ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅੱਜ 17 ਜੁਲਾਈ ਚੰਡੀਗੜ੍ਹ ਅਤੇ ਪੰਜਾਬ ਦੇ ਦੌਰੇ ‘ਤੇ ਹਨ। ਇਸ ਦੌਰੇ ਦੌਰਾਨ, ਉਹ 12,070 ਕਰੋੜ ਰੁਪਏ ਤੋਂ ਵੱਧ ਦੇ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖ ਕੇੇੇ ਉਦਘਾਟਨ ਕਰਨਗੇ। ਪ੍ਰਧਾਨ ਮੰਤਰੀ ਦੁਪਹਿਰ 1:15 ਵਜੇ ਦੇ ਕਰੀਬ ਚੰਡੀਗੜ੍ਹ ਪਹੁੰਚਣਗੇ। ਫਿਰ ਉਹ 2 ਕਰੋੜ ਰੁਪਏ ਦੇ ਵਾਟਰਪ੍ਰੂਫ਼, ਏਸੀ ਟੈਂਟ ਵਿੱਚ ਇੱਕ ਰੈਲੀ ਕਰਨਗੇ। ਉਹ ਉੱਥੇ 45 ਮਿੰਟ ਰੁਕਣਗੇ।
ਇਸ ਤੋਂ ਬਾਅਦ, ਉਨ੍ਹਾਂ ਦੇ ਜਲੰਧਰ ਵਿੱਚ ਚਾਰ ਪ੍ਰੋਗਰਾਮ ਹਨ। ਉਹ ਜਲੰਧਰ ਤੋਂ ਦੇਸ਼ ਭਰ ਦੇ 75 ਅੰਮ੍ਰਿਤ ਭਾਰਤ ਯੋਜਨਾ ਰੇਲਵੇ ਸਟੇਸ਼ਨਾਂ ਦਾ ਉਦਘਾਟਨ ਵੀ ਕਰਨਗੇ। ਇਸ ਦੌਰੇ ਦੌਰਾਨ, ਉਹ ਡੇਰਾ ਮੁਖੀਆਂ ਨਾਲ ਵੀ ਮੁਲਾਕਾਤ ਕਰਨਗੇ। ਪ੍ਰਧਾਨ ਮੰਤਰੀ ਮੋਦੀ ਹਰਿਆਣਾ ਦੇ ਜੀਂਦ ਪਹੁੰਚੇ ਹਨ, ਜਿੱਥੇ ਉਨ੍ਹਾਂ ਨੇ ਦੇਸ਼ ਦੀ ਪਹਿਲੀ ਹਾਈਡ੍ਰੋਜਨ ਟ੍ਰੇਨ ਨੂੰ ਹਰੀ ਝੰਡੀ ਦਿਖਾਈ। ਇਸ ਦੌਰੇ ਨੂੰ 2027 ਵਿੱਚ ਪੰਜਾਬ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਨਾਲ ਵੀ ਜੋੜਿਆ ਜਾ ਰਿਹਾ ਹੈ।
ਪ੍ਰਧਾਨ ਮੰਤਰੀ ਦੇ ਚੰਡੀਗੜ੍ਹ ਪਹੁੰਚਣ ਤੋਂ ਪਹਿਲਾਂ ਹੀ ਪੰਜਾਬ ਅਤੇ ਹਰਿਆਣਾ ਸਿਵਲ ਸਕੱਤਰੇਤ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਹ ਧਮਕੀ ਪੁਲਿਸ ਕੰਟਰੋਲ ਰੂਮ ਨੂੰ ਇੱਕ ਕਾਲ ਰਾਹੀਂ ਦਿੱਤੀ ਗਈ ਹੈ, ਜਿਸ ਤੋਂ ਬਾਅਦ ਪੂਰੇ ਕੰਪਲੈਕਸ ਨੂੰ ਹਾਈ ਅਲਰਟ ‘ਤੇ ਰੱਖਿਆ ਗਿਆ ਹੈ। ਚੰਡੀਗੜ੍ਹ ਪੁਲਿਸ, ਬੰਬ ਸਕੁਐਡ, ਡੌਗ ਸਕੁਐਡ ਅਤੇ ਹੋਰ ਸੁਰੱਖਿਆ ਏਜੰਸੀਆਂ ਮੌਕੇ ‘ਤੇ ਪਹੁੰਚ ਗਈਆਂ। ਸਾਵਧਾਨੀ ਦੇ ਤੌਰ ‘ਤੇ, ਸਕੱਤਰੇਤ ਦੀ ਇਮਾਰਤ ਨੂੰ ਖਾਲੀ ਕਰਵਾ ਲਿਆ ਗਿਆ ਅਤੇ ਪੂਰੇ ਕੰਪਲੈਕਸ ਵਿੱਚ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ।
ਪ੍ਰਧਾਨ ਮੰਤਰੀ ਮੋਦੀ ਦੇ ਦੌਰੇ ਲਈ ਪਹਿਲਾਂ ਹੀ ਸਖ਼ਤ ਸੁਰੱਖਿਆ ਪ੍ਰਬੰਧ ਕੀਤੇ ਗਏ ਸਨ। ਧਮਕੀ ਤੋਂ ਬਾਅਦ, ਸੁਰੱਖਿਆ ਹੋਰ ਵਧਾ ਦਿੱਤੀ ਗਈ ਹੈ। ਸਕੱਤਰੇਤ ਦੇ ਸਾਰੇ ਪ੍ਰਵੇਸ਼ ਅਤੇ ਨਿਕਾਸ ਰਸਤਿਆਂ ‘ਤੇ ਵਾਧੂ ਪੁਲਿਸ ਬਲ ਤਾਇਨਾਤ ਕੀਤੇ ਗਏ ਹਨ ਅਤੇ ਆਲੇ ਦੁਆਲੇ ਦੇ ਖੇਤਰ ਵਿੱਚ ਨਿਗਰਾਨੀ ਤੇਜ਼ ਕਰ ਦਿੱਤੀ ਗਈ ਹੈ।
