ਦੁਨੀਆ ਭਰ ‘ਚ ਆਪਣੀ ਆਦਾਕਾਰੀ ਦਾ ਲੋਹਾ ਮਨਵਾਉਣ ਵਾਲੇ ਮਸ਼ਹੂਰ ਪੰਜਾਬੀ ਕਾਮੇਡੀਅਨ ਜਸਵਿੰਦਰ ਭੱਲਾ ਦਾ ਅੱਜ ਸਵੇਰੇ ਦੇਹਾਂਤ ਹੋ ਗਿਆ ਹੈ। ਉਹ ਪਿਛਲੇ ਸਮੇਂ ਤੋਂ ਬਿਮਾਰ ਚੱਲ ਰਹੇ ਸਨ। ਉਨ੍ਹਾਂ ਨੂੰ ਇਲਾਜ ਲਈ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਸੀ ,ਜਿੱਥੇ ਉਨ੍ਹਾਂ ਨੇ ਅੱਜ ਸਵੇਰੇ ਆਖਰੀ ਸਾਹ ਲਏ। ਉਹ 65 ਸਾਲ ਦੇ ਸਨ। ਸ਼ਨੀਵਾਰ ਨੂੰ 12 ਵਜੇ ਮੋਹਾਲੀ ਦੇ ਬਲੌਂਗੀ ਸ਼ਮਸ਼ਾਨਘਾਟ ਵਿਖੇ ਉਨ੍ਹਾਂ ਦਾ ਅੰਤਿਮ ਸਸਕਾਰ ਕੀਤਾ ਜਾਵੇਗਾ। ਉਨ੍ਹਾਂ ਦੇ ਅਚਾਨਕ ਚਲੇ ਜਾਣ ਨਾਲ ਮਨੋਰੰਜਨ, ਸਾਹਿਤ ਤੋਂ ਲੈ ਕੇ ਸਿਆਸੀ ਜਗਤ ਤੱਕ ਸੋਗ ਦੀ ਲਹਿਰ ਫੈਲ ਗਈ ਹੈ।
ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਦੁੱਖ ਦਾ ਪ੍ਰਗਟਾਵਾ
ਜਸਵਿੰਦਰ ਸਿੰਘ ਭੱਲਾ ਦੇ ਦੇਹਾਂਤ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਕੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਮੁੱਖ ਮੰਤਰੀ ਮਾਨ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ ” ਜਸਵਿੰਦਰ ਭੱਲਾ ਜੀ ਦੇ ਅਚਾਨਕ ਇਸ ਦੁਨੀਆਂ ਤੋਂ ਚਲੇ ਜਾਣਾ ਬੇਹੱਦ ਅਫ਼ਸੋਸਜਨਕ ਹੈ..ਛਣਕਾਟਿਆਂ ਦੀ ਛਣਕਾਰ ਬੰਦ ਹੋਣ ਤੇ ਮਨ ਉਦਾਸ ਹੈ..ਵਾਹਿਗੁਰੂ ਚਰਨਾਂ ਚ ਨਿਵਾਸ ਬਖਸ਼ਣ…ਚਾਚਾ ਚਤਰਾ ਹਮੇਸ਼ਾ ਸਾਡੇ ਦਿਲਾਂ ਚ ਵਸਦੇ ਰਹਿਣਗੇ..”
ਸੁਖਬੀਰ ਸਿੰਘ ਬਾਦਲ ਵੱਲੋਂ ਦੁੱਖ ਦਾ ਪ੍ਰਗਟਾਵਾ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜਸਵਿੰਦਰ ਸਿੰਘ ਭੱਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸੁਖਬੀਰ ਸਿੰਘ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ ” ਪੰਜਾਬ ਦੇ ਮਸ਼ਹੂਰ ਕਮੇਡੀਅਨ ਕਲਾਕਾਰ ਅਤੇ ਵਧੀਆ ਇਨਸਾਨ ਜਸਵਿੰਦਰ ਭੱਲਾ ਜੀ ਦੇ ਅਕਾਲ ਚਲਾਣਾ ਕਰ ਜਾਣ ਦੀ ਖ਼ਬਰ ਸੁਣ ਕੇ ਬਹੁਤ ਦੁੱਖ ਹੋਇਆ, ਉਹਨਾਂ ਨੇ ਆਪਣੀ ਵਧੀਆ ਕਲਾਕਾਰੀ ਨਾਲ ਪੰਜਾਬੀਆਂ ਦੇ ਦਿਲਾਂ ‘ਤੇ ਰਾਜ ਕੀਤਾ। ਇਸ ਭੱਜ ਦੌੜ ਦੀ ਜਿੰਦਗੀ ਵਿੱਚ ਲੋਕਾਂ ਦੇ ਚੇਹਰਿਆਂ ‘ਤੇ ਮੁਸਕਾਨ ਲਿਆਉਣ ਵਾਲੇ ਭੱਲਾ ਜੀ ਨੂੰ ਪੰਜਾਬੀ ਹਮੇਸ਼ਾਂ ਯਾਦ ਕਰਨਗੇ। ਗੁਰੂ ਸਾਹਿਬ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਉਹਨਾਂ ਦੇ ਕਰੋੜਾਂ ਪ੍ਰਸੰਸਕਾ ਨੂੰ ਇਹ ਭਾਣਾ ਮੰਨਣ ਦਾ ਬਲ ਬਖਸ਼ਣ।
ਰਵਨੀਤ ਸਿੰਘ ਬਿੱਟੂ ਵੱਲੋਂ ਦੁੱਖ ਦਾ ਪ੍ਰਗਟਾਵਾ
ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਜਸਵਿੰਦਰ ਸਿੰਘ ਭੱਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਵਨੀਤ ਸਿੰਘ ਬਿੱਟੂ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ ”ਪੰਜਾਬੀ ਸਿਨੇਮਾ ਦਾ ਚਮਕਦਾ ਤਾਰਾ ਡੁੱਬ ਗਿਆ…ਜਸਵਿੰਦਰ ਭੱਲਾ ਜੀ ਦੇ ਦਿਹਾਂਤ ਦੀ ਖ਼ਬਰ ਬੇਹੱਦ ਦੁਖਦਾਈ ਹੈ।ਉਹਨਾਂ ਦੇ ਚਾਚਾ ਛਣਕਾਟਾ ਵਰਗੇ ਕਿਰਦਾਰ ਹਮੇਸ਼ਾ ਲੋਕਾਂ ਦੇ ਦਿਲਾਂ ਵਿੱਚ ਜਿਉਂਦੇ ਰਹਿਣਗੇ। ਮੇਰੀ ਸ਼ਰਧਾਂਜਲੀ ਅਤੇ ਰੱਬ ਕੋਲ ਅਰਦਾਸ ਹੈ ਕਿ ਪਰਿਵਾਰ ਨੂੰ ਇਸ ਅਸਹਿਣੇ ਦੁੱਖ ਨੂੰ ਸਹਿਣ ਦੀ ਤਾਕਤ ਬਖ਼ਸ਼ੇ।
ਜਸਵਿੰਦਰ ਭੱਲਾ ਦੇ ਦਿਹਾਂਤ ‘ਤੇ ਹਰਸਿਮਰਤ ਕੌਰ ਬਾਦਲ ਵੱਲੋਂ ਦੁੱਖ ਦਾ ਪ੍ਰਗਟਾਵਾ
ਸਾਂਸਦ ਹਰਸਿਮਰਤ ਕੌਰ ਬਾਦਲ ਨੇ ਜਸਵਿੰਦਰ ਸਿੰਘ ਭੱਲਾ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸਾਂਸਦ ਹਰਸਿਮਰਤ ਕੌਰ ਬਾਦਲ ਨੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਲਿਖਿਆ ,ਪੰਜਾਬ ਦੇ ਮਸ਼ਹੂਰ ਕਲਾਕਾਰ ਜਸਵਿੰਦਰ ਭੱਲਾ ਜੀ ਦੇ ਦਿਹਾਂਤ ਦੀ ਖ਼ਬਰ ਸੁਣਕੇ ਬਹੁਤ ਦੁੱਖ ਹੋਇਆ। ਜਸਵਿੰਦਰ ਭੱਲਾ ਜੀ ਨੇ ਪੰਜਾਬੀ ਕਲਾਕਾਰੀ ਦੇ ਖੇਤਰ ‘ਚ ਲੰਬਾ ਸਮਾਂ ਕੰਮ ਕੀਤਾ ਤੇ ਉਹਨਾਂ ਦੀ ਕਲਾਕਾਰੀ ਬਾ ਕਮਾਲ ਸੀ। ਆਪਣੇ ਹਾਸਿਆ ਦੀ ਪਿਟਾਰੀ ਨਾਲ ਹਰ ਪੰਜਾਬ ਦੇ ਚਿਹਰੇ ‘ਤੇ ਮੁਸਕਾਨ ਲਿਆਉਣ ਵਾਲੇ ਭੱਲਾ ਜੀ ਹਮੇਸ਼ਾ ਸਾਡੇ ਚੇਤਿਆਂ ‘ਚ ਰਹਿਣਗੇ। ਵਾਹਿਗੁਰੂ ਵਿੱਛੜੀ ਰੂਹ ਨੂੰ ਆਪਣੇ ਚਰਨਾਂ ‘ਚ ਨਿਵਾਸ ਬਖਸ਼ਣ ਅਤੇ ਪਰਿਵਾਰ ਤੇ ਪ੍ਰਸ਼ੰਸਕਾ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।