ਪੰਜਾਬ ਵਿੱਚ ਆਮ ਆਦਮੀ ਪਾਰਟੀ ਵੱਲੋਂ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕੀਤੇ ਜਾਣ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਕਈ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟੀਆਂ ਗਈਆਂ ਹਨ। ਇਸ ਦੌਰਾਨ ਚਮਕੌਰ ਸਾਹਿਬ ਤੋਂ ਵਿਧਾਇਕ ਡਾ. ਚਰਨਜੀਤ ਸਿੰਘ ਨੂੰ ਲੈ ਕੇ ਵੀ ਚਰਚਾਵਾਂ ਤੇਜ਼ ਹੋ ਗਈਆਂ ਹਨ।
ਡਾ. ਚਰਨਜੀਤ ਸਿੰਘ ਉਹ ਆਗੂ ਹਨ, ਜਿਨ੍ਹਾਂ ਨੇ 2022 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਹਰਾਇਆ ਸੀ। ਹੁਣ ਉਨ੍ਹਾਂ ਦੀ ਟਿਕਟ ਕੱਟੇ ਜਾਣ ਅਤੇ ਹਲਕੇ ਵਿੱਚ ਜਸਵੀਰ ਸਿੰਘ ਗੜ੍ਹੀ ਨੂੰ ਅਹਿਮ ਜ਼ਿੰਮੇਵਾਰੀ ਦਿੱਤੇ ਜਾਣ ਤੋਂ ਬਾਅਦ ਉਨ੍ਹਾਂ ਦੇ ਅਗਲੇ ਸਿਆਸੀ ਕਦਮ ਨੂੰ ਲੈ ਕੇ ਸਵਾਲ ਉੱਠ ਰਹੇ ਹਨ।
ਡਾ. ਚਰਨਜੀਤ ਸਿੰਘ ਦਾ ਛਲਕਿਆ ਦਰਦ
ਟਿਕਟ ਕੱਟੇ ਜਾਣ ਮਗਰੋਂ ਡਾ. ਚਰਨਜੀਤ ਸਿੰਘ ਨੇ ਕਿਹਾ ਕਿ ਉਹ ਚਮਕੌਰ ਸਾਹਿਬ ਤੋਂ ਚੋਣ ਜ਼ਰੂਰ ਲੜਨ। ਉਨ੍ਹਾਂ ਕਿਹਾ ਕਿ ਇਸ ਦੇ ਲਈ ਉਹ ਆਪਣੇ ਹਲਕੇ ਦੇ ਲੋਕਾਂ ਨਾਲ ਗੱਲਬਾਤ ਕਰਕੇ ਕੋਈ ਅਗਲਾ ਕਦਮ ਚੁੱਕਣਗੇ। ਹਾਲਾਂਕਿ ਡਾ. ਚਰਨਜੀਤ ਸਿੰਘ ਨੇ ਪਹਿਲਾਂ ਸਪੱਸ਼ਟ ਕੀਤਾ ਸੀ ਕਿ ਉਹ ਆਮ ਆਦਮੀ ਪਾਰਟੀ ਅਤੇ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ਮਜ਼ਬੂਤੀ ਨਾਲ ਖੜ੍ਹੇ ਹਨ। ਹੁਣ ਟਿਕਟਾਂ ਦੇ ਐਲਾਨ ਤੋਂ ਬਾਅਦ ਦੇਖਣਾ ਹੋਵੇਗਾ ਕਿ ਡਾ. ਚਰਨਜੀਤ ਸਿੰਘ ਆਪਣੀ ਅਗਲੀ ਸਿਆਸੀ ਰਣਨੀਤੀ ਕੀ ਤੈਅ ਕਰਦੇ ਹਨ।
ਪੰਜਾਬ ‘ਚ AAP ਦੀ ਦੂਜੀ ਸੂਚੀ ਜਾਰੀ
ਦੱਸ ਦੇਈਏ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੇ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦੀ ਦੂਜੀ ਸੂਚੀ ਜਾਰੀ ਕਰ ਦਿੱਤੀ ਹੈ। ਇਸ ਸੂਚੀ ਵਿੱਚ 31 ਉਮੀਦਵਾਰਾਂ ਦੇ ਨਾਂ ਸ਼ਾਮਲ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਪ੍ਰੈੱਸ ਕਾਨਫਰੰਸ ਕਰਕੇ ਉਮੀਦਵਾਰਾਂ ਦਾ ਐਲਾਨ ਕੀਤਾ। ਇਸ ਵਾਰ ਪਾਰਟੀ ਨੇ ਦੋ ਮੌਜੂਦਾ ਸੰਸਦ ਮੈਂਬਰਾਂ ਨੂੰ ਵੀ ਵਿਧਾਨ ਸਭਾ ਚੋਣਾਂ ਵਿੱਚ ਉਤਾਰਿਆ ਹੈ। ਸੰਗਰੂਰ ਤੋਂ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੂੰ ਬਰਨਾਲਾ ਤੋਂ ਅਤੇ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੂੰ ਫਗਵਾੜਾ ਤੋਂ ਟਿਕਟ ਦਿੱਤੀ ਗਈ ਹੈ।
ਦੂਜੇ ਪਾਸੇ ਪਾਰਟੀ ਨੇ ਕਈ ਮੌਜੂਦਾ ਮੰਤਰੀਆਂ ਅਤੇ ਵਿਧਾਇਕਾਂ ਦੀਆਂ ਟਿਕਟਾਂ ਕੱਟ ਦਿੱਤੀਆਂ ਹਨ। ਇਨ੍ਹਾਂ ਵਿੱਚ ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਵਿਧਾਇਕ ਅਨਮੋਲ ਗਗਨ ਮਾਨ, ਕੁੰਵਰ ਵਿਜੇ ਪ੍ਰਤਾਪ ਸਿੰਘ, ਲਾਲਜੀਤ ਸਿੰਘ ਭੁੱਲਰ, ਰਮਨ ਅਰੋੜਾ, ਕੁਲਵੰਤ ਬਾਜ਼ੀਗਰ ਅਤੇ ਚਰਨਜੀਤ ਸਿੰਘ ਦੇ ਨਾਂ ਸ਼ਾਮਲ ਹਨ।
ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵੀ ਮਿਲੀ ਟਿਕਟ
ਆਮ ਆਦਮੀ ਪਾਰਟੀ ਨੇ ਪੰਜਾਬੀ ਅਦਾਕਾਰਾ ਸੋਨੀਆ ਮਾਨ ਨੂੰ ਵੀ ਚੋਣ ਮੈਦਾਨ ਵਿੱਚ ਉਤਾਰਿਆ ਹੈ। ਉਨ੍ਹਾਂ ਨੂੰ ਅੰਮ੍ਰਿਤਸਰ ਜ਼ਿਲ੍ਹੇ ਦੇ ਰਾਜਾਸਾਂਸੀ ਵਿਧਾਨ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਗਿਆ ਹੈ।
ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਟਿਕਟ ਕੱਟੀ
ਆਮ ਆਦਮੀ ਪਾਰਟੀ ਨੇ ਖੇਤੀਬਾੜੀ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਦੀ ਲੰਬੀ ਵਿਧਾਨ ਸਭਾ ਹਲਕੇ ਤੋਂ ਟਿਕਟ ਕੱਟ ਦਿੱਤੀ ਹੈ। ਉਨ੍ਹਾਂ ਦੀ ਥਾਂ ਰਣਧੀਰ ਸਿੰਘ ਧੀਰਾ ਖੁੱਡੀਆਂ ਨੂੰ ਉਮੀਦਵਾਰ ਬਣਾਇਆ ਗਿਆ ਹੈ। ਇਸੇ ਤਰ੍ਹਾਂ ਖਰੜ ਵਿਧਾਨ ਸਭਾ ਹਲਕੇ ਤੋਂ ਸਾਬਕਾ ਮੰਤਰੀ ਅਤੇ ਮੌਜੂਦਾ ਵਿਧਾਇਕ ਅਨਮੋਲ ਗਗਨ ਮਾਨ ਨੂੰ ਵੀ ਪਾਰਟੀ ਨੇ ਟਿਕਟ ਨਹੀਂ ਦਿੱਤੀ।
World News TV — ਸਹੀ ਅਤੇ ਤਾਜ਼ਾ ਜਾਣਕਾਰੀ।
