ। ਪਟੀਸ਼ਨ ਸ਼ਨੀਵਾਰ ਸ਼ਾਮ 6:15 ਵਜੇ ਦਾਇਰ ਕੀਤੀ ਗਈ ਸੀ ਅਤੇ ਹਾਈ ਕੋਰਟ ਨੇ ਅੱਜ ਸੋਮਵਾਰ ਨੂੰ ਸੁਣਵਾਈ ਤੈਅ ਕੀਤੀ ਸੀ।

ਦੱਸ ਦੇਈਏ ਕਿ ਹੈ ਕਿ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਇਸ ਗ੍ਰਿਫ਼ਤਾਰੀ ਦੀ ਨਿਖੇਧੀ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਜ਼ਿਮਨੀ ਚੋਣ ਜਿੱਤਣ ਲਈ ਕਾਨੂੰਨ ਛਿੱਕੇ ਉਤੇ ਟੰਗਿਆ ਤੇ ਹੁਣ ਅਕਾਲੀ ਵਰਕਰਾਂ ਉਤੇ ਝੂਠੇ ਕੇਸ ਪਾਏ ਜਾ ਰਹੇ ਹਨ।

 

LEAVE A REPLY

Please enter your comment!
Please enter your name here